ਨਸ਼ਿਆਂ ਦੀ ਰੋਕਥਾਮ ਲਈ 20 ਪ੍ਰਭਾਵਿਤ ਸਥਾਨਾਂ ’ਤੇ ਵਿਸ਼ੇਸ਼ ਫੋਕਸ, 60 ਦਿਨਾਂ ਦੀ ਮੁਹਿੰਮਵਾਲਿਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ,ਨਸ਼ਿਆਂ ਵਿਰੁੱਧ ਸਖ਼ਤੀ ਦੇ ਨਾਲ ਨਸ਼ਾ ਛੱਡਣ
ਮੋਗਾ,
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਪਸੀ ਤਾਲਮੇਲ ਨਾਲ ਨਤੀਜਾਮੁਖੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ, ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ)ਮਿਸ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਲਪ੍ਰੀਤ ਸਿੰਘ, ਸਮੂਹ ਐਸ.ਡੀ.ਐਮਜ਼, ਐਸ.ਪੀਜ਼, ਡੀ.ਐਸ.ਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਜ਼ਿਲ੍ਹੇ ਦੇ 20 ਨਸ਼ਿਆਂ ਨਾਲ ਪ੍ਰਭਾਵਿਤ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਾਰਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਸੇਤੀਆ ਨੇ ਕਿਹਾ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਵਿਅਕਤੀ ਅਤੇ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਇੱਕੋ ਨਜ਼ਰੀਏ ਨਾਲ ਨਹੀਂ ਦੇਖਿਆ ਜਾ ਸਕਦਾ। ਨਸ਼ਿਆਂ ਦੀ ਲਤ ਵਿੱਚ ਫਸ ਚੁੱਕੇ ਵਿਅਕਤੀਆਂ ਨੂੰ ਡਰਾਉਣ ਜਾਂ ਸਮਾਜ ਤੋਂ ਦੂਰ ਕਰਨ ਦੀ ਬਜਾਏ ਉਨ੍ਹਾਂ ਅੰਦਰ ਇਹ ਵਿਸ਼ਵਾਸ ਪੈਦਾ ਕਰਨਾ ਜ਼ਰੂਰੀ ਹੈ ਕਿ ਉਹ ਨਸ਼ਾ ਛੱਡ ਕੇ ਮੁੜ ਸਨਮਾਨਜਨਕ ਜੀਵਨ ਬਤੀਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਮੋਗਾ ਦਾ ਟੀਚਾ ਸਿਰਫ਼ ਨਸ਼ਿਆਂ ਦੀ ਸਪਲਾਈ ਰੋਕਣਾ ਨਹੀਂ, ਸਗੋਂ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ, ਮੁੜ ਵਸੇਬੇ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਨਰਮੀ ਨਾ ਵਰਤਦਿਆਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਓਟ ਕਲੀਨਿਕਾਂ, ਨਿੱਜੀ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਨਿਯਮਤ ਚੈਕਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੈਡੀਕਲ ਦੁਕਾਨਾਂ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦੀ ਜਾਂਚ, ਸ਼ੱਕੀ ਥਾਵਾਂ ਅਤੇ ਘਰਾਂ ਦੀ ਚੈਕਿੰਗ, ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਅਤੇ ਸਿੰਥੈਟਿਕ ਨਸ਼ਿਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਵੀ ਕਿਹਾ।
ਸ੍ਰੀ ਸੇਤੀਆ ਨੇ ਸੰਵੇਦਨਸ਼ੀਲ ਸਥਾਨਾਂ ’ਤੇ ਸਟਰੀਟ ਲਾਈਟਾਂ ਚਾਲੂ ਰੱਖਣ, ਲੋੜ ਅਨੁਸਾਰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਲ-ਨਾਲ ਹਰ ਹਫ਼ਤੇ ਇੱਕ ਦਿਨ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾਵੇ, ਤਾਂ ਜੋ ਇਨ੍ਹਾਂ ਖੇਤਰਾਂ ਦਾ ਸਮੁੱਚਾ ਮਾਹੌਲ ਸੁਧਾਰਿਆ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਹੋਰ ਸੰਭਾਵੀ ਕਦਮਾਂ ਸਬੰਧੀ ਵਿਸਥਾਰਤ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।