ਸਿਹਤਮੰਦ ਮਾਂ ਤੋਂ ਸਿਹਤਮੰਦ ਪੀੜ੍ਹੀ ਤੱਕ—ਮਮਤਾ ਦਿਵਸ ਮੌਕੇ ਸ਼ਿਮਲਾਪੁਰੀ ’ਚ ਮਾਵਾਂ ਨੂੰ ਦਿੱਤਾ ਸਿਹਤ ਸੰਭਾਲ ਦਾ ਸੰਦੇਸ਼ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੁਰੱਖਿਅਤ ਜਣੇਪੇ, ਟੀਕਾਕਰਨ ਅਤੇ ਸਰਕਾਰੀ ਸਿਹਤ ਸਹੂਲਤਾਂ ਬਾਰੇ ਕੀਤਾ ਜਾਗਰੂਕ
ਲੁਧਿਆਣਾ
( ਵਿਜੇ ਭਾਂਬਰੀ )
ਮਾਂ ਅਤੇ ਬੱਚੇ ਦੀ ਸਿਹਤ ਨੂੰ ਤਰਜੀਹ ਦਿੰਦਿਆਂ ਅੱਜ ਮਮਤਾ ਦਿਵਸ ਮੌਕੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਸ਼ਿਮਲਾਪੁਰੀ ਵਿਖੇ ਵਿਸ਼ੇਸ਼ ਸਿਹਤ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਮਾਸ ਮੀਡੀਆ ਟੀਮ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੁਰੱਖਿਅਤ ਜਣੇਪੇ, ਗਰਭ ਅਵਸਥਾ ਦੌਰਾਨ ਨਿਯਮਤ ਸਿਹਤ ਜਾਂਚ, ਮਾਂ ਅਤੇ ਬੱਚੇ ਦੇ ਸਮੇਂ ਸਿਰ ਟੀਕਾਕਰਨ, ਸੰਤੁਲਿਤ ਖੁਰਾਕ ਅਤੇ ਜਨਮ ਤੋਂ ਬਾਅਦ ਬੱਚੇ ਦੀ ਸਹੀ ਦੇਖਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਮਾਂ ਦੀ ਸਿਹਤ ਸਿੱਧੇ ਤੌਰ ’ਤੇ ਬੱਚੇ ਦੇ ਸਿਹਤਮੰਦ ਵਿਕਾਸ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਗਰਭਵਤੀ ਮਹਿਲਾ ਨੂੰ ਗਰਭ ਅਵਸਥਾ ਦੌਰਾਨ ਨਿਯਮਤ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜਣੇਪਾ ਯੋਗ ਸਿਹਤ ਮਾਹਿਰਾਂ ਦੀ ਨਿਗਰਾਨੀ ਹੇਠ ਸਿਹਤ ਸੰਸਥਾ ਵਿੱਚ ਕਰਵਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਸਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਮਿਲਦੀ ਹੈ। ਡਾ. ਕੌਰ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਮਹਿਲਾਵਾਂ ਅਤੇ ਨਵਜੰਮੇ ਬੱਚਿਆਂ ਲਈ ਕਈ ਮਹੱਤਵਪੂਰਨ ਸਿਹਤ ਸਹੂਲਤਾਂ ਮੁਫ਼ਤ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ ਕਿਸਮ ਦਾ ਜਣੇਪਾ ਮੁਫ਼ਤ ਕੀਤਾ ਜਾਂਦਾ ਹੈ, ਇਸ ਦੇ ਨਾਲ ਮੁਫ਼ਤ ਆਵਾਜਾਈ, ਮੁਫ਼ਤ ਖੁਰਾਕ, ਸਾਰੇ ਲੋੜੀਂਦੇ ਡਾਇਗਨੋਸਟਿਕ ਟੈਸਟ, ਸਕੈਨ ਅਤੇ ਲੋੜ ਪੈਣ ’ਤੇ ਮੁਫ਼ਤ ਖੂਨ (Blood Transfusion) ਦੀ ਸਹੂਲਤ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਤੱਕ ਦੇ ਲੜਕੇ ਅਤੇ ਲੜਕੀਆਂ ਦਾ ਇਲਾਜ ਮੁਫ਼ਤ, ਜਦਕਿ ਪੰਜ ਸਾਲ ਤੱਕ ਦੀਆਂ ਲੜਕੀਆਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮਾਂ ਜਾਂ ਬੱਚੇ ਦੀ ਸਿਹਤ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਮੇਂ ਸਿਰ ਟੀਕਾਕਰਨ ਬੱਚਿਆਂ ਨੂੰ ਕਈ ਗੰਭੀਰ ਅਤੇ ਰੋਕਥਾਮਯੋਗ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਕਾਰਡ ਨੂੰ ਸੰਭਾਲ ਕੇ ਰੱਖਣ ਅਤੇ ਸਿਹਤ ਵਿਭਾਗ ਵੱਲੋਂ ਨਿਰਧਾਰਤ ਟੀਕਾਕਰਨ ਸ਼ਡਿਊਲ ਅਨੁਸਾਰ ਸਾਰੇ ਟੀਕੇ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ। ਜਾਗਰੂਕਤਾ ਸੈਸ਼ਨ ਦੌਰਾਨ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਬੱਚੇ ਦੇ ਜਨਮ ਤੋਂ ਤੁਰੰਤ ਬਾਅਦ ਮਾਂ ਦਾ ਦੁੱਧ ਪਿਲਾਉਣ ਅਤੇ ਪਹਿਲੇ ਛੇ ਮਹੀਨਿਆਂ ਤੱਕ ਕੇਵਲ ਮਾਂ ਦਾ ਦੁੱਧ ਦੇਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਗਰਭ ਅਵਸਥਾ ਦੌਰਾਨ ਸੰਤੁਲਿਤ ਖੁਰਾਕ, ਨਿੱਜੀ ਸਫ਼ਾਈ, ਲੋੜੀਂਦੇ ਪੋਸ਼ਕ ਤੱਤਾਂ ਦੀ ਪੂਰਤੀ ਅਤੇ ਕਿਸੇ ਵੀ ਚਿੰਤਾਜਨਕ ਲੱਛਣ ਦੀ ਸੂਰਤ ਵਿੱਚ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ। ਡਿਪਟੀ ਮਾਸ ਮੀਡੀਆ ਅਫ਼ਸਰ ਰਾਜਿੰਦਰ ਸਿੰਘ ਨੇ ਕਿਹਾ ਕਿ ਮਮਤਾ ਦਿਵਸ ਮਾਂ ਅਤੇ ਬੱਚੇ ਦੀ ਸਿਹਤ ਸਬੰਧੀ ਸਹੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਮਾਸ ਮੀਡੀਆ ਟੀਮ ਵੱਲੋਂ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ, ਮਾਤਾ-ਬਾਲ ਸਿਹਤ ਅਤੇ ਟੀਕਾਕਰਨ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਮਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੀ ਸਿਹਤ ਨੂੰ ਪਹਿਲ ਦੇਣ ਅਤੇ ਸਿਹਤ ਵਿਭਾਗ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਅਤੇ ਗੀਤਾਂਸ਼ੂ ਅਗਰਵਾਲ ਵੀ ਮੌਜੂਦ ਰਹੇ। ਮਾਸ ਮੀਡੀਆ ਟੀਮ ਵੱਲੋਂ ਮਾਵਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੇ ਸਿਹਤ ਸਬੰਧੀ ਸਵਾਲਾਂ ਦਾ ਜਵਾਬ ਦਿੱਤਾ ਗਿਆ ਅਤੇ ਸੁਰੱਖਿਅਤ ਮਾਤਰਤਾ, ਬੱਚਿਆਂ ਦੇ ਟੀਕਾਕਰਨ, ਮਾਂ ਦੇ ਦੁੱਧ ਅਤੇ ਸਰਕਾਰੀ ਸਿਹਤ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ “ਸਿਹਤਮੰਦ ਮਾਂ ਤੋਂ ਹੀ ਸਿਹਤਮੰਦ ਪੀੜ੍ਹੀ ਦੀ ਨੀਂਹ ਰੱਖੀ ਜਾਂਦੀ ਹੈ”। ਇਸ ਲਈ ਹਰ ਗਰਭਵਤੀ ਮਹਿਲਾ ਆਪਣੀ ਸਿਹਤ ਜਾਂਚ ਸਮੇਂ ਸਿਰ ਕਰਵਾਏ, ਸੁਰੱਖਿਅਤ ਜਣੇਪੇ ਲਈ ਸਿਹਤ ਸੰਸਥਾ ਦੀ ਚੋਣ ਕਰੇ ਅਤੇ ਆਪਣੇ ਬੱਚੇ ਦਾ ਟੀਕਾਕਰਨ ਨਿਰਧਾਰਤ ਸਮੇਂ ਅਨੁਸਾਰ ਜ਼ਰੂਰ ਕਰਵਾਏ।