November 7, 2026

Justice News

ਅਵਾਮ ਦੀ ਆਵਾਜ਼

ਡਾ. ਓਬਰਾਏ ਦੇ ਯਤਨਾਂ ਸਦਕਾ ਲੁਧਿਆਣਾ ਦੇ ਨੌਜਵਾਨ ਰਮਨਦੀਪ ਕੁਮਾਰ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ

ਅੰਮ੍ਰਿਤਸਰ, 

 

(ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ)-

 ਖਾੜੀ ਮੁਲਕਾਂ ਅੰਦਰ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਨਾਲ ਸਬੰਧਤ 31 ਸਾਲਾ ਨੌਜਵਾਨ ਰਮਨਦੀਪ ਕੁਮਾਰ (ਪੁੱਤਰ ਸੁਰਿੰਦਰ ਕੁਮਾਰ) ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਪਹੁੰਚ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਰਮਨਦੀਪ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਤਿੰਨ ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਦੁਬਈ ਗਿਆ ਸੀ। ਲੰਘੀ 27 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਮ੍ਰਿਤਕ ਦੀ ਅਮਰੀਕਾ ਰਹਿ ਰਹੀ ਭੈਣ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਇਸ ਭਾਣੇ ਬਾਰੇ ਦੱਸਿਆ ਸੀ।

ਇਸ ਤੋਂ ਬਾਅਦ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ਹੇਠ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਈ ਅਤੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਭਾਰਤ ਭੇਜਣ ਦਾ ਖਰਚਾ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ।

ਹਵਾਈ ਅੱਡੇ ‘ਤੇ ਦੇਹ ਪਹੁੰਚਣ ਉਪਰੰਤ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਮਨਪ੍ਰੀਤ ਸਿੰਘ ਸੰਧੂ ਦੀ ਦੇਖ-ਰੇਖ ਹੇਠ, ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਮ੍ਰਿਤਕ ਦੇਹ ਨੂੰ ਲੁਧਿਆਣਾ ਵਿਖੇ ਉਸ ਦੇ ਘਰ ਪਹੁੰਚਾਇਆ ਗਿਆ।

ਹਵਾਈ ਅੱਡੇ ‘ਤੇ ਮ੍ਰਿਤਕ ਦੇਹ ਪ੍ਰਾਪਤ ਕਰਨ ਪਹੁੰਚੇ ਰਮਨਦੀਪ ਦੇ ਭਰਾ ਅਜੇ ਕੁਮਾਰ, ਅਸ਼ਵਨੀ ਕੁਮਾਰ ਅਤੇ ਸਮੁੱਚੇ ਪਰਿਵਾਰ ਨੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਓਬਰਾਏ ਦੀ ਬਦੌਲਤ ਹੀ ਉਨ੍ਹਾਂ ਨੂੰ ਰਮਨਦੀਪ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ।

ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 480 ਦੇ ਕਰੀਬ ਬਦਨਸੀਬ ਲੋਕਾਂ ਦੀਆਂ ਮ੍ਰਿਤਕ ਦੇਹਾਂ ਵਿਦੇਸ਼ਾਂ ਤੋਂ ਲਿਆ ਕੇ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.