ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਪੱਕਿਆ ਤੇ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ
( ਜਸਟਿਸ ਨਿਊਜ਼ )
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਪੂਰੀ ਤਰ੍ਹਾਂ ਪੱਕਣ ਉਪਰੰਤ ਅਤੇ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਨਾ ਕਰਨੀ ਪਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕਿਸਾਨਾਂ ਦਾ ਵੀ ਸਹਿਯੋਗ ਬਹੁਤ ਜ਼ਰੂਰੀ ਹੈ। ਕਿਸਾਨ ਆਪਣੀ ਫਸਲ ਨੂੰ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ, ਜਿਸ ਨਾਲ ਫਸਲ ਦੀ ਤੁਰੰਤ ਖਰੀਦ ਵਿੱਚ ਮਦਦ ਮਿਲੇਗੀ ਅਤੇ ਮੰਡੀਆਂ ਵਿੱਚ ਭੀੜ ਨੂੰ ਵੀ ਘਟਾਇਆ ਜਾ ਸਕੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਿੱਲਾ ਜਾਂ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਲਿਆਉਣ ਨਾਲ ਕਿਸਾਨਾਂ ਨੂੰ ਆਪਣੀ ਫਸਲ ਸੁਕਾਉਣ ਲਈ ਵਾਧੂ ਸਮਾਂ ਲੱਗ ਸਕਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਮੰਡੀ ਵਿੱਚ ਵਧੇਰੇ ਸਮਾਂ ਉਡੀਕ ਕਰਨੀ ਪੈ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਪਹਿਲਾਂ ਫਸਲ ਦੇ ਪੂਰੀ ਤਰ੍ਹਾਂ ਪੱਕਣ ਨੂੰ ਯਕੀਨੀ ਬਣਾਉਣ ਅਤੇ ਕਟਾਈ ਉਪਰੰਤ ਝੋਨੇ ਨੂੰ ਲੋੜ ਅਨੁਸਾਰ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਲਈ ਕੰਬਾਈਨਾਂ ਦੀ ਵਰਤੋਂ ਕਰਦੇ ਸਮੇਂ ਨਿਰਧਾਰਤ ਮਾਪਦੰਡਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਿਵੇਂ ਕਿ ਝੋਨੇ ਦੀ ਕਟਾਈ ਸਿਰਫ ਦਿਨ ਸਮੇਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਮਸ਼ੀਨਰੀ ਦਾ ਲਾਭ ਲੈਣ।