ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਨੇ ਸਮਰਾਲਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਤੇ ਲਿਫਟਿੰਗ ਪ੍ਰਬੰਧਾਂ ਦਾ ਲਿਆ ਜਾਇਜ਼ਾ*
ਸਮਰਾਲਾ /ਲੁਧਿਆਣਾ/
( ਜਸਟਿਸ ਨਿਊਜ਼ )
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਲੁਧਿਆਣਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਅੱਜ ਸਮਰਾਲਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਝੋਨੇ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਰਹੀ ਹੈ।
ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਝੋਨੇ ਦੇ ਖਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿੱਚੋਂ ਹੁਣ ਤੱਕ 100 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਸਮਰਾਲਾ ਅਨਾਜ ਮੰਡੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਦਾ ਸਹਿਯੋਗ ਬੇਹੱਦ ਅਹਿਮ ਹੈ।
ਪਰਾਲੀ ਪ੍ਰਬੰਧਨ ਸਬੰਧੀ ਗੱਲ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕਿਸਾਨ ਪਰਾਲੀ ਨਹੀਂ ਸਾੜਨਗੇ ਅਤੇ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਸਾਡਾ ਮੁੱਢਲਾ ਫ਼ਰਜ਼ ਹੈ। ਹਰ ਪੰਜਾਬੀ ਨੂੰ ਇਨ੍ਹਾਂ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਸ ਉਪਰੰਤ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਸਮਰਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਖਰੀਦ, ਪਰਾਲੀ ਪ੍ਰਬੰਧਨ, ਖੇਤਰੀ ਨਿਗਰਾਨੀ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।
ਇਸ ਮੌਕੇ ਐਸ.ਡੀ.ਐਮ. ਸਮਰਾਲਾ ਸ੍ਰੀਮਤੀ ਗੁਰਸਿਮਰਨਜੀਤ ਕੌਰ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਲੁਧਿਆਣਾ ਪੱਛਮੀ) ਸ੍ਰੀ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਲੁਧਿਆਣਾ ਪੂਰਬੀ) ਸ੍ਰੀ ਲਖਵੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।