October 24, 2026

Justice News

ਅਵਾਮ ਦੀ ਆਵਾਜ਼

ਪਹਿਲਾਂ ਮੰਗੀ ਫਿਰੌਤੀ,ਫਿਰ ਡਾਕਟਰ ਦੇ ਘਰ ਬਾਹਰ ਚਲਾਈਆਂ ਗੋਲੀਆਂ-ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ਾਂ ਦੀ ਤਸਵੀਰ ਸੀਸੀਟੀਵੀ ਕੈਮਰੇ ਵਿੱਚ ਕੈਦ,ਪੁਲਿਸ ਵੱਲੋਂ ਜਾਂਚ ਸ਼ੁਰੂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ
ਜ਼ਿਲ੍ਹਾ ਤਰਨਤਾਰਨ ਵਿੱਚ ਫਿਰੌਤੀ ਦੀਆਂ ਮੰਗਾਂ ਅਤੇ ਦਹਿਸ਼ਤ ਫੈਲਾਉਣ ਲਈ ਕੀਤੀਆਂ ਜਾ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।ਇਨ੍ਹਾਂ ਘਟਨਾਵਾਂ ਕਾਰਨ ਕਾਰੋਬਾਰੀਆਂ,ਦੁਕਾਨਦਾਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਦਹਿਸ਼ਤ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਤਾਜ਼ਾ ਘਟਨਾ ਵਿੱਚ ਕਸਬਾ ਚੋਹਲਾ ਸਾਹਿਬ ਵਿਖੇ ਫਿਰੌਤੀ ਲਈ ਕਥਿਤ ਫੋਨ ਕਾਲਾਂ ਆਉਣ ਤੋਂ ਬਾਅਦ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਇੱਕ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ,ਬੀਤੇ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਕਰੀਬ 1 ਵਜੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਗਲਤੀ ਨਾਲ ਡਾਕਟਰ ਦੇ ਗੁਆਂਢੀ ਦੇ ਘਰ ਦੇ ਬਾਹਰ ਲੱਗੇ ਗੇਟ ‘ਤੇ ਜਾ ਲੱਗੀਆਂ।ਇਸ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਨਕਾਬਪੋਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੇ ਐੱਸਐੱਚਓ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੂੰ ਵਾਰਦਾਤ ਵਾਲੀ ਥਾਂ ਦੇ ਨੇੜਿਓਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਹੋਏ ਹਨ।ਇਸ ਤੋਂ ਇਲਾਵਾ,ਗੋਲੀਬਾਰੀ ਨੂੰ ਅੰਜਾਮ ਦੇਣ ਵਾਲੇ ਦੋਵੇਂ ਨਕਾਬਪੋਸ਼ ਨੌਜਵਾਨਾਂ ਦੀਆਂ ਤਸਵੀਰਾਂ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ।
ਥਾਣਾ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ,ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ।ਉਨ੍ਹਾਂ ਕਿਹਾ ਕਿ ਵਾਰਦਾਤ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
7 ਅਕਤੂਬਰ ਨੂੰ ਵੀ ਵਪਾਰੀ ਦੇ ਘਰ ਬਾਹਰ ਚੱਲੀਆਂ ਸਨ ਗੋਲੀਆਂ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੰਘੀ 7 ਅਕਤੂਬਰ ਨੂੰ ਵੀ ਕਸਬੇ ਵਿੱਚ ਇੱਕ ਵਪਾਰੀ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਉਣ ਦੀ ਘਟਨਾ ਵਾਪਰੀ ਸੀ। ਇਸ ਵਾਰਦਾਤ ਦੀਆਂ ਤਸਵੀਰਾਂ ਵੀ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਸਨ।ਇਸ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਸਨ,ਪਰ ਖ਼ਬਰ ਲਿਖੇ ਜਾਣ ਤੱਕ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ।
ਕਸਬੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਵਾਪਰ ਰਹੀਆਂ ਫਿਰੌਤੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।ਇੱਕ ਪਾਸੇ ਕਾਰੋਬਾਰੀ ਅਤੇ ਦੁਕਾਨਦਾਰ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ,ਉੱਥੇ ਹੀ ਆਮ ਲੋਕਾਂ ਵਿੱਚ ਵੀ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।ਲੋਕਾਂ ਦੀ ਮੰਗ ਹੈ ਕਿ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਇਆ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.