ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਖੰਨਾ ਪੁਲਿਸ ਜ਼ਿਲ੍ਹੇ ਅਧੀਨ ਵੱਖ-ਵੱਖ ਨਾਕਿਆਂ ਦੀ ਦੇਰ ਰਾਤ ਅਚਨਚੇਤ ਜਾਂਚ ਕੀਤੀ
ਖੰਨਾ, (ਲੁਧਿਆਣਾ)
🙁 ਜਸਟਿਸ ਨਿਊਜ਼)
ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਪੁਲਿਸ ਮੁਲਾਜ਼ਮਾਂ ਦੀ ਕਾਰਜਸ਼ੀਲ ਤਿਆਰੀ ਨੂੰ ਪਰਖਣ ਲਈ ਖੰਨਾ ਪੁਲਿਸ ਜ਼ਿਲ੍ਹੇ ਅਧੀਨ ਵੱਖ-ਵੱਖ ਨਾਕਿਆਂ ਦੀ ਦੇਰ ਰਾਤ ਅਚਨਚੇਤ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਡਿਊਟੀ ਸਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਨਿਰੀਖਣ ਦੌਰਾਨ ਐਸ.ਐਸ.ਪੀ. ਨੇ ਪੁਲਿਸ ਮੁਲਾਜ਼ਮਾਂ ਨੂੰ ਹਰ ਸਮੇਂ ਚੌਕਸ, ਸੁਚੇਤ ਅਤੇ ਕਿਸੇ ਵੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਨਾਕਿਆਂ ’ਤੇ ਸਖ਼ਤ ਨਿਗਰਾਨੀ ਰੱਖਣ ਦੇ ਨਾਲ-ਨਾਲ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਜਾਂਚ ਯਕੀਨੀ ਬਣਾਈ ਜਾਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਘਟਨਾ ਜਾਂ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ’ਤੇ ਤੁਰੰਤ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀਆਂ ਡਿਊਟੀਆਂ ਪੂਰੀ ਅਨੁਸ਼ਾਸਨ, ਪੇਸ਼ੇਵਰਾਨਾ ਢੰਗ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।
ਐਸ.ਐਸ.ਪੀ. ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਮੁੱਖ ਤਰਜੀਹ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ 24 ਘੰਟੇ ਚੌਕਸੀ ਅਤੇ ਸਰਗਰਮ ਪੁਲਿਸਿੰਗ ਜਾਰੀ ਰੱਖੀ ਜਾਵੇਗੀ। ਖੰਨਾ ਪੁਲਿਸ ਵੱਲੋਂ ਸ਼ਹਿਰ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।