November 17, 2026

Justice News

ਅਵਾਮ ਦੀ ਆਵਾਜ਼

ਹਰਿਆਣਾ ਨਿਊਜ਼

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਹਿਰੀ ਸਵਾਮਿਤਵ ਯੋਜਨਾ ਦੀ ਸਮੀਖਿਆ,ਸ਼ਹਿਰੀ ਸਵਾਮਿਤਵ ਯੋਜਨਾ ਤਹਿਤ ਦੁਕਾਨਾਂ ਦੇ ਮਾਲਕਾਨਾ ਹੱਕ ਦੇ ਲੰਬਿਤ ਮਾਮਲਿਆਂ ਦਾ ਇੱਕ ਮਹੀਨੇ ਵਿੱਚ ਨਿਪਟਾਰਾ ਕਰਨ ਦੇ ਦਿੱਤੇ ਸਪੱਸ਼ਟ ਨਿਰਦੇਸ਼

ਚੰਡੀਗੜ੍ਹ 

 ( ਜਸਟਿਸ ਨਿਊਜ਼  )

 ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸ਼ਹਿਰੀ ਸਵਾਮਿਤਵ ਯੋਜਨਾ 1.0 ਅਤੇ ਸ਼ਹਿਰੀ ਸਵਾਮਿਤਵ ਯੋਜਨਾ 2.0 ਤਹਿਤ ਦੁਕਾਨਦਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦਾ ਇੱਕ ਮਹੀਨੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਯੋਗ ਦੁਕਾਨਦਾਰਾਂ ਨੂੰ ਉਨ੍ਹਾਂ ਦੀਆਂ ਦੁਕਾਨਾਂ ਦਾ ਮਾਲਕਾਨਾ ਹੱਕ ਦੇਣ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਇਸ ਦੇ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ।

ਮੁੱਖ ਮੰਤਰੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸਵਾਮਿਤਵ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸਰਕਾਰ ਵਿਭਾਗ, ਮਾਲ ਵਿਭਾਗ, ਵਿਕਾਸ ਅਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਿੱਖਿਆ ਵਿਭਾਗ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ (HSVP) ਨਾਲ ਸਬੰਧਤ ਲੰਬਿਤ ਮਾਮਲਿਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਹਿੱਤ ਵਿੱਚ ਇਤਿਹਾਸਕ ਫੈਸਲਾ ਲੈਂਦਿਆਂ 20 ਸਾਲ ਤੋਂ ਵੱਧ ਸਮੇਂ ਤੋਂ ਕਿਰਾਏ, ਲੀਜ਼ ਜਾਂ ਲਾਇਸੈਂਸ ਫੀਸ ਦੇ ਆਧਾਰ ‘ਤੇ ਚੱਲ ਰਹੀਆਂ ਨਗਰ ਨਿਗਮਾਂ/ਨਿਕਾਏ ਦੀਆਂ ਦੁਕਾਨਾਂ ਦਾ ਮਾਲਕਾਨਾ ਹੱਕ ਉਨ੍ਹਾਂ ‘ਤੇ ਕਾਬਜ਼ ਯੋਗ ਵਿਅਕਤੀਆਂ ਨੂੰ ਦੇਣ ਦਾ ਫੈਸਲਾ ਲਿਆ ਸੀ। ਇਸੇ ਉਦੇਸ਼ ਨਾਲ ਮੁੱਖ ਮੰਤਰੀ ਸ਼ਹਿਰੀ ਸਵਾਮਿਤਵ ਯੋਜਨਾ ਸ਼ੁਰੂ ਕੀਤੀ ਗਈ ਸੀ, ਤਾਂ ਜੋ ਸਾਲਾਂ ਤੋਂ ਦੁਕਾਨਾਂ ਚਲਾ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਅਧਿਕਾਰ ਮਿਲ ਸਕੇ ਅਤੇ ਉਹ ਸਤਿਕਾਰ ਤੇ ਆਤਮ-ਵਿਸ਼ਵਾਸ ਨਾਲ ਆਪਣਾ ਕਾਰੋਬਾਰ ਕਰ ਸਕਣ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਤਰਜੀਹ ਆਮ ਨਾਗਰਿਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਪੂਰਾ, ਜਾਇਜ਼ ਅਤੇ ਨਿਰਵਿਵਾਦ ਮਾਲਕਾਨਾ ਅਧਿਕਾਰ ਦਿਵਾਉਣਾ ਹੈ। ਮਾਲਕਾਨਾ ਅਧਿਕਾਰ ਮਿਲਣ ਨਾਲ ਦੁਕਾਨਦਾਰਾਂ ਨੂੰ ਨਾ ਸਿਰਫ਼ ਸਥਿਰਤਾ ਮਿਲੇਗੀ, ਸਗੋਂ ਉਹ ਆਪਣੀ ਜਾਇਦਾਦ ਦੀ ਬਿਹਤਰ ਵਰਤੋਂ ਵੀ ਕਰ ਸਕਣਗੇ। ਸਰਕਾਰ ਦੀ ਮਨਸ਼ਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਮਿਲੇ ਅਤੇ ਕਿਸੇ ਵੀ ਵਿਅਕਤੀ ਨੂੰ ਵਿਭਾਗੀ ਪ੍ਰਕਿਰਿਆਵਾਂ ਕਾਰਨ ਬੇਲੋੜੀ ਪ੍ਰੇਸ਼ਾਨੀ ਨਾ ਝੱਲਣੀ ਪਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਮਾਮਲਿਆਂ ਵਿੱਚ ਵੱਖ-ਵੱਖ ਵਿਭਾਗਾਂ ਦੀ ਇਤਰਾਜ਼ਹੀਣਤਾ, ਦਸਤਾਵੇਜ਼ਾਂ ਦੀ ਤਸਦੀਕ ਜਾਂ ਹੋਰ ਰਸਮੀ ਕਾਰਵਾਈਆਂ ਕਾਰਨ ਕੰਮ ਲੰਬਿਤ ਹੈ, ਉਨ੍ਹਾਂ ਦਾ ਆਪਸੀ ਤਾਲਮੇਲ ਨਾਲ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਧਾਰਤ ਇੱਕ ਮਹੀਨੇ ਦੀ ਸਮਾਂ-ਸੀਮਾ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਯਕੀਨੀ ਬਣਾਉਣ ਲਈ ਅਧਿਕਾਰੀ ਨਿੱਜੀ ਤੌਰ ‘ਤੇ ਜ਼ਿੰਮੇਵਾਰੀ ਲੈ ਕੇ ਕੰਮ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਹਿਤੈਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਯੋਜਨਾਵਾਂ ਦਾ ਅਸਲ ਲਾਭ ਯੋਗ ਲੋਕਾਂ ਤੱਕ ਪਹੁੰਚਾਉਣਾ ਹੀ ਸਰਕਾਰ ਦੀ ਕਾਰਜਸ਼ੈਲੀ ਦਾ ਮੂਲ ਆਧਾਰ ਹੈ।

