ਅੰਮ੍ਰਿਤਸਰ ‘ਚ M-16 ਰਾਈਫ਼ਲ ਅਤੇ ਦੋ ਜ਼ਿਗਾਣਾ ਪਿਸਤੌਲਾਂ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; 4 ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ
(ਰਣਜੀਤ ਸਿੰਘ ਮਸੌਣ/ਜੋਗਾ ਸਿੰਘ ਰਾਜਪੂਤ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਅਫ਼ੀਮ, ਇੱਕ ਅਤਿ-ਆਧੁਨਿਕ M-16 ਰਾਈਫ਼ਲ, 9 ਗ਼ੈਰ-ਕਾਨੂੰਨੀ ਪਿਸਤੌਲਾਂ ਅਤੇ 25 ਜਿੰਦਾ ਕਾਰਤੂਸਾਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ, ਗੌਰਵ ਯਾਦਵ ਨੇ ਦਿੱਤੀ।
ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੀਤਾ (32), ਵਾਸੀ ਮੰਝ (ਅੰਮ੍ਰਿਤਸਰ) ਅਤੇ ਗੁਰਜੀਤ ਸਿੰਘ (32), ਵਾਸੀ ਸਾਰੰਗੜਾ (ਅੰਮ੍ਰਿਤਸਰ) ਵਜੋਂ ਹੋਈ ਹੈ। ਜਦਕਿ ਦੂਜੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ (26) ਅਤੇ ਸਤਨਾਮ ਸਿੰਘ (29), ਦੋਵੇਂ ਵਾਸੀ ਪਿੰਡ ਕੱਕੜ ਕਲਾਂ (ਅੰਮ੍ਰਿਤਸਰ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਨ੍ਹਾਂ ਦੀ ਐਚਐਫ਼-ਡੀਲਕਸ ਮੋਟਰਸਾਈਕਲ ਵੀ ਜ਼ਬਤ ਕਰ ਲਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਗ਼ੈਰ-ਕਾਨੂੰਨੀ ਹਥਿਆਰ ਮੰਗਵਾਉਣ ਵਿੱਚ ਸ਼ਾਮਲ ਸਨ। ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹੋਰ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੱਕੀ ਇਤਲਾਹ ‘ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲਿਸ ਟੀਮ ਨੇ ਮਲਕੀਤ ਸਿੰਘ ਅਤੇ ਗੁਰਜੀਤ ਸਿੰਘ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫ਼ੀਮ ਅਤੇ ਅਮਰੀਕਾ ਵਿੱਚ ਬਣੀ ਇੱਕ ਮੋਡੀਫਾਈਡ M-16 ਰਾਈਫ਼ਲ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮਲਕੀਤ ਅਤੇ ਗੁਰਜੀਤ ਦੀ ਭਾਰਤ-ਪਾਕਿਸਤਾਨ ਸਰਹੱਦੀ ਕੰਡਿਆਲੀ ਤਾਰ ਦੇ ਨਾਲ ਲਗਭਗ 10-15 ਕਿੱਲੇ ਖੇਤੀਬਾੜੀ ਜ਼ਮੀਨ ਹੈ, ਜਿਸ ਦੀ ਵਰਤੋਂ ਉਹ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਨ ਲਈ ਕਰ ਰਹੇ ਸਨ।
ਦੂਜੇ ਆਪ੍ਰੇਸ਼ਨ ਬਾਰੇ IGP ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਵਿਸ਼ੇਸ਼ ਟੀਮ ਨੇ ਦਾਣਾ ਮੰਡੀ, ਲੋਪੋਕੇ ਨੇੜੇ ਅੰਮ੍ਰਿਤਪਾਲ ਸਿੰਘ ਅਤੇ ਸਤਨਾਮ ਸਿੰਘ ਨੂੰ ਘੇਰ ਕੇ ਮੌਕੇ ‘ਤੇ 5 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ। ਬਾਅਦ ਵਿੱਚ ਕੀਤੀ ਪੁੱਛਗਿੱਛ ਦੌਰਾਨ 4 ਹੋਰ ਪਿਸਤੌਲ ਬਰਾਮਦ ਹੋਏ, ਜਿਸ ਨਾਲ ਕੁੱਲ ਬਰਾਮਦਗੀ 9 ਪਿਸਤੌਲ ਅਤੇ 25 ਜਿੰਦਾ ਕਾਰਤੂਸ ਹੋ ਗਈ।
ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (SSP) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਬਰਾਮਦ ਕੀਤੇ ਗਏ 9 ਪਿਸਤੌਲਾਂ ਵਿੱਚ 2 ਜ਼ਿਗਾਣਾ, 6 (.30 ਬੋਰ) ਅਤੇ 1 (.32 ਬੋਰ) ਦਾ ਪਿਸਤੌਲ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਛੇਹਰਟਾ ਵਿਖੇ ਐਨਡੀਪੀਸੀ ਐਕਟ ਤਹਿਤ ਕੇਸ ਦਰਜ ਹੈ।
ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਦੇ ਇੱਕ ਹੋਰ ਸਾਥੀ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਫ਼ਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ:
1. ਥਾਣਾ ਘਰਿੰਡਾ: ਐਨਡੀਪੀਸੀ ਐਕਟ ਦੀਆਂ ਧਾਰਾਵਾਂ 18-C, 29 ਅਤੇ ਆਰਮਜ਼ ਐਕਟ ਦੀ ਧਾਰਾ 25(8) ਤਹਿਤ FIR ਨੰਬਰ 424 (ਮਿਤੀ 29.09.2026) ਦਰਜ ਕੀਤਾ ਗਿਆ ਹੈ।
2. ਥਾਣਾ ਲੋਪੋਕੇ: ਆਰਮਜ਼ ਐਕਟ ਦੀ ਧਾਰਾ 25(8) ਅਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 61(2) ਤਹਿਤ FIR ਨੰਬਰ 310 (ਮਿਤੀ 29.09.2026) ਦਰਜ ਕੀਤਾ ਗਿਆ ਹੈ।
ਇਸ ਮੌਕੇ ਐਸਪੀ ਰਮਨਦੀਪ ਸਿੰਘ, ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ, ਡੀਐਸਪੀ ਅਟਾਰੀ ਯਾਦਵਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਘਰਿੰਡਾ ਇੰਸਪੈਕਟਰ ਅਮਨਦੀਪ ਸਿੰਘ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ।