September 28, 2026

Justice News

ਅਵਾਮ ਦੀ ਆਵਾਜ਼

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਫਗਵਾੜਾ

(ਸ਼ਿਵ ਕੌੜਾ)

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਅੱਜ ਸਥਾਨਕ ਜੀ.ਐਨ.ਏ ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ, ਜਿੱਥੇ ਸੰਤਾਂ, ਰਾਜਨੀਤਿਕ ਸ਼ਖਸੀਅਤਾਂ ਅਤੇ ਮਾਹਿਰ ਬੁਲਾਰਿਆਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਗੁਰੂ ਜੀ ਵੱਲੋਂ ਚਿਤਵੇ ਸਮਾਜਿਕ ਬਰਾਬਰੀ ਦੇ ਸੰਕਲਪ ਭਾਵ ਬੇਗਮਪੁਰਾ ਨੂੰ ਲਾਗੂ ਕਰਨ ਲਈ ਸਾਂਝੇ ਯਤਨ ਕਰਨ ਦੀ ਵੀ ਅਪੀਲ ਕੀਤੀ। ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਦੇ ਮੁਖੀ ਸੰਤ ਨਿਰਮਲ ਦਾਸ, ਸ੍ਰੀ ਵਿਨੈ ਮੁਨੀ ਜੀ (ਜੰਮੂ), ਕੈਬਨਿਟ ਮੰਤਰੀ ਮਹਿੰਦਰ ਭਗਤ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਦੇ ਜਨਰਲ ਸਕੱਤਰ ਆਰਕੀਟੈਕਟ ਸੰਤੋਸ਼ ਕੁਮਾਰੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ ਜੀ.ਐਨ.ਏ ਯੂਨੀਵਰਸਿਟੀ ਦੇ ਚਾਂਸਲਰ ਗੁਰਦੀਪ ਸਿੰਘ, ਵਾਈਸ ਚਾਂਸਲਰ ਪ੍ਰੋ. (ਡਾ.) ਹੇਮੰਤ ਸ਼ਰਮਾ, ਰਜਿਸਟਰਾਰ ਕੁਨਾਲ ਬੈਂਸ, ਡੀਨ ਸਕੂਲ ਆਫ਼ ਇੰਜਨੀਅਰਿੰਗ ਡਾ. ਵਿਕਰਾਂਤ ਅਤੇ ਡੀਨ ਸਕੂਲ ਆਫ਼ ਬਿਜ਼ਨਸ ਡਾ.ਸਮੀਰ ਵਰਮਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਨੇ ਵਿਦਿਆਰਥੀਆਂ ਨੂੰ ਮਿੱਥੇ ਟੀਚਿਆਂ ਦੀ ਪ੍ਰਾਪਤੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸਿੱਖਿਆ ਦੀ ਮਹੱਤਤਾ ਨੂੰ ਸਮਝਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਵੀ ਅਧਿਆਤਮਿਕਤਾ ਅਤੇ ਸਿਆਣਪ ਪੱਖੋਂ ਜੀਵਨ ਨੂੰ ਨਰੋਆ ਬਣਾਉਣ ਲਈ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਜੀ ਵੱਲੋਂ ਦਿੱਤੇ ਬੇਗਮਪੁਰੇ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਸਿਰਫ਼ ਸਿੱਖਿਆ ਹੀ ਸਹਾਈ ਹੋ ਸਕਦੀ ਹੈ। ਉਨ੍ਹਾਂ ਨੇ ਸੈਮੀਨਾਰਾਂ ਦੇ ਇਸ ਉਪਰਾਲੇ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦਾ ਧੰਨਵਾਦ ਕੀਤਾ,ਜੋ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜੀ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਜੀਵਨ ਵਿੱਚ ਅਧਿਆਤਮਿਕਤਾ ਅਤੇ ਹੋਰ ਖੇਤਰਾਂ ਵਿੱਚ ਤਰੱਕੀ ਦਾ ਮੂਲ ਸਿੱਖਿਆ ਹੈ,ਇਸ ਲਈ ਸਿੱਖਿਆ ਨੂੰ ਸਭ ਤੋਂ ਵੱਧ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਸ੍ਰੀ ਵਿਨੈ ਮੁਨੀ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣਾ ਸਾਰਾ ਜੀਵਨ ਸਮਾਜਿਕ ਬਰਾਬਰੀ, ਭੇਦਭਾਵ ਦੇ ਖਾਤਮੇ ਅਤੇ ਸਮਾਜਿਕ ਨਿਆਂ ਲਈ ਸਮਰਪਿਤ ਕੀਤਾ,ਜੋ ਕਿ ਮੌਜੂਦਾ ਸਮੇਂ ਵਿੱਚ ਇੱਕ ਬਹੁਤ ਹੀ ਸਾਰਥਕ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਾਪਤ ਕਰਕੇ ਇਨ੍ਹਾਂ ਸਮਾਜਿਕ ਬੁਰਾਈਆਂ ਨੂੰ ਯਕੀਨੀ ਤੌਰ ‘ਤੇ ਖਤਮ ਕੀਤਾ ਜਾ ਸਕਦਾ ਹੈ। ਨਾਰੀ ਸ਼ਕਤੀ ਸੰਸਥਾਪਕ ਭਾਰਤ ਦੀ ਚੇਅਰਪਰਸਨ ਸੰਤੋਸ਼ ਕੁਮਾਰੀ ਨੇ ਕਿਹਾ ਕਿ 650 ਸਾਲ ਪਹਿਲਾਂ ਸ੍ਰੀ ਗੁਰੂ ਰਵਿਦਾਸ ਜੀ ਨੇ ਏਕਤਾ ਅਤੇ ਭਾਈਚਾਰੇ ਦਾ ਜੋ ਸੰਦੇਸ਼ ਦਿੱਤਾ ਸੀ, ਉਹ ਅੱਜ ਵੀ ਪ੍ਰਸੰਗਿਕ ਹੈ ਅਤੇ ਸਾਨੂੰ ਸਾਰਿਆਂ ਨੂੰ ਉਸੇ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਉਲੀਕਣ ਲਈ ਪੰਜਾਬ ਸਰਕਾਰ ਦੇ ਯਤਨ ਬਹੁਤ ਸ਼ਲਾਘਾਯੋਗ ਹਨ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੈਮੀਨਾਰਾਂ ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਮੈਰਾਥਨ ਅਤੇ ਹੋਰ ਉਪਰਾਲਿਆਂ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਨੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 13000 ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਦਿਖਾਏ ਜਾ ਰਹੇ ਹਨ ਤਾਂ ਜੋ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਜ਼ਮੀਨੀ ਪੱਧਰ ‘ਤੇ ਪ੍ਰਚਾਰ ਕੀਤਾ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਫਲਸਫੇ ਅਤੇ ਸਿੱਖਿਆਵਾਂ ਦੀ ਸਮਕਾਲੀ ਸਮੇਂ ਵਿੱਚ ਮਹੱਤਤਾ ਨੂੰ ਸਮਝਦਿਆਂ, ਉਨ੍ਹਾਂ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਵੀ ਦਿੱਤਾ। ਆਪਣੇ ਸੰਬੋਧਨ ਵਿੱਚ ਸੰਸਦ ਮੈਂਬਰ ਡਾ: ਚੱਬੇਵਾਲ ਨੇ ਕਿਹਾ ਕਿ ਇਹ ਸੈਮੀਨਾਰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਅਧਾਰਿਤ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੱਤ ਹਜ਼ਾਰ ਤੋਂ ਵੱਧ ਵਿਦਿਆਰਥੀ ਇਨ੍ਹਾਂ ਸੈਮੀਨਾਰਾਂ ਵਿੱਚ ਹਿੱਸਾ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਸ ਪੂਰੇ ਪ੍ਰੋਜੈਕਟ ‘ਤੇ 24.55 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਖੁਰਾਲਗੜ੍ਹ ਵਿਖੇ 147 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਰਵਿਦਾਸ ਮੈਮੋਰੀਅਲ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਭਲਕੇ ਤੋਂ ਇੱਕ ਡਰੋਨ ਸ਼ੋਅ ਵੀ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਕਿ ਆਪਣੇ ਆਪ ਵਿੱਚ ਦੇਖਣਯੋਗ ਹੋਵੇਗਾ। ਉਨ੍ਹਾਂ ਸਿੱਖਿਆ ਦੇ ਵੱਧ ਤੋਂ ਵੱਧ ਪਸਾਰ ਦਾ ਸੱਦਾ ਦਿੱਤਾ ਤਾਂ ਜੋ ਸਮਾਜ ਵਿੱਚ ਸਾਰੇ ਆਪਸੀ ਸਮਝ ਅਤੇ ਏਕਤਾ ਨਾਲ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣਾ ਸਾਰਾ ਜੀਵਨ ਸਮਾਜਿਕ ਅਸਮਾਨਤਾ ਵਿਰੁੱਧ ਲੜਦਿਆਂ ਬਤੀਤ ਕੀਤਾ ਅਤੇ ਮੌਜੂਦਾ ਸਮੇਂ ਵਿੱਚ ਸਮਾਜ ਵਿੱਚ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਿੱਖਿਆ ਸਭ ਤੋਂ ਵਧੀਆ ਸਾਧਨ ਹੈ।
ਇਸ ਦੌਰਾਨ ਰਜਿਸਟਰਾਰ ਕੁਨਾਲ ਬੈਂਸ ਨੇ ਪਤਵੰਤਿਆਂ ਦਾ ਧੰਨਵਾਦ ਕੀਤਾ ਜਦਕਿ ਗੁਰਜੀਤ ਕੌਰ ਨੇ ਉਨ੍ਹਾਂ ਦਾ ਸਵਾਗਤ ਕੀਤਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.