November 10, 2026

Justice News

ਅਵਾਮ ਦੀ ਆਵਾਜ਼

ਸਾਢੇ ਚਾਰ ਸਾਲਾਂ ਵਿੱਚ ਅਸਾਮੀਆਂ ਖੁਣੋਂ ਬੇਰੁਜ਼ਗਾਰਾਂ ਦੇ ਖਾਤੇ ਖ਼ਾਲੀ -320 ਦਿਨਾਂ ਤੋਂ ਪੱਕਾ ਮੋਰਚਾ ਜਾਰੀ -ਹੁਣ ਮੁੱਖ ਮੰਤਰੀ ਦੇ ਦਫ਼ਤਰ ਅੱਗੇ ਵੀ ਲੱਗੇਗਾ ਪੱਕਾ ਮੋਰਚਾ 

ਸੰਗਰੂਰ,
(  )
ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪਿਛਲੇ 320 ਦਿਨਾਂ ਤੋ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਇੱਕ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਸਥਿਤ ਦਫਤਰ ਸਾਹਮਣੇ ਲਾਉਣ ਦਾ ਐਲਾਨ ਕਰ ਦਿੱਤਾ ਹੈ।
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ, ਹਰਜਿੰਦਰ ਝੁਨੀਰ ਅਤੇ ਗੁਰਪ੍ਰੀਤ ਸਿੰਘ ਪੱਕਾ ਕਲਾਂ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (55% ਤੋਂ ਪੀੜਤ) ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ ਉਲਟਾ ਮਾਸਟਰ ਕੇਡਰ ਭਰਤੀ ਲਈ ਕਾਂਗਰਸ ਵੱਲੋਂ ਰੱਦ ਕੀਤੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੜ ਲਾਗੂ ਕੀਤਾ ਹੈ। ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਦਰਜਨਾਂ ਵਾਰ ਜਨਤਕ ਐਲਾਨ ਕਰਨ ਦੇ ਬਾਵਜੂਦ ਉਮਰ ਹੱਦ ਛੋਟ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ।ਉਹਨਾਂ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਵਾਰ-ਵਾਰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਜਾ ਕੇ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਸ਼ਾਂਤਮਈ ਤਰੀਕੇ ਨਾਲ ਡੀਸੀ ਦਫਤਰ ਦੇ ਗੇਟ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਦੀ ਇੱਕ ਵੀ ਨਵੀ ਅਸਾਮੀ ਜਾਰੀ ਨਹੀਂ ਕੀਤੀ ਅਤੇ ਆਪਣੇ ਪ੍ਰਚਾਰ ਰਾਹੀਂ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆਉਣ ਦੇ ਦਮਗਜੇ ਮਾਰਦੀ ਆ ਰਹੀ ਹੈ।
ਆਗੂਆਂ ਨੇ ਦੱਸਿਆ ਕਿ ਉਹ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀਆਂ ਘੱਟੋ ਘੱਟ 15 ਹਜ਼ਾਰ ਅਸਾਮੀਆਂ ਜਾਰੀ ਕਰਵਾਉਣ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੱਢੋਂ ਰੱਦ ਕਰਵਾਉਣ, ਉਮਰ ਹੱਦ ਛੋਟ ਲੈਣ,ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼)ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਸਮੇਤ ਜਾਰੀ ਕਰਵਾਉਣ, ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਕਰੋਨਾ ਵਲੰਟੀਅਰਜ਼ ਨੂੰ ਬਿਨਾ ਸ਼ਰਤ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਰੈਗੂਲਰ ਭਰਤੀ ਕਰਵਾਉਣ ਲਈ ਇੱਕ ਮੋਰਚਾ 14 ਨਵੰਬਰ ਤੋਂ ਮੁੱਖ ਮੰਤਰੀ ਦੇ ਮੁੱਖ ਦਫਤਰ ਧੂਰੀ ਦੇ ਗੇਟ ਅੱਗੇ ਸ਼ੁਰੂ ਕਰਨਗੇ।ਉਹਨਾਂ ਸਮੂਹ ਬੇਰੁਜ਼ਗਾਰਾਂ ਨੂੰ 14 ਨਵੰਬਰ ਸਵੇਰੇ 11 ਵਜੇ ਧੂਰੀ ਪਹੁੰਚਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.