ਮੁਲਾਜ਼ਮਾਂ ਨਾਲ ਵਾਅਦੇ ਕਰਕੇ ਮੁੱਕਰੀ ਸਰਕਾਰ,ਵਿੱਤ ਮੰਤਰੀ ਦੇ ਭਰੋਸੇ ਵੀ ਨਿਕਲੇ ਖੋਖਲੇ : ਰਮਨਦੀਪ ਸਿੰਘ ਭਰੋਵਾਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,
ਭਾਰਤੀ ਜਨਤਾ ਪਾਰਟੀ ਦੀ ਪ੍ਰਦੇਸ਼ ਐਗਜ਼ਿਕਿਊਟਿਵ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੇ ਵਾਰ-ਵਾਰ ਭਰੋਸਿਆਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਉਜਾਗਰ ਕਰਦੀ ਹੈ।
ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਪੰਜਾਬ ਭਰ ਵਿੱਚ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਸਰਕਾਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਪ੍ਰਦਰਸ਼ਨਾਂ ਵਿੱਚ ਲਗਭਗ ਤਿੰਨ ਲੱਖ ਮੁਲਾਜ਼ਮਾਂ ਦੇ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਈ ਥਾਵਾਂ ’ਤੇ ਬੱਸ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਸਬੰਧੀ ਦਿੱਤੇ ਜਾ ਰਹੇ ਭਰੋਸਿਆਂ ਦਾ ਅਸਲ ਮੁਲਾਂਕਣ ਬਿਆਨਾਂ ਅਤੇ ਐਲਾਨਾਂ ਨਾਲ ਨਹੀਂ, ਸਗੋਂ ਲਏ ਗਏ ਫ਼ੈਸਲਿਆਂ ਅਤੇ ਉਨ੍ਹਾਂ ਨੂੰ ਲਾਗੂ ਕਰਨ ਨਾਲ ਹੋਵੇਗਾ। ਜਦੋਂ ਮਹਿੰਗਾਈ ਭੱਤੇ ਦੇ ਬਕਾਏ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪੈਨਸ਼ਨਰਾਂ ਦੀਆਂ ਮੰਗਾਂ, ਬੰਦ ਕੀਤੇ 37 ਭੱਤਿਆਂ ਦੀ ਬਹਾਲੀ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੇ ਅਹਿਮ ਮੁੱਦਿਆਂ ’ਤੇ ਅਸੰਤੋਸ਼ ਬਰਕਰਾਰ ਹੈ, ਤਾਂ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਮੰਗਾਂ ਦਾ ਹੱਲ ਕਦੋਂ ਕੀਤਾ ਜਾਵੇਗਾ।
ਭਰੋਵਾਲ ਨੇ ਕਿਹਾ ਕਿ ਸਰਕਾਰ ਦੀ ਇਸ ਨਾਕਾਮੀ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪੈ ਰਿਹਾ ਹੈ। ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਕਾਰਨ ਡਿਪਟੀ ਕਮਿਸ਼ਨਰ ਦਫ਼ਤਰਾਂ, ਤਹਿਸੀਲਾਂ, ਨਗਰ ਨਿਗਮਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਆਮ ਕੰਮਕਾਜ ਪ੍ਰਭਾਵਿਤ ਹੋਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਪਾਸੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਮੁਲਾਜ਼ਮਾਂ ਦੀਆਂ ਮੰਗਾਂ ਲਟਕਣ ਕਾਰਨ ਸਰਕਾਰੀ ਸੇਵਾਵਾਂ ਵਿੱਚ ਵਿਘਨ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਲਾਉਣੇ ਪੈਣ, ਰਜਿਸਟਰੀਆਂ ਦਾ ਕੰਮ ਪ੍ਰਭਾਵਿਤ ਹੋਵੇ ਅਤੇ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ, ਤਾਂ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦੀ। ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ, ਤਾਂ ਜੋ ਸਰਕਾਰੀ ਸੇਵਾਵਾਂ ਸੁਚਾਰੂ ਢੰਗ ਨਾਲ ਜਾਰੀ ਰਹਿ ਸਕਣ ਅਤੇ ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਭਰੋਵਾਲ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕਰਨਾ ਅਤੇ ਹਾਲਾਤ ਅਜਿਹੇ ਬਣਨ ਦੇਣਾ ਕਿ ਆਮ ਜਨਤਾ ਨੂੰ ਵੀ ਪਰੇਸ਼ਾਨੀ ਝੱਲਣੀ ਪਵੇ, ਭਗਵੰਤ ਮਾਨ ਸਰਕਾਰ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਜਦੋਂ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਤਾਂ ਉਹ ਵਾਅਦੇ ਅਜੇ ਤੱਕ ਪੂਰੇ ਕਿਉਂ ਨਹੀਂ ਹੋਏ।
ਇਸ ਮੌਕੇ ਜਵਾਹਰ ਨਈਅਰ,ਸੋਨਾ ਸਿੰਘ ਬ੍ਰਹਮਪੁਰਾ,ਨਿਸ਼ਾਨ ਸਿੰਘ,ਸੁਖਜਿੰਦਰ ਸਿੰਘ ਸੰਨੀ,ਕੁਲਵਿੰਦਰ ਸਿੰਘ,ਬਲਜੀਤ ਸਿੰਘ ਆਦਿ ਹਾਜ਼ਰ ਸਨ।