November 12, 2026

Justice News

ਅਵਾਮ ਦੀ ਆਵਾਜ਼

ਪ੍ਰਦੀਪ ਸਿੰਘ ਬੈਂਸ ਪੀ.ਸੀ.ਐਸ. ਨੇ ਖੰਨਾ ਦੇ ਐਸ.ਡੀ.ਐਮ. ਵਜੋਂ ਸੰਭਾਲਿਆ ਅਹੁਦਾ-ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਅਤੇ ਬਿਹਤਰ ਪ੍ਰਸ਼ਾਸਨ ਦੇਣਾ ਰਹੇਗੀ ਤਰਜੀਹ: ਬੈਂਸ

ਖੰਨਾ

 ( ਜਸਟਿਸ ਨਿਊਜ਼ )

ਪ੍ਰਦੀਪ ਸਿੰਘ ਬੈਂਸ ਪੀ.ਸੀ.ਐਸ. ਨੇ ਅੱਜ ਖੰਨਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਉਪ ਮੰਡਲ ਮੈਜਿਸਟ੍ਰੇਟ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੇ ਪ੍ਰਸ਼ਾਸਨਿਕ ਤਜਰਬੇ ਅਤੇ ਕਾਰਜਕੁਸ਼ਲਤਾ ਨਾਲ ਖੰਨਾ ਸਬ-ਡਵੀਜ਼ਨ ਵਿੱਚ ਸਰਕਾਰੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਉਮੀਦ ਹੈ।

ਅਹੁਦਾ ਸੰਭਾਲਣ ਉਪਰੰਤ ਪ੍ਰਦੀਪ ਸਿੰਘ ਬੈਂਸ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸਬ-ਡਵੀਜ਼ਨ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ, ਨਾਗਰਿਕ ਸਹੂਲਤਾਂ ਵਿੱਚ ਸੁਧਾਰ ਕਰਨ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਨਿਯਮਤ ਸਮੀਖਿਆ ਕਰਨ ਨੂੰ ਵੀ ਤਰਜੀਹ ਦਿੱਤੀ ਜਾਵੇਗੀ।

ਐਸ.ਡੀ.ਐਮ. ਨੇ ਕਿਹਾ ਕਿ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣਾ ਸਮੇਂ ਦੀ ਲੋੜ ਹੈ। ਇਸ ਲਈ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.