October 7, 2026

Justice News

ਅਵਾਮ ਦੀ ਆਵਾਜ਼

ਝੋਨੇ ਦੀ ਨਿਰਵਿਘਨ ਖਰੀਦ, ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਅਤੇ ਮੰਡੀਆਂ ਵਿੱਚੋਂ ਜਲਦ ਫਸਲ ਚੁਕਵਾਉਣ ਨੂੰ ਯਕੀਨੀ ਬਣਾਇਆ ਜਾ ਰਿਹੈ- ਕਟਾਰੂਚੱਕ

ਮੋਗਾ,

( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਗਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਸਬੰਧੀ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ।

ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ, ਚੇਅਰਮੈਨ ਮਾਰਕੀਟ ਕਮੇਟੀ ਸ੍ਰ ਹਰਜਿੰਦਰ ਸਿੰਘ ਰੋਡੇ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਝੋਨੇ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ ਮੰਡੀਆਂ ਵਿੱਚ ਲਗਾਤਾਰ ਫਸਲ ਦੀ ਆਮਦ ਹੋ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਦੇ ਅੰਦਰ 8.50 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ ਜਿਸ ਵਿੱਚੋਂ 7.67 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਕਿਸਾਨਾਂ ਨੂੰ 1221 ਕਰੋੜ ਰੁਪਏ ਫਸਲ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।  ਕਿਸਾਨ ਮਜਦੂਰ ਆੜਤੀਏ, ਮਿਲਰਜ ਕਿਸੇ ਨੂੰ ਵੀ ਦਿੱਕਤ ਨਹੀਂ ਆਵੇਗੀ। ਖਰੀਦੀ ਗਈ ਫਸਲ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਰਦਾਨੇ, ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਸਮੇਤ ਖਰੀਦ ਨਾਲ ਸਬੰਧਤ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਪੂਲ ਲਈ ਪੰਜਾਬ ਤੋਂ 180 ਲੱਖ ਮੀਟ੍ਰਿਕ ਟਨ ਚੌਲ ਦੇਣ ਦਾ ਟੀਚਾ ਹੈ, ਜਿਸ ਨੂੰ ਪੂਰਾ ਕਰਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 42786 ਕਰੋੜ ਰੁਪਏ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਮਿਲੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਆੜ੍ਹਤੀਏ ਅਤੇ ਮਿਲਰ—ਸਾਰੇ ਖਰੀਦ ਸੀਜ਼ਨ ਦੇ ਅਹਿਮ ਹਿੱਸੇਦਾਰ ਹਨ ਅਤੇ ਕਿਸੇ ਨੂੰ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਖਰੀਦੀ ਫਸਲ ਦੀ ਅਦਾਇਗੀ ਨਿਰਵਿਘਨ ਢੰਗ ਨਾਲ ਯਕੀਨੀ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਸੇ ਖਰੀਦ ਕੇਂਦਰ ਵਿੱਚ ਪ੍ਰਬੰਧਾਂ ਸਬੰਧੀ ਕੋਈ ਕਮੀ ਸਾਹਮਣੇ ਆ ਰਹੀ ਹੈ, ਉਸ ਨੂੰ ਤੁਰੰਤ ਦੂਰ ਕਰਨ ਲਈ ਉਹ ਖੁਦ ਮੰਡੀਆਂ ਦਾ ਦੌਰਾ ਕਰ ਰਹੇ ਹਨ।
ਮੋਗਾ ਜ਼ਿਲ੍ਹੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੋਗਾ ਦੀ ਮੰਡੀ ਵਿੱਚ ਹੁਣ ਤੱਕ 2,736 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 2,048 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.