ਨਸ਼ਾ-ਮੁਕਤ ਪੰਜਾਬ ਅਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਲਈ ਆਵਾਜ਼ ਬੁਲੰਦ: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੇਰਕਾ ਵਿਖੇ ਝਾੜੂ ਫੂਕ ਕੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
ਅੰਮ੍ਰਿਤਸਰ,
(ਰਣਜੀਤ ਸਿੰਘ ਮਸੌਣ / ਜੋਗਾ ਸਿੰਘ ਰਾਜਪੂਤ):
ਪੰਜਾਬ ਵਿੱਚ ਦਿਨੋ-ਦਿਨ ਵਧ ਰਹੇ ਨਸ਼ਿਆਂ ਦੇ ਕੋਹੜ ਅਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ‘ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ਼ ਸੰਘਰਸ਼ ਕਮੇਟੀ’ ਵੱਲੋਂ ਦਿੱਤੇ ਗਏ ਸੂਬਾ ਵਿਆਪੀ ਸੱਦੇ ਦੀ ਪੂਰਨ ਹਮਾਇਤ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੇਰਕਾ ਬੱਸ ਸਟੈਂਡ ਦੇ ਸਾਹਮਣੇ ਸਰਕਾਰ ਖ਼ਿਲਾਫ਼ ਝਾੜੂ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਰੋਸ ਪ੍ਰਦਰਸ਼ਨ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਭਾਈ ਲਵਜੀਤ ਸਿੰਘ ਖਾਲਸਾ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕਰਕੇ ਆਪਣੀ ਅਵਾਜ਼ ਬੁਲੰਦ ਕੀਤੀ। ਪਾਰਟੀ ਵੱਲੋਂ ਇਨਸਾਫ਼ ਕਮੇਟੀ ਦੀਆਂ ਮੰਗਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਦੀ ਜ਼ੋਰਦਾਰ ਮੰਗ ਕੀਤੀ ਗਈ।
ਸਰਕਾਰ ਨੂੰ ਜਵਾਬਦੇਹ ਹੋਣ ਦੀ ਲੋੜ: ਭਾਈ ਸ਼ਮਸ਼ੇਰ ਸਿੰਘ ਪੱਧਰੀ
ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਆਖਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਲਈ ਉੱਠ ਰਹੀ ਅਵਾਜ਼ ਸਿਰਫ਼ ਇੱਕ ਪਰਿਵਾਰ ਦੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਨਸ਼ਾ-ਮੁਕਤ ਸਮਾਜ ਦੀ ਮੰਗ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਘਰਾਂ ਵਿੱਚ ਪੈ ਰਹੇ ਵੈਣਾਂ ਨੂੰ ਰੋਕਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਬਣਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਵੱਲੋਂ ਇਨਸਾਫ਼ ਲਈ ਕੀਤੇ ਜਾ ਰਹੇ ਸੰਘਰਸ਼ ਦਾ ਪੂਰਨ ਸਮਰਥਨ ਕਰਦਾ ਹੈ। ਸਿਰਫ਼ ਖੋਖਲੇ ਐਲਾਨਾਂ ਨਾਲ ਲੋਕਾਂ ਦਾ ਭਰੋਸਾ ਬਹਾਲ ਨਹੀਂ ਹੋ ਸਕਦਾ, ਸਗੋਂ ਹਰ ਮੰਗ ‘ਤੇ ਠੋਸ ਕਾਰਵਾਈ ਕਰਕੇ ਉਸ ਦੀ ਸਥਿਤੀ ਜਨਤਕ ਕੀਤੀ ਜਾਣੀ ਚਾਹੀਦੀ ਹੈ।
ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਕਾਰਵਾਈ ਦੀ ਮੰਗ
ਭਾਈ ਪੱਧਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਰਾਜਨੀਤਿਕ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਵੇ ਅਤੇ ਜੇਕਰ ਕਿਸੇ ਅਧਿਕਾਰੀ ਦੀ ਲਾਪਰਵਾਹੀ ਜਾਂ ਮਿਲੀਭੁਗਤ ਸਾਹਮਣੇ ਆਉਂਦੀ ਹੈ, ਤਾਂ ਉਸ ਦੀ ਨਿਰਪੱਖ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਆਖਿਰ ਵਿੱਚ ਉਨ੍ਹਾਂ ਐਲਾਨ ਕੀਤਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੂਬੇ ਦੇ ਲੋਕਾਂ ਦੀਆਂ ਹੱਕੀ ਮੰਗਾਂ, ਨਸ਼ਾ-ਮੁਕਤ ਸਮਾਜ ਅਤੇ ਇਨਸਾਫ਼ ਦੀ ਇਸ ਲੜੀ ਵਿੱਚ ਹਮੇਸ਼ਾ ਲੋਕਾਂ ਦੇ ਨਾਲ ਖੜ੍ਹਾ ਹੈ। ਪਾਰਟੀ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ‘ਤੇ ਆਵਾਜ਼ ਬੁਲੰਦ ਕਰਨ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।
ਇਹ ਆਗੂ ਵੀ ਰਹੇ ਹਾਜ਼ਰ:
ਇਸ ਰੋਸ ਪ੍ਰਦਰਸ਼ਨ ਮੌਕੇ ਉਚੇਚੇ ਤੌਰ ‘ਤੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਡਾ. ਬਰਿੰਦਰ ਸਿੰਘ, ਭਾਈ ਪੰਜਾਬ ਸਿੰਘ, ਭਾਈ ਮਨਜੀਤ ਸਿੰਘ ਅਤੇ ਭਾਈ ਜਗਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸੰਗਤ ਹਾਜ਼ਰ ਸੀ।