October 26, 2026

Justice News

ਅਵਾਮ ਦੀ ਆਵਾਜ਼

70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਕ੍ਰਿਕਟ ਮੁਕਾਬਿਲਿਆਂ ਵਿੱਚ ਮੋਹਾਲੀ ਬਣਿਆ ਚੈਂਪੀਅਨ

ਅੰਮ੍ਰਿਤਸਰ, 
(ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ)
– ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਅੰਤਰ-19 ਸਾਲਾ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਹਾਲੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਦੀ ਟਰਾਫੀ ਆਪਣੇ ਨਾਂ ਕੀਤੀ। ਇਸ ਟੂਰਨਾਮੈਂਟ ਵਿੱਚ ਲੁਧਿਆਣਾ ਨੇ ਦੂਸਰਾ, ਪਟਿਆਲਾ ਨੇ ਤੀਸਰਾ ਅਤੇ ਅੰਮ੍ਰਿਤਸਰ ਨੇ ਚੌਥਾ ਸਥਾਨ ਹਾਸਿਲ ਕੀਤਾ।

 

🌟 23 ਜ਼ਿਲ੍ਹਿਆਂ ਦੇ 450 ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਹਰਜਿੰਦਰ ਸਿੰਘ ਅਤੇ ਡਿਪਟੀ ਡੀ.ਈ.ਓ. ਸ੍ਰੀ ਰਜੇਸ਼ ਖੰਨਾ ਦੀ ਦੇਖ-ਰੇਖ ਅਤੇ ਜ਼ਿਲ੍ਹਾ ਖੇਡ ਕੋਆਡੀਨੇਟਰ ਸ੍ਰੀ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਚਾਰ ਰੋਜ਼ਾ ਰੋਮਾਂਚਕ ਕ੍ਰਿਕਟ ਮੈਚਾਂ ਵਿੱਚ ਪੰਜਾਬ ਦੇ ਵੱਖ-ਵੱਖ 23 ਜ਼ਿਲ੍ਹਿਆਂ ਤੋਂ ਅੰਤਰ-19 ਵਰਗ ਦੇ ਕਰੀਬ 450 ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੇਡ ਕੋਆਡੀਨੇਟਰ ਸ੍ਰੀ ਆਸ਼ੂ ਵਿਸ਼ਾਲ ਨੇ ਦੱਸਿਆ ਕਿ ਫ਼ਾਈਨਲ ਮੁਕਾਬਲਾ ਜ਼ਿਲ੍ਹਾ ਮੋਹਾਲੀ ਅਤੇ ਜ਼ਿਲ੍ਹਾ ਲੁਧਿਆਣਾ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਮੋਹਾਲੀ ਦੀ ਟੀਮ ਨੇ ਫ਼ਸਵੇਂ ਮੁਕਾਬਲੇ ਵਿੱਚ ਲੁਧਿਆਣਾ ਨੂੰ ਮਾਤ ਦਿੱਤੀ। ਇਸੇ ਤਰ੍ਹਾਂ ਤੀਸਰੀ ਅਤੇ ਚੌਥੀ ਪੁਜ਼ੀਸ਼ਨ ਲਈ ਜ਼ਿਲ੍ਹਾ ਅੰਮ੍ਰਿਤਸਰ ਅਤੇ ਪਟਿਆਲਾ ਵਿਚਕਾਰ ਕਾਫ਼ੀ ਮੁਕਾਬਲਾ ਹੋਇਆ, ਜਿਸ ਵਿੱਚ ਪਟਿਆਲਾ ਦੀ ਟੀਮ ਨੇ ਬਾਜ਼ੀ ਮਾਰਦਿਆਂ ਤੀਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਮੇਜ਼ਬਾਨ ਅੰਮ੍ਰਿਤਸਰ ਦੀ ਟੀਮ ਨੂੰ ਚੌਥੇ ਸਥਾਨ ਨਾਲ ਸਬਰ ਕਰਨਾ ਪਿਆ।

 

💪 “ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ”: ਦਲਜੀਤ ਸਿੰਘ

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਖੇਡ ਵਿਭਾਗ ਦੇ ਮੁਖੀ ਸ. ਦਲਜੀਤ ਸਿੰਘ ਨੇ ਹਾਜ਼ਰ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਸਿਰਫ਼ ਉਨ੍ਹਾਂ ਨੂੰ ਸਹੀ ਦਿਸ਼ਾ ਅਤੇ ਮੰਚ ਮੁਹੱਈਆ ਕਰਵਾਉਣ ਦੀ ਲੋੜ ਹੈ। ਸਿੱਖਿਆ ਵਿਭਾਗ ਇਸ ਕਾਰਜ ਨੂੰ ਜ਼ਮੀਨੀ ਪੱਧਰ ‘ਤੇ ਬਾਖ਼ੂਬੀ ਲਾਗੂ ਕਰ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਅੱਜ ਪੰਜਾਬ ਖੇਡਾਂ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ, ਖੇਡ ਅਤੇ ਸਿੱਖਿਆ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ।

 

🏆 ਜੇਤੂ ਖਿਡਾਰੀਆਂ ਦਾ ਕੀਤਾ ਗਿਆ ਸਨਮਾਨ

ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਸ. ਦਲਜੀਤ ਸਿੰਘ ਅਤੇ ਜ਼ਿਲ੍ਹਾ ਖੇਡ ਕੋਆਡੀਨੇਟਰ ਸ਼੍ਰੀ ਆਸ਼ੂ ਵਿਸ਼ਾਲ ਸਮੇਤ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜੇਤੂ ਖਿਡਾਰੀਆਂ ਅਤੇ ਟੀਮਾਂ ਨੂੰ ਸਨਮਾਨ ਚਿੰਨ੍ਹ (ਟਰਾਫੀਆਂ) ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

 

ਇਸ ਮੌਕੇ ਪ੍ਰਿੰਸੀਪਲ ਦੀਪਕ ਕੁਮਾਰ ਤਰਸਿਕਾ, ਪ੍ਰਿੰਸੀਪਲ ਮੈਡਮ ਧਵਨੀ ਬੋਪਾਰਾਏ (ਦੂਨ ਪਬਲਿਕ ਸਕੂਲ), ਲੈਕਚਰਾਰ ਸੁਰਿੰਦਰਪਾਲ ਸਿੰਘ ਮੁਸਤਫ਼ਾਬਾਦ, ਲੈਕਚਰਾਰ ਧੰਨਾ ਸਿੰਘ ਵਡਾਲੀ ਗੁਰੂ, ਪਰਮਿੰਦਰ ਸਿੰਘ ਸਰਪੰਚ (ਜ਼ਿਲ੍ਹਾ ਮੀਡੀਆ ਕੋਆਡੀਨੇਟਰ), ਲੈਕਚਰਾਰ ਸੁਨੀਲ ਕੁਮਾਰ ਸਿੰਘ ਅਤੇ ਪਰਮਜੀਤ ਸਿੰਘ ਅੰਨਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.