September 24, 2026

Justice News

ਅਵਾਮ ਦੀ ਆਵਾਜ਼

ਪ੍ਰਸ਼ਾਸ਼ਨ ਨੇ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਖਿੱਚੀ ਤਿਆਰੀ*

ਲੁਧਿਆਣਾ
( ਜਸਟਿਸ ਨਿਊਜ਼  )
ਆਗਾਮੀ ਖਰੀਫ ਸੀਜਨ 2026-27 ਦੌਰਾਨ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੀ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀ ਖਿੱਚ ਲਈ ਹੈ ਜਿਸਦੇ ਤਹਿਤ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਮ ਸਿੰਘ ਗਿੱਲ ਆਡੀਟੋਰੀਅਮ ਵਿਖੇ ਰੱਖੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਖਰੀਫ ਸੀਜ਼ਨ ਲਈ ਝੋਨੇ ਦੀ ਖਰੀਦ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸਿਖ਼ਾ ਭਗਤ ਨੇ ਦੱਸਿਆ ਕਿ ਲੁਧਿਆਣਾ ਵਿੱਚ ਤਕਰੀਬਨ 2.57 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਲਗਭਗ 17.25 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 13.11 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 109 ਨਿਯਮਤ ਅਨਾਜ ਮੰਡੀਆਂ ਵਿੱਚ ਸਾਰੇ ਪੁੱਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਸਪੱਸ਼ਟ ਤੌਰ ‘ਤੇ ਕਿਹਾ ਕਿ ਇੱਕ ਪਾਸੇ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਕਰਨ ਵਿੱਚ ਸੁਵਿਧਾ ਪ੍ਰਦਾਨ ਕਰਨ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਉਨ੍ਹਾਂ ਦੀ ਉਪਜ ਵੇਚਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮਜ਼) ਆਪਣੇ ਅਧਿਕਾਰ ਖੇਤਰ ਅਧੀਨ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਲਈ ਜਵਾਬਦੇਹ ਹੋਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਤਾਂ ਜੋ ਉਤਪਾਦਨ ਨੂੰ ਮੀਂਹ ਤੋਂ ਬਚਾਇਆ ਜਾ ਸਕੇ ਅਤੇ ਢੁੱਕਵੀ ਸਫਾਈ ਸਹੂਲਤ ਹੋਵੇ। ਇਸੇ ਤਰ੍ਹਾਂ, ਹਰੇਕ ਖਰੀਦ ਕੇਂਦਰ ਵਿੱਚ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੋਰਟੇਬਲ ਵਾਟਰ ਸਪਲਾਈ ਅਤੇ ਉਪਕਰਣਾਂ ਦੀ ਲੋੜੀਂਦੀ ਵਿਵਸਥਾ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਵਧੀਕ ਡਿਪਟੀ ਕਮਿਸ਼ਨਰ ਸਿਖਾ ਭਗਤ ਨੇ ਕਿਸਾਨ ਭਰਾਵਾਂ ਵਿਸ਼ੇਸ਼ ਤੌਰ ’ਤੇ ਅਪੀਲੀ ਕਰਦਿਆਂ ਕਿਹਾ ਕਿ 17 ਫ਼ੀਸਦ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਅਨਾਜ ਮੰਡੀਆਂ ਵਿੱਚ ਲਿਆਉਣ ਤਾਂ ਜੋ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਇਸ ਮੌਕੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈ ਅਤੇ ਕੰਟਰੋਲਰ (ਡੀ.ਐਫ.ਐਸ.ਸੀ.) ਪੱਛਮੀ ਸਰਤਾਜ ਸਿੰਘ ਚੀਮਾ, ਡੀ.ਐਫ.ਐਸ.ਸੀ. ਪੂਰਬੀ ਲਖਵੀਰ ਸਿੰਘ, ਡੀ.ਐਮ. ਮਾਰਕਫੈੱਡ ਸੁਧੀਰ, ਡੀ.ਐਮ. ਪਨਸਪ ਮੋਨਿਕਾ ਗੋਇਲ, ਡੀ.ਐਮ. ਪੀ.ਐਸ.ਡਬਲਿਊ.ਸੀ. ਸੁਖਵਿੰਦਰ ਸਿੰਘ, ਡੀ.ਐਮ.ਓ. ਗੁਰਮਤਿਪਾਲ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਹੋਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.