September 24, 2026

Justice News

ਅਵਾਮ ਦੀ ਆਵਾਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ- ਗਿਆਨੀ ਕੁਲਦੀਪ ਸਿੰਘ ਗੜਗੱਜ

 

ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ,
( ਜਸਟਿਸ ਨਿਊਜ਼  )
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਤੋਂ ਪੰਥਕ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਬਾਬਾ ਜੋਗਾ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵੀਚਾਰ ਕਰਦਿਆਂ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ। ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਵੱਲੋਂ ‘ਬਾਬਾ ਵਸੇ ਗ੍ਰਾਮ ਬਕਾਲੇ’ ਦਾ ਬਚਨ ਅਤੇ ਇਸ ਤੋਂ ਬਾਅਦ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਵੱਲੋਂ ਸੱਚੇ ਗੁਰੂ ਦੀ ਪਛਾਣ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਨੌਵੇਂ ਪਾਤਸ਼ਾਹ ਵਜੋਂ ਪ੍ਰਗਟ ਕਰਨਾ ਇਸ ਅਸਥਾਨ ਦੀ ਮਹਾਨ ਇਤਿਹਾਸਕ ਮਹੱਤਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਦੀਵੀ ਗੁਰੂ ਥਾਪ ਕੇ ਕੌਮ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ। ਇਸ ਲਈ ਸਾਡੀ ਆਸਥਾ, ਅਗਵਾਈ ਅਤੇ ਜੀਵਨ ਦਾ ਆਧਾਰ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਗੁਰਮਤਿ ਸਿਧਾਂਤ ਹਨ।
ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸੰਦੇਸ਼ ਵੀ ਇਹੀ ਹੈ ਕਿ ਪੰਥ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਮਰਪਿਤ ਹੋ ਕੇ ਇਕਜੁੱਟ ਰਹੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਇਤਿਹਾਸ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਨੂੰ ਇਹ ਪ੍ਰੇਰਨਾ ਦਿੰਦੀਆਂ ਹਨ ਕਿ ਗੁਰੂ ਪ੍ਰਤੀ ਨਿਸ਼ਚਾ ਅਤੇ ਸਿਦਕ ਕਦੇ ਕਮਜ਼ੋਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਸਾਡੀ ਸਭ ਤੋਂ ਵੱਡੀ ਚਿੰਤਾ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਨੌਜਵਾਨ ਸਾਡੀ ਕੌਮ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੁਰਬਾਣੀ, ਗੁਰਮਤਿ, ਸੇਵਾ ਅਤੇ ਸਿੱਖੀ ਜੀਵਨ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਜ਼ਰੂਰੀ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਨਾਲ ਜੋੜਨ, ਸੰਗਤ ਅਤੇ ਸੇਵਾ ਦੀ ਜੀਵਨ-ਜਾਚ ਦੇਣ ਅਤੇ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਨ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਦੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਮਹੱਤਵਪੂਰਨ ਹਨ। ਇਨ੍ਹਾਂ ਨੂੰ ਕਮਜ਼ੋਰ ਕਰਨ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹੋਈਏ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਦੀ ਭਾਵਨਾ ਰੱਖਦੇ ਹਨ, ਸੰਗਤ ਨੂੰ ਅਜਿਹੀ ਬਿਰਤੀ ਵਾਲਿਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੂਲ ਸੰਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ, ਗੁਰਮਤਿ ਨਾਲ ਜੁੜਨ, ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਹੈ।ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਿਭਾਈ। ਖ਼ਾਲਸਾ ਮਾਰਚ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ। ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਵੱਖ ਵੱਖ ਪਕਵਾਨ ਦੇ ਲੰਗਰ ਵੀ ਲਗਾਏ ਗਏ ਸਨ।
ਖਾਲਸਾ ਮਾਰਚ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਖਾਲਸਾ ਮਾਰਚ ਨਾਲ ਮੌਜੂਦ ਗੁਰੂ ਸਾਹਿਬਾਨ ਦੇ ਸ਼ਸਤਰਾਂ ਦੇ ਦਰਸ਼ਨਾਂ ਲਈ ਵੀ ਸੰਗਤ ਅੰਦਰ ਵੱਡਾ ਉਤਸ਼ਾਹ ਸੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਸ. ਬਲਜੀਤ ਸਿੰਘ ਜਲਾਲਉਸਮਾ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜਰ ਸਿੰਘ, ਇੰਚਾਰਜ ਸ. ਮਨਦੀਪ ਸਿੰਘ, ਮੈਨੇਜਰ ਸ. ਨਿਸ਼ਾਨ ਸਿੰਘ ਜ਼ਫਰਵਾਲ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਸ਼ੇਰ ਸਿੰਘ, ਬਾਬਾ ਬਲਕਾਰ ਸਿੰਘ, ਸ. ਸਵਿੰਦਰ ਸਿੰਘ ਬੁਤਾਲਾ, ਬਾਬਾ ਹਰਜਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਭੁਪਿੰਦਰ ਸਿੰਘ ਬੁੱਟਰ, ਸ. ਮੋਹਨਦੀਪ ਸਿੰਘ, ਪ੍ਰਚਾਰਕ ਭਾਈ ਜੱਜ ਸਿੰਘ, ਭਾਈ ਹਰਪ੍ਰੀਤ ਸਿੰਘ ਵਡਾਲਾ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.