ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਨਗਰ ਨਿਗਮ ਅੰਮ੍ਰਿਤਸਰ ਵਿਖੇ ਜਾਗਰੂਕਤਾ ਮੀਟਿੰਗ ਆਯੋਜਿਤ-ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਡਿਊਟੀ ਨਿਭਾਉਣ ਦੀ ਪ੍ਰੇਰਨਾ
ਅੰਮ੍ਰਿਤਸਰ,
(ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ)-
‘ਵਿਜੀਲੈਂਸ ਜਾਗਰੂਕਤਾ ਹਫ਼ਤੇ’ ਦੇ ਸਬੰਧ ਵਿੱਚ ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਮੰਡੇਰ ਦੀਆਂ ਹਦਾਇਤਾਂ ਅਨੁਸਾਰ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਭ੍ਰਿਸ਼ਟਾਚਾਰ ਦੀ ਰੋਕਥਾਮ, ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨਾ ਸੀ।
ਇਸ ਮੌਕੇ ਡੀ.ਐੱਸ.ਪੀ. ਸ੍ਰੀ ਅਨੂਪ ਕੁਮਾਰ ਸੈਣੀ (ਪੀ.ਪੀ.ਐੱਸ.) ਆਪਣੀ ਟੀਮ ਨਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਦਕਿ ਮੀਟਿੰਗ ਦੀ ਪ੍ਰਧਾਨਗੀ ਨਗਰ ਨਿਗਮ ਅੰਮ੍ਰਿਤਸਰ ਦੇ ਸਹਾਇਕ ਕਮਿਸ਼ਨਰ ਸ੍ਰੀ ਵਿਸ਼ਾਲ ਵਧਾਵਨ ਨੇ ਕੀਤੀ।
ਮੀਟਿੰਗ ਦੌਰਾਨ ਵਿਜੀਲੈਂਸ ਵਿਭਾਗ ਦੀ ਕਾਰਜਪ੍ਰਣਾਲੀ, ਭ੍ਰਿਸ਼ਟਾਚਾਰ ਦੇ ਸਮਾਜ ’ਤੇ ਮਾੜੇ ਪ੍ਰਭਾਵਾਂ ਅਤੇ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਸਰਕਾਰੀ ਡਿਊਟੀ ਦੌਰਾਨ ਇਮਾਨਦਾਰੀ, ਨਿਰਪੱਖਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਗਿਆ।
ਡੀ.ਐੱਸ.ਪੀ. ਸ੍ਰੀ ਅਨੂਪ ਕੁਮਾਰ ਸੈਣੀ ਨੇ ਆਖਿਆ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਲੋਕਾਂ ਦਾ ਸਰਕਾਰੀ ਸੰਸਥਾਵਾਂ ਵਿੱਚ ਭਰੋਸਾ ਬਹਾਲ ਕਰਨ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਨਾਲ ਸਤਿਕਾਰਪੂਰਵਕ ਵਿਵਹਾਰ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨਾ ਅਤੇ ਜਾਇਜ਼ ਕੰਮਾਂ ਨੂੰ ਨਿਯਮਾਂ ਅਨੁਸਾਰ ਸਮੇਂ ਸਿਰ ਪੂਰਾ ਕਰਨਾ ਹਰ ਸਰਕਾਰੀ ਮੁਲਾਜ਼ਮ ਦਾ ਮੁੱਖ ਫ਼ਰਜ਼ ਹੈ।
ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰੀ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਲੋਕ-ਪੱਖੀ ਪਹੁੰਚ ਅਪਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਜਾਂ ਅਣਉਚਿਤ ਵਿਵਹਾਰ ਨੂੰ ਬਰਦਾਸ਼ਤ ਨਾ ਕੀਤਾ ਜਾਵੇ। ਉਨ੍ਹਾਂ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਬਣਾ ਕੇ ਰੱਖਣ।
ਇਸ ਮੌਕੇ ਹਾਜ਼ਰੀਨ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਜੇਕਰ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਅਦਾਰੇ ਵਿੱਚ ਤਾਇਨਾਤ ਵਿਅਕਤੀ ਕਿਸੇ ਜਾਇਜ਼ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸ ਦੀ ਸ਼ਿਕਾਇਤ ਤੁਰੰਤ ਵਿਜੀਲੈਂਸ ਬਿਊਰੋ ਪੰਜਾਬ ਦੇ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਇੰਸਪੈਕਟਰ ਅਵਿਨਾਸ਼ੀ ਸਿੰਘ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਸਮੇਤ ਵਿਜੀਲੈਂਸ ਵਿਭਾਗ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਰਿਸ਼ਵਤ ਦੀ ਮੰਗ ਹੋਣ ‘ਤੇ ਵਿਜੀਲੈਂਸ ਬਿਊਰੋ ਨਾਲ ਕਰੋ ਸੰਪਰਕ:
ਜੇਕਰ ਕੋਈ ਵਿਅਕਤੀ ਕੰਮ ਦੇ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਹੇਠ ਲਿਖੇ ਮਾਧਿਅਮਾਂ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ:
-
ਟੋਲ-ਫ੍ਰੀ ਨੰਬਰ: 1800-1800-1000
-
ਐਂਟੀ-ਕਰੱਪਸ਼ਨ ਹੈਲਪਲਾਈਨ: 95012-00200
-
ਵਟਸਐਪ ਨੰਬਰ: 94178-91064
-
ਅਧਿਕਾਰਤ ਵੈੱਬਸਾਈਟ:
www.vigilancebureau.punjab.gov.in
“ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਓ—ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਪਾਓ।”