ਪਿੰਡ ਗੁੜੇ ’ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਆਯੋਜਿਤ
ਲੁਧਿਆਣਾ
( ਵਿਜੇ ਭਾਂਬਰੀ )
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਗੁੜੇ, ਬਲਾਕ ਸਿੱਧਵਾਂ ਬੇਟ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਰਿਟਾਇਰਡ ਜੁਆਇੰਟ ਡਾਇਰੈਕਟਰ ਡਾ. ਗੁਰਨਾਮ ਸਿੰਘ ਸੇਖੋਂ, ਡੇਅਰੀ ਵਿਕਾਸ ਇੰਸਪੈਕਟਰ ਸੁਖਵਿੰਦਰ ਸਿੰਘ ਅਤੇ ਮਿਸ ਅਨੁਰਾਗਦੀਪ ਕੌਰ ਵੱਲੋਂ ਡੇਅਰੀ ਫਾਰਮਰਾਂ ਨੂੰ ਪੰਜਾਬ ਡੇਅਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਸ਼ੂਆਂ ਦੀ ਸੰਤੁਲਿਤ ਖੁਰਾਕ, ਹਰੇ ਚਾਰੇ ਦੀ ਮਹੱਤਤਾ, ਡੇਅਰੀ ਫਾਰਮਿੰਗ ਲਈ ਕਰਜ਼ਾ ਕੇਸਾਂ, ਪਸ਼ੂਆਂ ਦੇ ਬੀਮੇ, ਕੈਟਲ ਸ਼ੈੱਡ ਅਤੇ ਮਿਲਕਿੰਗ ਮਸ਼ੀਨ ਸਬਸਿਡੀ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ (SCSP) ਵਰਗ ਦੇ ਕਿਸਾਨਾਂ ਲਈ 30-11-2026 ਤੋਂ ਮੁਫ਼ਤ ਡੇਅਰੀ ਸਿਖਲਾਈ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਦੌਰਾਨ ਕਿਸਾਨਾਂ ਨੂੰ ₹3,500 ਦੀ ਸਕਾਲਰਸ਼ਿਪ ਵੀ ਦਿੱਤੀ ਜਾਵੇਗੀ। ਯੋਗ ਕਿਸਾਨਾਂ ਨੂੰ ਇਸ ਸਿਖਲਾਈ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਕੈਂਪ ਦੌਰਾਨ ਡੇਅਰੀ ਫਾਰਮਰਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਡੇਅਰੀ ਕਿੱਤੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਹ ਕੈਂਪ ਪੰਜਾਬ ਦੇ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ।