ਵੋਟਰ ਸੂਚੀਆਂ ਦੀ ਸੁਧਾਈ ਸਬੰਧੀ 22 ਨਵੰਬਰ ਅਤੇ 6 ਦਸੰਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ
ਸ੍ਰੀ ਮੁਕਤਸਰ ਸਾਹਿਬ
( ਜਸਟਿਸ ਨਿਊਜ਼ )
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (SSR-2026) ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਪੋਲਿੰਗ ਬੂਥਾਂ ’ਤੇ ਮਿਤੀ **22 ਨਵੰਬਰ 2026 ਅਤੇ 6 ਦਸੰਬਰ 2026 (ਐਤਵਾਰ)** ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (BLO) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ, ਵੋਟਰ ਵੇਰਵਿਆਂ ਵਿੱਚ ਸੋਧ ਕਰਵਾਉਣ ਅਤੇ ਹੋਰ ਸਬੰਧਤ ਚੋਣ ਸੇਵਾਵਾਂ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।
ਉਨ੍ਹਾਂ ਦੱਸਿਆ ਕਿ 18 ਅਤੇ 19 ਸਾਲ ਦੀ ਉਮਰ ਦੇ ਨੌਜਵਾਨਾਂ ਸਮੇਤ ਅਜਿਹੇ ਸਾਰੇ ਯੋਗ ਨਾਗਰਿਕ, ਜਿਨ੍ਹਾਂ ਨੇ ਹਾਲੇ ਤੱਕ ਆਪਣੀ ਵੋਟ ਨਹੀਂ ਬਣਵਾਈ, ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਅਤੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਸਬੰਧਤ ਪੋਲਿੰਗ ਬੂਥ ’ਤੇ ਪਹੁੰਚਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਯੋਗ ਨਾਗਰਿਕ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਕੇ ਦਾਅਵਾ ਪੇਸ਼ ਕਰ ਸਕਦੇ ਹਨ। ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਦੇ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਅਤੇ ਪ੍ਰਵਾਸੀ ਭਾਰਤੀਆਂ ਦੀ ਵੋਟ ਦਰਜ ਕਰਵਾਉਣ ਲਈ ਫਾਰਮ ਨੰਬਰ 6ਏ ਭਰਿਆ ਜਾ ਸਕਦਾ ਹੈ। ਇਹ ਫਾਰਮ ਆਨਲਾਈਨ ਪੋਰਟਲ voters.eci.gov.in ਜਾਂ Voter Helpline App ਰਾਹੀਂ ਵੀ ਭਰੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ (01633-262031) ਹਨ। ਇਸੇ ਤਰ੍ਹਾਂ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ (01633-263647) ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਜ਼ਰੂਰ ਚੈੱਕ ਕਰਨ ਅਤੇ ਲੋੜ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਦਾਅਵੇ ਜਾਂ ਇਤਰਾਜ਼ ਦਾਇਰ ਕਰਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਸਥਾਪਿਤ ਵੋਟਰ ਹੈਲਪਲਾਈਨ ਨੰਬਰ 1950 ‘ਤੇ ਫੋਨ ਕਰਕੇ ਵੀ ਚੋਣਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ – ਕਮ – ਸਵੀਪ ਨੋਡਲ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ ਅਤੇ ਸਹਾਇਕ ਨੋਡਲ ਅਫ਼ਸਰ ਰਾਜ ਕੁਮਾਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਆਪਣੀ ਵੋਟ ਸਬੰਧੀ ਜਾਣਕਾਰੀ ਦੀ ਜਾਂਚ ਕਰਕੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ।