ਸੰਗਰੂਰ ਨੇੜੇ ਪੀ.ਆਰ.ਟੀ.ਸੀ. ਬੱਸ ਹਾਦਸੇ ’ਤੇ ਦਰਸ਼ਨ ਕਾਂਗੜਾ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ-ਸੰਗਰੂਰ ਦੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਨੂੰ ਤੁਰੰਤ ਪੂਰੀ ਸਮਰੱਥਾ ਨਾਲ ਚਾਲੂ ਕਰਨ ਦੀ ਕੀਤੀ ਮੰਗ
ਸੰਗਰੂਰ,
( ਜਸਟਿਸ ਨਿਊਜ਼ )
ਸੰਗਰੂਰ ਵਿਖੇ ਪੀ.ਆਰ.ਟੀ.ਸੀ. ਦੀ ਬੱਸ ਨਾਲ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਮਹਿਲਾਵਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਅਤੇ ਦੋ ਦਰਜਨ ਤੋਂ ਵੱਧ ਲੋਕਾਂ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਦੁਖਦਾਈ ਖ਼ਬਰ ’ਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਨੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਹ ਮਿਸ਼ਨ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਉਨ੍ਹਾਂ ਇਸ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਭਾਰਤੀਯ ਅੰਬੇਡਕਰ ਮਿਸ਼ਨ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ।
ਸ਼੍ਰੀ ਕਾਂਗੜਾ ਨੇ ਕਿਹਾ ਕਿ ਇਸ ਹਾਦਸੇ ਨੇ ਸੰਗਰੂਰ ਜ਼ਿਲ੍ਹੇ ਦੀ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਮੈਡੀਕਲ ਸਹੂਲਤਾਂ ਦੀ ਇੱਕ ਕੌੜੀ ਹਕੀਕਤ ਨੂੰ ਮੁੜ ਉਜਾਗਰ ਕੀਤਾ ਹੈ। ਇਹ ਬੇਹੱਦ ਚਿੰਤਾਜਨਕ ਹੈ ਕਿ ਗੰਭੀਰ ਹਾਦਸਿਆਂ ਦੌਰਾਨ ਮਰੀਜ਼ਾਂ ਨੂੰ ਬਿਹਤਰ ਇਲਾਜ ਲਈ ਦੂਜੇ ਸ਼ਹਿਰਾਂ ਵੱਲ ਲਿਜਾਣਾ ਪੈਂਦਾ ਹੈ, ਜਦਕਿ ਅਜਿਹੇ ਸਮੇਂ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਸਮੇਂ ਸਿਰ ਮਿਲਿਆ ਇਲਾਜ ਕਿਸੇ ਦੀ ਜਾਨ ਬਚਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸੰਗਰੂਰ ਵਿਖੇ ਪ੍ਰਸਤਾਵਿਤ ਪੀ.ਜੀ.ਆਈ. ਸੈਟੇਲਾਈਟ ਸੈਂਟਰ ਪੂਰੀ ਤਰ੍ਹਾਂ ਕਾਰਜਸ਼ੀਲ ਹੁੰਦਾ ਤਾਂ ਗੰਭੀਰ ਜ਼ਖ਼ਮੀਆਂ ਨੂੰ ਉੱਨਤ ਇਲਾਜ ਲਈ ਪਟਿਆਲਾ ਵੱਲ ਲਿਜਾਣ ਦੀ ਲੋੜ ਕਾਫ਼ੀ ਹੱਦ ਤੱਕ ਘੱਟ ਹੋ ਸਕਦੀ ਸੀ। ਸੰਗਰੂਰ ਜ਼ਿਲ੍ਹੇ ਦੇ ਲੋਕਾਂ ਨੂੰ ਆਧੁਨਿਕ ਅਤੇ ਉੱਨਤ ਸਿਹਤ ਸਹੂਲਤਾਂ ਆਪਣੇ ਹੀ ਸ਼ਹਿਰ ਵਿੱਚ ਮਿਲਣੀਆਂ ਚਾਹੀਦੀਆਂ ਹਨ। ਸ਼੍ਰੀ ਦਰਸ਼ਨ ਕਾਂਗੜਾ ਨੇ ਪੰਜਾਬ ਸਰਕਾਰ ਅਤੇ ਸਬੰਧਤ ਕੇਂਦਰੀ ਸਿਹਤ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਸੰਗਰੂਰ ਦੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਨੂੰ ਹੋਰ ਦੇਰੀ ਕੀਤੇ ਬਿਨਾਂ ਤੁਰੰਤ ਪੂਰੀ ਸਮਰੱਥਾ ਨਾਲ ਚਾਲੂ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਐਮਰਜੈਂਸੀ ਸਮੇਂ ਉੱਚ ਪੱਧਰੀ ਇਲਾਜ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਜੁੜੇ ਸਿਹਤ ਸਹੂਲਤਾਂ ਦੇ ਮੁੱਦੇ ਨੂੰ ਹੋਰ ਲਟਕਾਇਆ ਨਹੀਂ ਜਾ ਸਕਦਾ। ਸੰਗਰੂਰ ਨੂੰ ਸਿਰਫ਼ ਐਲਾਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਆਧੁਨਿਕ ਸਿਹਤ ਸਹੂਲਤਾਂ ਦੀ ਲੋੜ ਹੈ। ਜ਼ਿੰਦਗੀਆਂ ਬਚਾਉਣ ਲਈ ਪੀ.ਜੀ.ਆਈ. ਸੈਟੇਲਾਈਟ ਸੈਂਟਰ ਨੂੰ ਤੁਰੰਤ ਚਾਲੂ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸ਼੍ਰੀ ਦਰਸ਼ਨ ਕਾਂਗੜਾ ਨਾਲ ਹੋਰ ਵੀ ਆਗੂ ਹਾਜ਼ਰ ਸਨ।