ਮੀਟਿੰਗ ਵਿੱਚ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਸ਼ਹਿਰੀ ਸਵਾਮਿਤਵ ਯੋਜਨਾ 1.0 ਤਹਿਤ ਹੁਣ ਤੱਕ ਕੁੱਲ 13,601 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 7,224 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ, ਜਦਕਿ 47 ਮਾਮਲੇ ਲੰਬਿਤ ਹਨ। ਇਸੇ ਤਰ੍ਹਾਂ, ਸ਼ਹਿਰੀ ਸਵਾਮਿਤਵ ਯੋਜਨਾ 2.0 ਤਹਿਤ ਕੁੱਲ 1,781 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 311 ਮਾਮਲਿਆਂ ਵਿੱਚ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ।

ਮੀਟਿੰਗ ਵਿੱਚ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਏ.ਕੇ. ਸਿੰਘ, ਨਗਰ ਅਤੇ ਗ੍ਰਾਮ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਅਨੁਰਾਗ ਅਗਰਵਾਲ, ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਜੇ ਦਹੀਆ, ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਅਸ਼ੋਕ ਕੁਮਾਰ ਮੀਣਾ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਡਾ. ਯਸ਼ ਪਾਲ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ਼੍ਰੀ ਅਜੇ ਕੁਮਾਰ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਅਸਾਮ ਅਤੇ ਹਰਿਆਣਾ ਦੇ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਕਰਨਗੇ ਆਪਸੀ ਸਹਿਯੋਗ ਅਤੇ ਤਾਲਮੇਲ

ਅਸਾਮ ਰਾਜ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਲਿਮਟਿਡ ਦੇ ਵਫ਼ਦ ਨੇ ਕੀਤਾ ਹਰਿਆਣਾ ਹੈੱਡਕੁਆਰਟਰ ਦਾ ਦੌਰਾ

ਚੰਡੀਗੜ੍ਹ 

 ( ਜਸਟਿਸ ਨਿਊਜ਼  )

 ਅਸਾਮ ਰਾਜ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਲਿਮਟਿਡ ਦੇ ਉਪ-ਚੇਅਰਮੈਨ ਸ਼੍ਰੀ ਸਿਮੰਤਾ ਦਾਸ ਅਤੇ ਡਾਇਰੈਕਟਰ ਬੋਰਡ ਦੇ ਮੈਂਬਰਾਂ ਨੇ ਅੱਜ ਹਰਿਆਣਾ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ।

ਇਸ ਮੌਕੇ ਹਰਿਆਣਾ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਸ਼੍ਰੀ ਬਲਦੇਵ ਸਿੰਘ ਗਰੋਹਾ, ਪ੍ਰਬੰਧ ਨਿਰਦੇਸ਼ਕ ਡਾ. ਵੰਦਨਾ ਦਿਸੋਦੀਆ ਅਤੇ ਨਿਗਮ ਦੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।

ਇਸ ਦੌਰਾਨ ਦੋਵਾਂ ਨਿਗਮਾਂ ਦੇ ਨੁਮਾਇੰਦਿਆਂ ਵਿਚਕਾਰ ਅਨੁਸੂਚਿਤ ਜਾਤੀ ਵਰਗ ਦੇ ਯੋਗ ਲਾਭਪਾਤਰੀਆਂ ਦੇ ਆਰਥਿਕ ਅਤੇ ਸਮਾਜਿਕ ਉਥਾਨ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਵੱਖ-ਵੱਖ ਕਰਜ਼ਾ ਯੋਜਨਾਵਾਂ ਦੇ ਸੰਚਾਲਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਲੈ ਕੇ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸਵੈ-ਰੁਜ਼ਗਾਰ, ਉੱਦਮਤਾ ਵਿਕਾਸ ਅਤੇ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਦੇ ਵੱਖ-ਵੱਖ ਉਪਾਵਾਂ ‘ਤੇ ਵੀ ਚਰਚਾ ਹੋਈ।

ਇਸ ਤੋਂ ਇਲਾਵਾ, ਕਰਜ਼ਾ ਵੰਡ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ, ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਵੰਡੇ ਗਏ ਕਰਜ਼ਿਆਂ ਦੀ ਸਮਾਂਬੱਧ ਤੇ ਪ੍ਰਭਾਵਸ਼ਾਲੀ ਵਸੂਲੀ ਯਕੀਨੀ ਬਣਾਉਣ ਲਈ ਅਪਣਾਈਆਂ ਜਾ ਸਕਣ ਵਾਲੀਆਂ ਰਣਨੀਤੀਆਂ ‘ਤੇ ਵੀ ਦੋਵਾਂ ਧਿਰਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ।

ਦੋਵਾਂ ਨਿਗਮਾਂ ਦੇ ਨੁਮਾਇੰਦਿਆਂ ਨੇ ਇੱਕ-ਦੂਜੇ ਦੀਆਂ ਯੋਜਨਾਵਾਂ, ਕਾਰਜਪ੍ਰਣਾਲੀ ਅਤੇ ਸਫਲ ਉਪਰਾਲਿਆਂ ਤੋਂ ਸਿੱਖਦਿਆਂ ਅਨੁਸੂਚਿਤ ਜਾਤੀ ਵਰਗ ਦੇ ਆਰਥਿਕ ਸਸ਼ਕਤੀਕਰਨ ਅਤੇ ਆਤਮ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਆਪਸੀ ਸਹਿਯੋਗ ਅਤੇ ਤਾਲਮੇਲ ਬਣਾਈ ਰੱਖਣ ‘ਤੇ ਜ਼ੋਰ ਦਿੱਤਾ।

ਸੁਰਿੰਦਰ ਕੁਮਾਰ ਸੈਣੀ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ, ਜੀਂਦ ਦੇ ਗੈਰ-ਸਰਕਾਰੀ ਮੈਂਬਰ ਨਾਮਜ਼ਦ

ਚੰਡੀਗੜ੍ਹ

( ਜਸਟਿਸ ਨਿਊਜ਼ )

