ਭਗਵੰਤ ਮਾਨ ਸਰਕਾਰ ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਵਚਨਬੱਧ; ਸੂਬੇ ਭਰ ‘ਚ ਛਠ ਪੂਜਾ ਨੂੰ ਸੁਰੱਖਿਅਤ, ਸੁਚਾਰੂ ਅਤੇ ਸ਼ਾਨਦਾਰ ਢੰਗ ਨਾਲ ਮਨਾਉਣਾ ਯਕੀਨੀ ਬਣਾਇਆ: ਅਮਨ ਅਰੋੜਾ
ਲੁਧਿਆਣਾ
( ਜਸਟਿਸ ਨਿਊਜ਼ )
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆ ਨੇ ਅੱਜ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ 15 ਨਵੰਬਰ ਨੂੰ ਮਨਾਏ ਜਾਣ ਵਾਲੇ ਛਠ ਪੂਜਾ ਤਿਉਹਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਮੰਤਰੀਆਂ ਨੇ ਪੱਖੋਵਾਲ ਰੋਡ ‘ਤੇ ਸਿੱਧਵਾਂ ਨਹਿਰ ਦੇ ਪੁਲ ਅਤੇ ਲਾਢੋਵਾਲ ਵਿਖੇ ਸਤਲੁਜ ਦਰਿਆ ‘ਤੇ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਮੰਤਰੀਆਂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਜੀਵਨ ਸਿੰਘ ਸੰਗੋਵਾਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੂਜਾ ਘਾਟਾਂ, ਸੁਰੱਖਿਆ ਪ੍ਰਬੰਧਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਗੋਤਾਖੋਰ ਟੀਮਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਦੀ ਖੂਬਸੂਰਤੀ ਇਸ ਦੇ ਧਾਰਮਿਕ ਸਦਭਾਵਨਾ ਵਿੱਚ ਹੈ ਅਤੇ ਭਗਵੰਤ ਮਾਨ ਸਰਕਾਰ ਹਰ ਧਰਮ ਅਤੇ ਹਰ ਤਿਉਹਾਰ ਨੂੰ ਬਰਾਬਰ ਦਾ ਸਤਿਕਾਰ ਦਿੰਦੀ ਹੈ। ਪੰਜਾਬ ਗੁਰੂਆਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਆਪਣੇ ਧਰਮ ‘ਤੇ ਦ੍ਰਿੜ ਰਹਿੰਦੇ ਹੋਏ ਦੂਜੇ ਧਰਮਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕਰਦੀਆਂ ਹਨ, ਜਿਸ ਨਾਲ ਵਿਸ਼ਵਵਿਆਪੀ ਭਾਈਚਾਰੇ ਦੀ ਭਾਵਨਾ ਮਜ਼ਬੂਤ ਹੁੰਦੀ ਹੈ। 15 ਨਵੰਬਰ ਨੂੰ ਦੇਸ਼ ਭਰ ਵਿੱਚ ਛਠ ਪੂਜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ।” ਮੰਤਰੀ ਨੇ ਕਿਹਾ, “ਪੰਜਾਬ ਨੇ ਹਮੇਸ਼ਾ ਧਾਰਮਿਕ ਸਦਭਾਵਨਾ, ਆਪਸੀ ਸਤਿਕਾਰ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਿਆ ਹੈ। ਪਰਵਾਸੀ ਪਰਿਵਾਰਾਂ ਦੀਆਂ ਭਾਵਨਾਵਾਂ ਅਤੇ ਧਾਰਮਿਕ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲੇ ਅਤੇ ਉਹ ਸ਼ਰਧਾ ਤੇ ਖੁਸ਼ੀ ਨਾਲ ‘ਛਠ ਪੂਜਾ’ ਮਨਾਉਣ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਾਪਤ ਕਰ ਸਕਣ।”
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਸੀ, ਜਿਸ ਵਿੱਚ ਪੰਜਾਬ ਭਰ ਵਿੱਚ ਉਨ੍ਹਾਂ ਸਾਰੀਆਂ ਥਾਵਾਂ ‘ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ, ਜਿੱਥੇ ਛਠ ਪੂਜਾ ਦੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਹਰ ਸੰਭਵ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੁਧਿਆਣਾ ਪ੍ਰਸ਼ਾਸਨ ਨੂੰ ਤਿਉਹਾਰ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ, “ਪ੍ਰਸ਼ਾਸਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਆਵਾਜਾਈ ਦਾ ਸੁਚਾਰੂ ਪ੍ਰਬੰਧਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਏਗਾ। ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਐਸ ਡੀ ਆਰ ਐਫ ਦੀਆਂ ਟੀਮਾਂ ਅਤੇ ਸਿਖਲਾਈ ਪ੍ਰਾਪਤ ਗੋਤਾਖੋਰ ਵੀ ਤਾਇਨਾਤ ਰਹਿਣਗੇ। ਸਾਡੀ ਪਹਿਲ ਇਹ ਯਕੀਨੀ ਬਣਾਉਣਾ ਹੈ ਕਿ ਹਰ ਸ਼ਰਧਾਲੂ ਬਿਨਾਂ ਕਿਸੇ ਪਰੇਸ਼ਾਨੀ ਦੇ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈ ਸਕੇ।”
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਗੇ ਦੱਸਿਆ ਕਿ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ, 0161-2403100, ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਜੇਕਰ ਕਿਸੇ ਨੂੰ ਤਿਉਹਾਰ ਤੋਂ ਪਹਿਲਾਂ, ਦੌਰਾਨ ਜਾਂ ਬਾਅਦ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਹ ਇਸ ਹੈਲਪਲਾਈਨ ਰਾਹੀਂ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ। ਪ੍ਰਸ਼ਾਸਨ ਲੋੜ ਪੈਣ ‘ਤੇ ਜ਼ਰੂਰੀ ਸਾਧਨਾਂ, ਜਿਵੇਂ ਕਿ ਜੇ ਸੀ ਬੀ ਮਸ਼ੀਨਾਂ, ਪਾਣੀ ਦੇ ਟੈਂਕਰ, ਤਰਪਾਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਵਿੱਚ ਵੀ ਮਦਦ ਕਰੇਗਾ।”
ਦੋਵਾਂ ਮੰਤਰੀਆਂ ਨੇ ਛਠ ਪੂਜਾ ਮਨਾਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਡਵਾਂਸ ਵਧਾਈ ਦਿੱਤੀ ਅਤੇ ਦੁਹਰਾਇਆ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਕੋਈ ਇਹ ਤਿਉਹਾਰ ਸੁਰੱਖਿਅਤ, ਸ਼ਾਂਤਮਈ ਅਤੇ ਖੁਸ਼ਹਾਲ ਮਾਹੌਲ ਵਿੱਚ ਮਨਾ ਸਕੇ।
ਬਾਅਦ ਵਿੱਚ, ਮੰਤਰੀਆਂ ਨੇ ਲਾਡੋਵਾਲ ਵਿਖੇ ਸਤਲੁਜ ਦਰਿਆ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਖੁਦ ਸਮੀਖਿਆ ਕੀਤੀ।