October 24, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

ਖੰਨਾ (ਲੁਧਿਆਣਾ)
(ਜਸਟਿਸ ਨਿਊਜ਼  )
ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਦੋ ਰੋਜ਼ਾ ਇਹ ਖੇਡ ਟੂਰਨਾਮੈਂਟ ਬੀ.ਪੀ.ਈ.ਓ. ਖੰਨਾ, ਸਮੂਹ ਸੀ.ਐੱਚ.ਟੀ. ਅਤੇ ਬਲਾਕ ਖੰਨਾ-1, ਖੰਨਾ-2 ਤੇ ਲੁਧਿਆਣਾ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਸਵਰਗਵਾਸੀ ਮਾਸਟਰ ਸੰਦੀਪ ਸਿੰਘ ਜਰਗ ਅਤੇ ਸਵਰਗਵਾਸੀ ਮਾਸਟਰ ਨਵਦੀਪ ਸਿੰਘ ਖੰਨਾ ਦੀ ਯਾਦ ਵਿੱਚ ਕਰਵਾਇਆ ਗਿਆ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ, ਤਰੱਕੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਉਹ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰ ਸਕਣ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਵਿੱਚ ਖੇਡਾਂ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰਨ ਦੀ ਅਪਾਰ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਨੌਜਵਾਨਾਂ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ।
ਸ੍ਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਇਨ੍ਹਾਂ ਖੇਡਾਂ ਤੋਂ ਪ੍ਰੇਰਿਤ ਹੋ ਕੇ ਵੱਖ-ਵੱਖ ਪੱਧਰਾਂ ‘ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਨੌਜਵਾਨ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿੰਦੇ ਹਨ, ਸਗੋਂ ਉਨ੍ਹਾਂ ਲਈ ਖੇਡਾਂ ਦੇ ਖੇਤਰ ਵਿੱਚ ਆਪਣਾ ਭਵਿੱਖ ਬਣਾਉਣ ਅਤੇ ਰੁਜ਼ਗਾਰ ਦੇ ਮੌਕੇ ਹਾਸਲ ਕਰਨ ਦੇ ਰਾਹ ਵੀ ਖੁੱਲ੍ਹਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਗਾਉਣ ਲਈ ਵਚਨਬੱਧ ਹੈ। ਉਨ੍ਹਾਂ ਖਿਡਾਰੀਆਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਅਤੇ ਆਪਣੇ ਮਾਪਿਆਂ, ਅਧਿਆਪਕਾਂ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਮਨੋਜ ਕੁਮਾਰ, ਸ. ਰਣਜੋਧ ਸਿੰਘ ਖੰਗੂੜਾ, ਬੀ.ਪੀ.ਈ.ਓ. ਖੰਨਾ ਸ. ਇੰਦਰਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰੀ ਜਗਤਾਰ ਸਿੰਘ ਗਿੱਲ, ਚੇਅਰਮੈਨ ਬਲਾਕ ਸੰਮਤੀ ਖੰਨਾ ਸ. ਲਖਵੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਓ.ਐੱਸ.ਡੀ. ਸ੍ਰੀ ਕਰੁਣ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਸ੍ਰੀ ਅਮਰਦੀਪ ਸਿੰਘ ਪੁਰੇਵਾਲ, ਪੀ.ਏ. ਮਹੇਸ਼ ਕੁਮਾਰ, ‘ਆਪ’ ਯੂਥ ਆਗੂ ਕਰਨ ਵਰਮਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.