ਲੁਧਿਆਣਾ ਦੀਆਂ ਤਿੰਨਾਂ ਜੇਲ੍ਹਾਂ ਦੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਅਚਨਚੇਤ ਚੈਕਿੰਗ-ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ, ਮੁਫ਼ਤ ਕਾਨੂੰਨੀ ਸਹਾਇਤਾ ਦੇ ਅਧਿਕਾਰਾਂ ਬਾਰੇ ਕੀਤਾ ਜਾਗਰੂਕ
ਲੁਧਿਆਣਾ
( ਜਸਟਿਸ ਨਿਊਜ਼ )
-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸ੍ਰੀ ਹਿਮਾਂਸ਼ੂ ਅਰੋੜਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਚੈਕਿੰਗ ਦੌਰਾਨ ਮੈਡਮ ਹਰਪ੍ਰੀਤ ਕੌਰ ਰੰਧਾਵਾ ਨੇ ਤਿੰਨਾਂ ਜੇਲ੍ਹਾਂ ਦੇ ਸੁਪਰਡੰਟਾਂ ਦੀ ਮੌਜੂਦਗੀ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਬੰਦੀਆਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਜੱਜ ਸਾਹਿਬਾ ਨੇ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇ ਅਧਿਕਾਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸਾਂ ਦੀ ਪੈਰਵੀ ਲਈ ਨਿੱਜੀ ਵਕੀਲ ਕਰਨ ਦੇ ਸਮਰੱਥ ਨਹੀਂ ਹਨ, ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜੇਲ੍ਹਾਂ ਵਿੱਚ ਸਥਾਪਿਤ ਲੀਗਲ ਏਡ ਕਲੀਨਿਕਾਂ ਰਾਹੀਂ ਅਰਜ਼ੀ ਫਾਰਮ ਭਰ ਕੇ ਸਹਾਇਤਾ ਲਈ ਅਪਲਾਈ ਕੀਤਾ ਜਾ ਸਕਦਾ ਹੈ।
ਉਨ੍ਹਾਂ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੇ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਹਦਾਇਤ ਕੀਤੀ ਕਿ ਅਜਿਹੇ ਬੰਦੀਆਂ ਦੀ ਕਾਨੂੰਨੀ ਸਥਿਤੀ ਦੀ ਸਮੀਖਿਆ ਕਰਕੇ ਕਾਨੂੰਨ ਅਨੁਸਾਰ ਜਿਨ੍ਹਾਂ ਦੀ ਰਿਹਾਈ ਬਣਦੀ ਹੈ, ਉਨ੍ਹਾਂ ਦੀ ਰਿਹਾਈ ਦੀ ਪ੍ਰਕਿਰਿਆ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
ਜੇਲ੍ਹ ਦੌਰੇ ਦੌਰਾਨ ਜੱਜ ਸਾਹਿਬਾ ਨੇ ਤਿੰਨਾਂ ਜੇਲ੍ਹਾਂ ਵਿੱਚ ਚੱਲ ਰਹੇ ਲੀਗਲ ਏਡ ਕਲੀਨਿਕਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਲਈ ਤਿਆਰ ਕੀਤੇ ਜਾ ਰਹੇ ਖਾਣੇ ਦੀ ਗੁਣਵੱਤਾ ਅਤੇ ਪ੍ਰਬੰਧਾਂ ਦੀ ਜਾਂਚ ਕੀਤੀ। ਜਨਾਨਾ ਜੇਲ੍ਹ ਵਿੱਚ ਛੋਟੇ ਬੱਚਿਆਂ ਸਮੇਤ ਰਹਿ ਰਹੀਆਂ ਮਹਿਲਾ ਬੰਦੀਆਂ ਨੂੰ ਖਾਣ-ਪੀਣ ਦੀਆਂ ਵਸਤਾਂ ਵੀ ਵੰਡੀਆਂ ਗਈਆਂ।
ਅੰਤ ਵਿੱਚ ਮੈਡਮ ਹਰਪ੍ਰੀਤ ਕੌਰ ਰੰਧਾਵਾ ਨੇ ਸਾਰੀਆਂ ਜੇਲ੍ਹਾਂ ਦੇ ਸੁਪਰਡੰਟਾਂ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 182 ਆਫ਼ 2025 ਵਿੱਚ ਮਿਤੀ 02.12.2025 ਅਤੇ 21.04.2026 ਨੂੰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਚੈਕਿੰਗ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਅੰਦਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੂੰ ਪੇਸ਼ ਕਰਨ ਦੀ ਹਦਾਇਤ ਵੀ ਕੀਤੀ।
ਇਸ ਦੌਰੇ ਦਾ ਮੁੱਖ ਉਦੇਸ਼ ਜੇਲ੍ਹਾਂ ਵਿੱਚ ਬੰਦੀਆਂ ਦੇ ਕਾਨੂੰਨੀ ਅਧਿਕਾਰਾਂ ਦੀ ਰਾਖੀ, ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸੀ।