ਵਿਧਾਨ ਸਭਾ ਚੋਣਾਂ-2027-ਪੰਜਾਬ ਖੇਤੀਬਾੜੀ ਯੂਨੀਵਰਸਿਟੀ ’ਚ ਭਲਕੇ 12 ਨਵੰਬਰ ਤੋਂ ਈ.ਵੀ.ਐਮਜ਼ ਅਤੇ ਵੀ.ਵੀ ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਸ਼ੁਰੂ
ਲੁਧਿਆਣਾ
(ਜਸਟਿਸ ਨਿਊਜ਼ )
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ ਪੈਟ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ) ਦਾ ਕੰਮ ਭਲਕੇ 12 ਨਵੰਬਰ ਨੂੰ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਫਸਟ ਲੈਵਲ ਚੈਕਿੰਗ ਦਾ ਕੰਮ ਭਾਰਤ ਇਲੈਕਟਰੋਨਿਕਸ ਲਿਮਟਿਡ (ਬੀ.ਈ.ਐਲ.) ਕੰਪਨੀ ਦੇ ਇੰਜੀਨੀਅਰਾਂ ਦੁਆਰਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਲੋਰੀਕਲਚਰ ਵਿਭਾਗ ਨੇੜੇ ਪ੍ਰੀਖਿਆ ਹਾਲ ਵਿਖੇ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕਾਰਜ਼ਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੰਪਨੀ ਵੱਲੋਂ 10 ਇੰਜੀਨੀਅਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।
ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇਆਂ ਨੂੰ ਫਸਟ ਲੈਵਲ ਚੈਕਿੰਗ ਪ੍ਰਕਿਰਿਆ ਸ਼ੁਰੂ ਹੋਣ ਤੋਂ ਖਤਮ ਹੋਣ ਤੱਕ ਹਾਲ ਵਿਖੇ ਨਿਜੀ ਤੌਰ ’ਤੇ ਹਾਜਰ ਰਹਿਣ ਦੀ ਵੀ ਅਪੀਲ ਕੀਤੀ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ਵਿੱਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।
ਈ.ਵੀ.ਐਮ. ਦੀ ਸੁਰੱਖਿਆ ਦੇ ਮੱਦੇਨਜ਼ਰ ਐਫ ਐਲ ਸੀ ਹਾਲ ਵਿਖੇ ਸੁਰੱਖਿਆ ਪੱਖੋ ਪੁਖਤਾ ਪ੍ਰਬੰਧ ਵੀ ਕਰ ਦਿੱਤੇ ਗਏ ਹਨ। ਐਫ ਐਲ ਸੀ ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ/ਅਧਿਕਾਰੀ/ਕਰਮਚਾਰੀ ਨੂੰ ਐਫ ਐਲ ਸੀ ਹਾਲ ਵਿਖੇ ਬਿਨ੍ਹਾਂ ਵੈਲਿਡ ਆਈ.ਡੀ. ਕਾਰਡ ਦਾਖਲ ਹੋਣ ਦੀ ਅਨੁਮਤੀ ਨਹੀ ਹੋਵੇਗੀ।