October 18, 2026

Justice News

ਅਵਾਮ ਦੀ ਆਵਾਜ਼

ਪੰਜਾਬ ਵਿੱਚ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਹਮਲਾਵਰ ਚੋਣ ਮੁਹਿੰਮ ਚਲਾਏਗੀ ਕਾਂਗਰਸ: ਵੜਿੰਗ,ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਮਰ ਕੱਸਣ ਦਾ ਦਿੱਤਾ ਸੱਦਾ

 

ਲੁਧਿਆਣਾ

( ਜਸਟਿਸ ਨਿਊਜ਼ )
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਉਦੇਸ਼ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨੀਂ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਨਿਵਾਸ ਸਥਾਨ ਵਿਖੇ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵੜਿੰਗ ਨੇ ਚੋਣਾਂ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਚੋਣ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਹਰ ਮੋਰਚੇ ’ਤੇ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਨਾਕਾਮ ਸੂਬਾ ਬਣਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਚੋਣਾਂ ਨੇੜੇ ਆ ਰਹੀਆਂ ਹਨ, ਇਸ ਲਈ ਹਰ ਆਗੂ ਨੂੰ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਵੜਿੰਗ ਨੇ ਪਾਰਟੀ ਆਗੂਆਂ ਨੂੰ ਕਮਰ ਕੱਸ ਕੇ ਹਮਲਾਵਰ ਤਰੀਕੇ ਨਾਲ ਚੋਣ ਮੁਹਿੰਮ ਸ਼ੁਰੂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੀ ਸਭ ਤੋਂ ਵੱਡੀ ਤਰਜੀਹ ‘ਆਪ’ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਾ ਹੈ। ਇਸ ਲਈ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਾ ਵੀ ਲਾਜ਼ਮੀ ਹੈ। ਲੋਕ ਪਹਿਲਾਂ ਹੀ ਇਸ ਭ੍ਰਿਸ਼ਟ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਅੱਜ ‘ਆਪ’ ਦਾ ਅਸਲੀ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ।

ਇਸ ਮੀਟਿੰਗ ਦੌਰਾਨ ਪੰਜਾਬ ਦੇ ਭਖਦੇ ਮੁੱਦਿਆਂ ’ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਵਿੱਚ ਸਨਅਤਕਾਰਾਂ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਵੀ ਸ਼ਾਮਲ ਸਨ। ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੀ ਖ਼ੁਸ਼ਹਾਲੀ ਨੂੰ ਤਬਾਹ ਕਰ ਦਿੱਤਾ ਹੈ, ਜਦਕਿ ਪੰਜਾਬ ਦੇ ਲੋਕ ਮਜ਼ਬੂਤੀ ਨਾਲ ਕਾਂਗਰਸ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੂਰਾ ਸੂਬਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਆਮ ਆਦਮੀ ਤੋਂ ਲੈ ਕੇ ਸਨਅਤਕਾਰਾਂ, ਕਾਰੋਬਾਰੀਆਂ, ਵਪਾਰੀਆਂ ਅਤੇ ਪੇਸ਼ੇਵਰ ਵਰਗ ਤੱਕ ਹਰ ਕੋਈ ਪ੍ਰੇਸ਼ਾਨ ਹੈ। ਸੂਬੇ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ, ਅਪਰਾਧਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਕਤਲ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ।

ਵੜਿੰਗ ਨੇ ਕਾਂਗਰਸੀ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ’ਤੇ ਜ਼ੋਰ ਦਿੰਦਿਆਂ, ਪਾਰਟੀ ਆਗੂਆਂ ਨੂੰ ਚੋਣਾਂ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਸਾਹਮਣੇ ਇਹ ਗੱਲ ਉਜਾਗਰ ਕਰੋ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਨਸ਼ਿਆਂ ਦਾ ਕਾਰੋਬਾਰ ਕਿਵੇਂ ਵਧਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਰ ਆਗੂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਜਦਕਿ ਬਾਅਦ ਵਿੱਚ ਵੜਿੰਗ ਨੇ ਇਸ ਮੀਟਿੰਗ ਨੂੰ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ, ਕਿਹਾ ਕਿ ਆਗਾਮੀ ਚੋਣਾਂ ਵਿੱਚ ‘ਆਪ’ ਸਰਕਾਰ ਦਾ ਮੁਕਾਬਲਾ ਕਰਨ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ।

ਮੀਟਿੰਗ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ, ਪੰਜਾਬ ਦੇ ਸਾਬਕਾ ਮੰਤਰੀ ਰਾਕੇਸ਼ ਪਾਂਡੇ; ਸਾਬਕਾ ਵਿਧਾਇਕ ਕੁਲਦੀਪ ਵੈਦ ਅਤੇ ਸੁਰਿੰਦਰ ਡਾਵਰ; ਸਾਬਕਾ ਵਿਧਾਇਕ ਅਤੇ ਜਿਲ੍ਹਾ ਕਾਂਗਰਸ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਸੰਜੇ ਤਲਵਾੜ; ਪੀਪੀਸੀਸੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ; ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ; ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ; ਸਾਬਕਾ ਵਿਧਾਇਕ ਬਲਵਿੰਦਰ ਬੈਂਸ; ਸਾਬਕਾ ਚੇਅਰਮੈਨ ਕੇ.ਕੇ. ਬਾਵਾ; ਡੀਵਾਈਸੀ ਦੇ ਪ੍ਰਧਾਨ ਮਨਰਾਜ ਠੁਕਰਾਲ; ਮਨਜੀਤ ਹੰਬੜਾਂ; ਦਰਸ਼ਨ ਬੀਰਮੀ; ਇੰਦਰਜੀਤ ਕਪੂਰ ਅਤੇ ਨਿੱਕੀ ਰਾਇਤ ਸ਼ਾਮਲ ਸਨ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.