ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਅੱਗ ਵਿੱਚ ਝੋਂਕਣ ਵਾਲੀ ‘ਆਪ’ ਸਰਕਾਰ ਨੂੰ ਪੰਜਾਬੀ ਕਦੇ ਮੁਆਫ਼ ਨਹੀਂ ਕਰਨਗੇ: ਭਜਨ ਲਾਲ ਸ਼ਰਮਾ
Oplus_131072
ਮਮਦੋਦ/ਫਿਰੋਜ਼ਪੁਰ ਦਿਹਾਤੀ,
( ਜਸਟਿਸ ਨਿਊਜ਼ )
ਪੰਜਾਬ ਭਾਜਪਾ ਵਲੋਂ ਪ੍ਰਧਾਨ ਕੇਵਲ ਸਿੰਘ ਦਢਿਲੋਂ ਦੀ ਅਗਵਾਈ ’ਚ ਕਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਮਮਦੋਦ ਪਹੁੰਚੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੇ ਸ੍ਰੀ ਗੁਰਦੁਆਰਾ ਜਾਮਨੀ ਸਾਹਿਬ ਅਤੇ ਸਾਰਾਗੜ੍ਹੀ ਮੈਮੋਰੀਅਲ ’ਤੇ ਸ਼ਹੀਦਾਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਮਮਦੋਦ ਦੀ ਧਰਤੀ ਨੇ ਹਮੇਸ਼ਾ ਇਤਿਹਾਸ ਰਚਿਆ ਹੈ। ਇਹ ਉਹ ਧਰਤੀ ਹੈ ਜਿਸ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਸੂਰਬੀਰਾਂ ਨੂੰ ਜਨਮ ਦਿੱਤਾ ਅਤੇ ਸਾਰਾਗੜ੍ਹੀ ਦੇ ਸ਼ਹੀਦਾਂ ਨੇ ਵੀ ਬੇਮਿਸਾਲ ਬਹਾਦਰੀ ਦੀ ਮਿਸਾਲ ਕਾਇਮ ਕੀਤੀ। ਇਹ ਧਰਤੀ ਸਾਨੂੰ ਸਿਖਾਉਂਦੀ ਹੈ ਕਿ ਪੰਜਾਬੀ ਹਿੰਮਤ, ਤਿਆਗ ਅਤੇ ਦੇਸ਼ਭਗਤੀ ਨਾਲ ਵੱਡੀ ਤੋਂ ਵੱਡੀ ਚੁਣੌਤੀ ਦਾ ਸਾਹਮਣਾ ਕਰ ਸਕਦੇ ਹਨ।
ਸ੍ਰੀ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਨਸ਼ਾ ਮੁਕਤ ਭਾਰਤ ਅਤੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਦਾ ਸੁਨੇਹਾ ਲੈ ਕੇ ਪੰਜਾਬ ਆਏ ਹਨ। ਇਹ ਲੜਾਈ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਦੀ ਲੜਾਈ ਹੈ। ਪੰਜਾਬ ਕਦੇ ਆਪਣੇ ਸੂਰਬੀਰਾਂ, ਕਿਸਾਨਾਂ, ਖਿਡਾਰੀਆਂ, ਕਬੱਡੀ ਅਤੇ ਮਿਹਨਤੀ ਨੌਜਵਾਨਾਂ ਕਰਕੇ ਪੂਰੇ ਦੇਸ਼ ਲਈ ਮਾਣ ਦਾ ਕੇਂਦਰ ਹੁੰਦਾ ਸੀ, ਪਰ ਅੱਜ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਦੇ ਘਰ-ਘਰ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ ਖਾਂਦਾ, ਇਹ ਪੂਰੇ ਪਰਿਵਾਰ, ਪਿੰਡ, ਸਮਾਜ ਅਤੇ ਆਖ਼ਰਕਾਰ ਦੇਸ਼ ਨੂੰ ਅੰਦਰੋਂ ਖੋਖਲਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਨਸ਼ਿਆਂ ਵਿਰੁੱਧ ਤੈਅ ਕੀਤੇ ਰੋਡਮੈਪ ਤਹਿਤ ਪੰਜਾਬ ਵਿੱਚ ਨਸ਼ੇ ਦੇ ਸਰੋਤਾਂ ਅਤੇ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਨਿਸ਼ਾਨਾ ਬਣਾਉਣਾ ਹੋਵੇਗਾ। ਸਿਰਫ਼ ਨਸ਼ਾ ਕਰਨ ਵਾਲੇ ਨੌਜਵਾਨ ਨੂੰ ਫੜਨਾ ਹੱਲ ਨਹੀਂ ਹੈ; ਨਸ਼ੇ ਦੇ ਸੌਦਾਗਰਾਂ, ਤਸਕਰਾਂ, ਮੁੱਖ ਸਰਗਨਿਆਂ ਅਤੇ ਉਨ੍ਹਾਂ ਦੇ ਪਿੱਛੇ ਕੰਮ ਕਰ ਰਹੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨਾ ਅਤੇ ਸਪਲਾਈ ਚੇਨ ਤੋੜਨਾ ਸਭ ਤੋਂ ਵੱਡੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਇਸ ਦੇ ਨਾਲ ਨਸ਼ੇ ਦੀ ਲਤ ਵਿੱਚ ਫਸੇ ਲੋਕਾਂ ਦਾ ਇਲਾਜ ਅਤੇ ਮੁੜ ਵਸੇਬਾ ਵੀ ਲਾਜ਼ਮੀ ਹੈ।
ਸ੍ਰੀ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ ਲਿਆ ਹੈ। ਇਹ ਸੰਕਲਪ ਉਸ ਸਮੇਂ ਹੀ ਸਫ਼ਲ ਹੋ ਸਕਦਾ ਹੈ ਜਦੋਂ ਦੇਸ਼ ਦੀ ਯੁਵਾ ਸ਼ਕਤੀ ਨਸ਼ਾ ਮੁਕਤ, ਸਿਹਤਮੰਦ, ਅਨੁਸ਼ਾਸਿਤ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਹੋਵੇ। ਇਸ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣਾ ਸਿਰਫ਼ ਪੰਜਾਬ ਦਾ ਨਹੀਂ, ਪੂਰੇ ਦੇਸ਼ ਦੇ ਭਵਿੱਖ ਦਾ ਸਵਾਲ ਹੈ।
‘ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ’ ਦੀ ਗਾਰੰਟੀ ਕਿੱਥੇ ਗਈ?
‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਸ੍ਰੀ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਆਪਣੇ ਹੀ ਵਾਅਦਿਆਂ ਤੋਂ ਪਿੱਛੇ ਹਟਦੀ ਨਜ਼ਰ ਆ ਰਹੀ ਹੈ। ਵਾਅਦੇ, ਐਲਾਨ ਅਤੇ ਸਮਾਂ-ਸੀਮਾਵਾਂ ਲਗਾਤਾਰ ਬਦਲਦੀਆਂ ਰਹੀਆਂ, ਪਰ ਪੰਜਾਬ ਦੇ ਲੋਕਾਂ ਦਾ ਦਰਦ ਖ਼ਤਮ ਨਹੀਂ ਹੋਇਆ। ਇਹ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਗੰਭੀਰ ਮਜ਼ਾਕ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਵਰਗੇ ਗੰਭੀਰ ਮੁੱਦੇ ਨੂੰ ਸਿਰਫ਼ ਬਿਆਨਾਂ, ਐਲਾਨਾਂ ਅਤੇ ਅੰਕੜਿਆਂ ਨਾਲ ਹੱਲ ਨਹੀਂ ਕੀਤਾ ਜਾ ਸਕਦਾ। ਇਸ ਲਈ ਸਿਆਸੀ ਇੱਛਾ-ਸ਼ਕਤੀ, ਸਖ਼ਤ ਕਾਰਵਾਈ ਅਤੇ ਜਵਾਬਦੇਹੀ ਦੀ ਲੋੜ ਹੈ। ਪੰਜਾਬ ਅਤੇ ਪੰਜਾਬ ਪੁਲਿਸ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਅਦਾਲਤਾਂ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਵੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਤੋਂ ਹਰ ਪਰਿਵਾਰ ਚਿੰਤਤ ਹੈ। ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਡਰੇ ਹੋਏ ਹਨ ਅਤੇ ਭੈਣ-ਭਰਾ ਆਪਣੇ ਪਰਿਵਾਰਾਂ ਨੂੰ ਨਸ਼ੇ ਦੀ ਮਾਰ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਨਸ਼ੇ ਨਾਲ ਜੁੜੀਆਂ ਮੌਤਾਂ ਅਤੇ ਓਵਰਡੋਜ਼ ਦੀਆਂ ਘਟਨਾਵਾਂ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਇਸ ਸਥਿਤੀ ਨੂੰ ਸਿਰਫ਼ ਸਰਕਾਰੀ ਅੰਕੜਿਆਂ ਨਾਲ ਨਹੀਂ, ਸਗੋਂ ਪੰਜਾਬ ਦੇ ਘਰਾਂ ਵਿੱਚ ਵੱਸ ਰਹੇ ਦਰਦ ਨਾਲ ਸਮਝਣ ਦੀ ਲੋੜ ਹੈ।
‘ਆਪ’ ਸਰਕਾਰ ਦੀ ਨਾਕਾਮੀ ਵਿਰੁੱਧ ਇਹ ਪੰਜਾਬ ਨੂੰ ਬਚਾਉਣ ਦੀ ਲੜਾਈ ਹੈ
ਸ੍ਰੀ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹਿੰਦੀ ਹੈ ਤਾਂ ਸਮਾਜ ਨੂੰ ਵੀ ਚੁੱਪ ਨਹੀਂ ਬੈਠਣਾ ਚਾਹੀਦਾ। ਨਸ਼ਾ ਮੁਕਤ ਪੰਜਾਬ ਲਈ ਹਰ ਪਰਿਵਾਰ, ਪਿੰਡ ਅਤੇ ਨੌਜਵਾਨ ਨੂੰ ਇਕਜੁੱਟ ਹੋਣਾ ਪਵੇਗਾ। ਇਹ ਕਿਸੇ ਇੱਕ ਪਾਰਟੀ ਦੀ ਲੜਾਈ ਨਹੀਂ, ਪੰਜਾਬ ਦੀ ਅਗਲੀ ਪੀੜ੍ਹੀ ਨੂੰ ਬਚਾਉਣ ਦਾ ਅੰਦੋਲਨ ਹੈ।
ਉਨ੍ਹਾਂ ਦੋਸ਼ ਲਾਇਆ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਿਆ ਜਾ ਰਿਹਾ ਹੈ, ਉਸ ਤੋਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਨੌਜਵਾਨਾਂ ਤੱਕ ਨਸ਼ਾ ਪਹੁੰਚਾਉਣ ਵਾਲੇ ਤੰਤਰ ਨੂੰ ਤੋੜਨ ਲਈ ਜ਼ਮੀਨੀ ਪੱਧਰ ’ਤੇ ਕੀ ਠੋਸ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨਸ਼ਾ ਤਸਕਰਾਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਤੇ ਨਸ਼ੇ ਦੇ ਪੂਰੇ ਨੈੱਟਵਰਕ ਨੂੰ ਤੋੜਨ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਦੇਸ਼ ਪੱਧਰੀ ਯਤਨ ਕੀਤੇ ਜਾ ਰਹੇ ਹਨ। ਪੰਜਾਬ ਨੂੰ ਵੀ ਇਸ ਲੜਾਈ ਵਿੱਚ ਮਜ਼ਬੂਤੀ ਨਾਲ ਅੱਗੇ ਆਉਣਾ ਪਵੇਗਾ।
ਅੰਤ ਵਿੱਚ ਸ੍ਰੀ ਭਜਨ ਲਾਲ ਸ਼ਰਮਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਲੈ ਕੇ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਣ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਅਤੇ ਨਸ਼ਾ ਤਸਕਰਾਂ ਵਿਰੁੱਧ ਸਮਾਜਿਕ ਤੌਰ ’ਤੇ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦੀ ਆਣ, ਸ਼ਾਨ ਅਤੇ ਮਾਣ ਬਣਾਉਣ ਲਈ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਬਚਾਉਣਾ ਸਭ ਤੋਂ ਪਹਿਲੀ ਲੋੜ ਹੈ।
