ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ
ਚੰਡੀਗੜ੍ਹ
, ( ਜਸਟਿਸ ਨਿਊਜ਼ )
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਸ ਨੂੰ ਰਾਜਾ ਨਾਮਕ ਵਿਚੋਲੇ ਨਾਲ ਤਾਲਮੇਲ ਕਰਨ ਲਈ ਕਿਹਾ। ਏਜੰਟ ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗੀ। ਉਸ ਨੇ ਮੌਕੇ ‘ਤੇ ਹੀ ਪਹਿਲੀ ਕਿਸ਼ਤ ਵਜੋਂ 1,000 ਰੁਪਏ ਲੈ ਲਏ ਅਤੇ ਬਾਕੀ ਰਹਿੰਦੀ 4,000 ਰੁਪਏ ਦੀ ਰਕਮ ਰਿਕਾਰਡ ਦੇਣ ਸਮੇਂ ਲੈਣ ਲਈ ਸਹਿਮਤ ਹੋ ਗਿਆ।
ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਵਾਂ ਮੁਲਜ਼ਮਾਂ—ਪਟਵਾਰੀ ਅਤੇ ਉਸ ਦੇ ਏਜੰਟ ਨੂੰ ਸ਼ਿਕਾਇਤਕਰਤਾ ਕੋਲੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।