ਮੋਗਾ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ,ਬੀਤੀ ਸ਼ਾਮ ਤੱਕ 319 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ,ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
ਮੋਗਾ
( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੋਗਾ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਜ਼ਿਲ੍ਹੇ ਦੀਆਂ 114 ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਲਗਭਗ 13 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 319 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸਦੀ ਸਰਕਾਰੀ ਖਰੀਦ ਕੀਤੀ ਗਈ ਹੈ ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਆਮਦ ਵਿੱਚ ਤੇਜ਼ੀ ਦੀ ਸੰਭਾਵਨਾ ਹੈ , ਜਿਸ ਅਨੁਸਾਰ ਪੁਖਤਾ ਖਰੀਦ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ ਸਮੇਤ ਖਰੀਦ, ਲਿਫਟਿੰਗ ਅਤੇ ਹੋਰ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ, ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ, ਖਰੀਦ ਏਜੰਸੀਆਂ ਦੀ ਤਿਆਰੀ, ਲੇਬਰ ਦੀ ਉਪਲਬਧਤਾ, ਸ਼ੈਲਰਾਂ ਦੀ ਅਲਾਟਮੈਂਟ, ਫ਼ਸਲ ਦੀ ਖਰੀਦ ਅਤੇ ਲਿਫਟਿੰਗ ਸਮੇਤ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਾਲ-ਨਾਲ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਲਿਫਟਿੰਗ ਉੱਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਮਿਆਰੀ ਝੋਨੇ ਦੀ ਫ਼ਸਲ ਹੀ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਦਿਨ ਦੇ ਸਮੇਂ ਹੀ ਕੀਤੀ ਜਾਵੇ ਅਤੇ ਫ਼ਸਲ ਦੀ ਕਟਾਈ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਵਧਣ ਦੇ ਨਾਲ-ਨਾਲ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।