ਹਰਿਆਣਾ ਸਰਕਾਰ ਨੇ ਪਿੰਡ ਜਲਾਲਪੁਰ ਖੁਰਦ, ਜ਼ਿਲ੍ਹਾ ਜੀਂਦ ਨਿਵਾਸੀ ਸ਼੍ਰੀ ਸੁਰਿੰਦਰ ਕੁਮਾਰ ਸੈਣੀ ਨੂੰ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ, ਜੀਂਦ ਦਾ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।

ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧ ਵਿੱਚ ਹੁਕਮ ਜਾਰੀ ਕੀਤੇ ਗਏ ਹਨ।

ਪੰਚਕੂਲਾ ਦੇ ਐਗਰੋਮਾਲ ਵਿੱਚ ਦਫ਼ਤਰੀ ਵਰਤੋਂ ਲਈ ਦੁਕਾਨਾਂ ਕਿਰਾਏ ‘ਤੇ ਉਪਲਬਧ

ਚੰਡੀਗੜ੍ਹ 

( ਜਸਟਿਸ ਨਿਊਜ਼  )

 ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਸੈਕਟਰ-20, ਪੰਚਕੂਲਾ ਸਥਿਤ ਐਗਰੋਮਾਲ ਭਵਨ ਵਿੱਚ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੀ ਦਫ਼ਤਰੀ ਵਰਤੋਂ ਲਈ ਦੁਕਾਨਾਂ ਕਿਰਾਏ ‘ਤੇ ਉਪਲਬਧ ਹਨ। ਚਾਹਵਾਨ ਵਿਭਾਗ, ਬੋਰਡ ਅਤੇ ਨਿਗਮ ਆਪਣੀ ਲੋੜ ਅਨੁਸਾਰ 40 ਰੁਪਏ ਪ੍ਰਤੀ ਵਰਗ ਫੁੱਟ ਦੀ ਦਰ ਨਾਲ ਇਨ੍ਹਾਂ ਦੁਕਾਨਾਂ ਨੂੰ ਕਿਰਾਏ ‘ਤੇ ਲੈ ਸਕਦੇ ਹਨ।

ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਇੱਕ ਪੱਤਰ ਅਨੁਸਾਰ, ਐਗਰੋਮਾਲ ਭਵਨ ਦੀ ਗਰਾਊਂਡ ਫਲੋਰ (ਹੇਠਲੀ ਮੰਜ਼ਿਲ) ‘ਤੇ ਛੋਟੀਆਂ ਅਤੇ ਵੱਡੀਆਂ ਕੁੱਲ 71 ਦੁਕਾਨਾਂ ਉਪਲਬਧ ਹਨ, ਜਿਨ੍ਹਾਂ ਦਾ ਕੁੱਲ ਖੇਤਰਫਲ ਲਗਭਗ 1,577.32 ਵਰਗ ਮੀਟਰ ਹੈ। ਇਸ ਤੋਂ ਇਲਾਵਾ, ਭਵਨ ਦੀ ਤੀਜੀ ਮੰਜ਼ਿਲ ‘ਤੇ 20 ਦੁਕਾਨਾਂ ਉਪਲਬਧ ਹਨ, ਜਿਨ੍ਹਾਂ ਦਾ ਕੁੱਲ ਖੇਤਰਫਲ ਲਗਭਗ 1,206.67 ਵਰਗ ਮੀਟਰ ਹੈ।

ਚਾਹਵਾਨ ਵਿਭਾਗ, ਬੋਰਡ ਅਤੇ ਨਿਗਮ ਦਫ਼ਤਰੀ ਵਰਤੋਂ ਲਈ ਇਨ੍ਹਾਂ ਦੁਕਾਨਾਂ ਨੂੰ ਕਿਰਾਏ ‘ਤੇ ਲੈਣ ਵਾਸਤੇ ਸਿੱਧਾ ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ, ਪੰਚਕੂਲਾ ਨਾਲ ਸੰਪਰਕ ਕਰ ਸਕਦੇ ਹਨ।

ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਐਗਰੋਮਾਲ ਭਵਨ ਨੂੰ ਕਿਰਾਏ ‘ਤੇ ਲੈਣ ਦੇ ਸਬੰਧ ਵਿੱਚ ਸਕੱਤਰੇਤ ਦੀ ਪ੍ਰਸ਼ਾਸਨਿਕ ਅਧਿਕਾਰੀ ਸ਼ਾਖਾ ਨਾਲ ਪੱਤਰ-ਵਿਹਾਰ ਕਰਨ ਦੀ ਲੋੜ ਨਹੀਂ ਹੈ, ਸਗੋਂ ਉਹ ਸਿੱਧਾ ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਨਾਲ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.