ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ; ਕੂੜਾ ਪ੍ਰਬੰਧਨ, ਸਫ਼ਾਈ ਅਤੇ ਲੋਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ*
ਲੁਧਿਆਣਾ
( ਵਿਜੇ ਭਾਂਬਰੀ )
2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਦਮਨਜੀਤ ਸਿੰਘ ਮਾਨ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ।
ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ, ਨਵ-ਨਿਯੁਕਤ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕੀਤੀ।
ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਦਾ ਸਵਾਗਤ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤਾ ਗਿਆ, ਜਿਨ੍ਹਾਂ ਵਿੱਚ ਜੁਆਇੰਟ ਕਮਿਸ਼ਨਰ ਤਪਨ ਭਨੋਟ, ਸਹਾਇਕ ਕਮਿਸ਼ਨਰ ਨੀਰਜ ਜੈਨ, ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਅਤੇ ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਨਵ-ਨਿਯੁਕਤ ਕਮਿਸ਼ਨਰ ਮਾਨ ਦਾ ਪੰਜਾਬ ਪੁਲਿਸ ਦੀ ਇੱਕ ਟੁਕੜੀ ਵੱਲੋਂ ‘ਗਾਰਡ ਆਫ਼ ਆਨਰ’ ਦੇ ਕੇ ਸਵਾਗਤ ਕੀਤਾ ਗਿਆ।
ਪ੍ਰਸ਼ਾਸਨਿਕ ਖੇਤਰ ਦਾ ਮਜ਼ਬੂਤ ਤਜਰਬਾ ਰੱਖਣ ਵਾਲੇ ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਲੁਧਿਆਣਾ ਜ਼ਿਲ੍ਹੇ ਵਿੱਚ ਸੇਵਾ ਨਿਭਾ ਚੁੱਕੇ ਹਨ ਅਤੇ ਅੱਗੇ ਵੀ ਇਹ ਯਕੀਨੀ ਬਣਾਉਣਗੇ ਕਿ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸੇਵਾਵਾਂ ਮਿਲਦੀਆਂ ਰਹਿਣ।
ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ, ਮਾਨ ਨੇ ਕਿਹਾ ਕਿ ਕੂੜਾ ਪ੍ਰਬੰਧਨ, ਸਫ਼ਾਈ, ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ, ਪਾਰਦਰਸ਼ਤਾ, ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਬਕਾਇਆ ਰਾਸ਼ੀ ਦੀ ਵਸੂਲੀ ਆਦਿ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ।
ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ ਨੂੰ ਸਮਝਣ ਲਈ ਜਨਤਾ ਨਾਲ ਸਿੱਧੇ ਰਾਬਤੇ ਨੂੰ ਉਤਸ਼ਾਹਿਤ ਕਰਨਗੇ ਅਤੇ ਆਮ ਲੋਕਾਂ ਦੀ ਸਹੂਲਤ ਲਈ ਢੁਕਵੇਂ ਕਦਮ ਚੁੱਕਣਗੇ।
ਇਸ ਦੇ ਨਾਲ ਹੀ, ਮਾਨ ਨੇ ਆਮ ਲੋਕਾਂ, ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼), ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏਜ਼), ਮੀਡੀਆ ਅਤੇ ਹੋਰ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ।