November 2, 2026

Justice News

ਅਵਾਮ ਦੀ ਆਵਾਜ਼

ਨਾਜਾਇਜ਼ ਪਟਾਕੇ ਬਣਾਉਣ ਵਾਲਿਆਂ ਨੂੰ ਅੰਮ੍ਰਿਤਸਰ ਪੁਲਿਸ ਦੀ ਸਖ਼ਤ ਚੇਤਾਵਨੀ: ਹਾਦਸਾ ਹੋਣ ‘ਤੇ ਦਰਜ ਹੋਵੇਗਾ ਕਤਲ ਦਾ ਮਾਮਲਾ

 

ਅੰਮ੍ਰਿਤਸਰ, 

 

(ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ)

ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਧੀਨ ਆਉਂਦੇ ਅੰਨਗੜ੍ਹ ਇਲਾਕੇ ਵਿੱਚ ਬਿਨਾਂ ਮਨਜ਼ੂਰੀ ਨਾਜਾਇਜ਼ ਪਟਾਕੇ ਤਿਆਰ ਕਰਨ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦਾ ਸੰਜੀਦਾ ਨੋਟਿਸ ਲੈਂਦਿਆਂ ਕਮਿਸ਼ਨਰੇਟ ਪੁਲਿਸ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ।

ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ (ਆਈ.ਪੀ.ਐੱਸ.) ਨੇ ਅਜਿਹੇ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਤੁਰੰਤ ਇਹ ਕੰਮ ਬੰਦ ਕਰਨ ਦੀ ਤਾਕੀਦ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਬਿਨਾਂ ਲੋੜੀਂਦੀ ਮਨਜ਼ੂਰੀ ਅਤੇ ਸੁਰੱਖਿਆ ਇੰਤਜ਼ਾਮਾਂ ਦੇ ਪਟਾਕੇ ਬਣਾਉਣਾ ਲੋਕਾਂ ਦੀ ਜਾਨ-ਮਾਲ ਲਈ ਵੱਡਾ ਖ਼ਤਰਾ ਹੈ। ਜੇਕਰ ਕਿਸੇ ਦੀ ਲਾਪਰਵਾਹੀ ਜਾਂ ਨਾਜਾਇਜ਼ ਪਟਾਕਿਆਂ ਦੇ ਧਮਾਕੇ ਕਾਰਨ ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਹੁੰਦਾ ਹੈ, ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਤਲ ਸਮੇਤ ਹੋਰ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਰਿਹਾਇਸ਼ੀ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਅਜਿਹੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਪੁਲਿਸ ਤੰਤਰ ਨੂੰ ਪੂਰੀ ਤਰ੍ਹਾਂ ਸਰਗਰਮ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਨਾਜਾਇਜ਼ ਪਟਾਕੇ ਬਣਾਉਣ ਜਾਂ ਸਟੋਰ ਕਰਨ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਵੀ ਸੰਭਾਵੀ ਵੱਡੇ ਹਾਦਸੇ ਨੂੰ ਰੋਕਿਆ ਜਾ ਸਕੇ। ਪੁਲਿਸ ਕਮਿਸ਼ਨਰ ਨੇ ਦੋਹਰਾਇਆ ਕਿ ਆਮ ਲੋਕਾਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.