ਨਸ਼ੇ ਦਾ ਇੱਕ ਨਸ਼ੇੜੀ ਸਿਰਫ਼ ਆਪਣੀ ਨਹੀਂ, ਕਈ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਸਕਦਾ ਹੈ: ਸਤਨਾਮ ਸਿੰਘ ਸੰਧੂ
ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਨਸ਼ੇ ਦਾ ਖ਼ਤਰਾ ਬਹੁਤ ਗੰਭੀਰ ਹੈ। ਜੇਕਰ ਨਸ਼ੇ ਦੀ ਇੱਕ ਖੁਰਾਕ ਇੱਕ ਨੌਜਵਾਨ ਦੀ ਜਾਨ ਲੈ ਸਕਦੀ ਹੈ, ਤਾਂ ਸੋਚਿਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਨਸ਼ੇ ਦੀ ਵਧਦੀ ਪਹੁੰਚ ਕਾਰਨ ਕਿੰਨਾ ਵੱਡਾ ਨੁਕਸਾਨ ਹੋ ਸਕਦਾ ਹੈ। ਇਹ ਸਿਰਫ਼ ਇੱਕ ਵਿਅਕਤੀ ਜਾਂ ਇੱਕ ਪਰਿਵਾਰ ਦੀ ਸਮੱਸਿਆ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਮੁੱਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤੰਤਰ ਦੀਆਂ ਜੜ੍ਹਾਂ ’ਤੇ ਵਾਰ ਕਰਨ ਲਈ ਸਪਲਾਈ ਚੇਨ, ਤਸਕਰਾਂ, ਫਾਈਨਾਂਸਰਾਂ ਅਤੇ ਨਸ਼ਾ ਨੌਜਵਾਨਾਂ ਤੱਕ ਪਹੁੰਚਾਉਣ ਵਾਲੇ ਪੂਰੇ ਨੈੱਟਵਰਕ ਨੂੰ ਤੋੜਨਾ ਜ਼ਰੂਰੀ ਹੈ। ਪੰਜਾਬ ਦੀ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਵੱਲੋਂ ਕੀਤੇ ਵਾਅਦਿਆਂ ਅਤੇ ਸਰਕਾਰ ਵੱਲੋਂ ਕੀਤੇ ਦਾਅਵਿਆਂ ਦੇ ਬਾਵਜੂਦ ਜੇਕਰ ਨਸ਼ਾ ਨੌਜਵਾਨਾਂ ਤੱਕ ਪਹੁੰਚ ਰਿਹਾ ਹੈ ਤਾਂ ਇਸ ’ਤੇ ਗੰਭੀਰਤਾ ਨਾਲ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।
ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਯਾਤਰਾ ਕੋਆਰਡੀਨੇਟਰ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣਾ ਸਿਰਫ਼ ਸਿਆਸੀ ਨਾਅਰਾ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ। ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਸਰਕਾਰ ਨੂੰ ਨਸ਼ੇ ਦੇ ਖ਼ਿਲਾਫ਼ ਸਖ਼ਤ, ਲਗਾਤਾਰ ਅਤੇ ਨਤੀਜਾ-ਅਧਾਰਿਤ ਕਾਰਵਾਈ ਕਰਨੀ ਹੋਵੇਗੀ।
ਇਸ ਮੌਕੇ ਵਿਜੈ ਸ਼ਰਮਾ, ਸੂਰਜ ਭਾਦਵਾਜ, ਸਰਬਜੀਤ ਸਿੰਘ ਬੌਬੀ ਬਾਠ, ਸੁਰਿੰਦਰ ਸਿੰਘ, ਮਨਜੀਤ ਸਿੰਘ ਰਾਏ ਨੇ ਵੀ ਸੰਬੋਧਲ ਕੀਤਾ।