November 21, 2026

Justice News

ਅਵਾਮ ਦੀ ਆਵਾਜ਼

ਕਾਂਗਰਸ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ : ਸੁੰਦਰ ਸ਼ਾਮ ਅਰੋੜਾ

 

ਹੁਸ਼ਿਆਰਪੁਰ,

(ਤਰਸੇਮ ਦੀਵਾਨਾ) –

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਸ਼ਿਆਰਪੁਰ ਸ਼ਹਿਰ ਵਿਕਾਸ ਪੱਖੋਂ ਪਛੜ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ, ਜਦਕਿ ਲੋਕ ਰੋਜ਼ਾਨਾ ਟੁੱਟੀਆਂ ਸੜਕਾਂ, ਸੀਵਰੇਜ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੁਸ਼ਿਆਰਪੁਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਲਿਆਂਦੀਆਂ ਗਈਆਂ ਸਨ। ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਪਿਛਲੀ ਸਰਕਾਰ ਵੱਲੋਂ ਜਾਰੀ ਕਰਵਾਈਆਂ ਗਈਆਂ ਇਨ੍ਹਾਂ ਗ੍ਰਾਂਟਾਂ ਨਾਲ ਹੀ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਂਦੇ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸ਼ਹਿਰ ਲਈ ਨਵੇਂ ਵਿਕਾਸ ਫੰਡ ਲਿਆਉਣ ਵਿੱਚ ਕੋਈ ਖ਼ਾਸ ਸਫ਼ਲਤਾ ਹਾਸਲ ਨਹੀਂ ਕਰ ਸਕੀ।

ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਰਹੀ ਹੈ। ਕਈ ਥਾਵਾਂ ’ਤੇ ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਲੋਕਾਂ ਲਈ ਪੈਦਲ ਚੱਲਣਾ ਵੀ ਮੁਸ਼ਕਲ ਬਣਿਆ ਹੋਇਆ ਹੈ। ਸੜਕਾਂ ਦੀ ਖਸਤਾ ਹਾਲਤ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਕਈ ਥਾਵਾਂ ’ਤੇ ਸੜਕਾਂ ਪੁੱਟਣ ਤੋਂ ਬਾਅਦ ਮਹੀਨਿਆਂ ਤੱਕ ਉਨ੍ਹਾਂ ਦੀ ਮੁੜ ਉਸਾਰੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ।

ਸਾਬਕਾ ਮੰਤਰੀ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਵੀ ਸ਼ਹਿਰ ਵਾਸੀਆਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ। ਦੂਜੇ ਪਾਸੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਸਰਕਾਰੀ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਹੀ ਖਾਲੀ ਪਈਆਂ ਹੋਣ ਤਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਕਿਵੇਂ ਮਿਲ ਸਕਦੀ ਹੈ?

ਸ੍ਰੀ ਅਰੋੜਾ ਨੇ ਦੋਸ਼ ਲਾਇਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਮੌਜੂਦਾ ਵਿਧਾਇਕ ਵੀ ਨਗਰ ਨਿਗਮ ਵਿੱਚ ਹੋ ਰਹੇ ਵਿਕਾਸ ਕਾਰਜਾਂ ਲਈ ਆਪਣੀ ਸਰਕਾਰ ਤੋਂ ਨਵੀਆਂ ਗ੍ਰਾਂਟਾਂ ਲਿਆਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਕਾਸ ਕਾਰਜਾਂ ਨੂੰ ਮੌਜੂਦਾ ਸਰਕਾਰ ਆਪਣੀ ਪ੍ਰਾਪਤੀ ਵਜੋਂ ਪੇਸ਼ ਕਰ ਰਹੀ ਹੈ, ਉਨ੍ਹਾਂ ਵਿੱਚੋਂ ਕਈ ਕੰਮਾਂ ਲਈ ਫੰਡ ਕਾਂਗਰਸ ਸਰਕਾਰ ਦੇ ਸਮੇਂ ਹੀ ਮੁਹੱਈਆ ਕਰਵਾਏ ਗਏ ਸਨ।

ਉਨ੍ਹਾਂ ਕਿਹਾ ਕਿ ਲੋਕ ਹੁਣ ਸਿਰਫ਼ ਐਲਾਨਾਂ ਅਤੇ ਵਾਅਦਿਆਂ ਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦੇ ਕੰਮਾਂ ਦਾ ਹਿਸਾਬ ਮੰਗਣਗੇ। ਸ੍ਰੀ ਅਰੋੜਾ ਨੇ ਦਾਅਵਾ ਕੀਤਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋਵੇਗਾ।

ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇਗਾ। ਸ਼ਹਿਰ ਦੀਆਂ ਸੜਕਾਂ, ਸੀਵਰੇਜ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਠੋਸ ਯੋਜਨਾਬੰਦੀ ਨਾਲ ਕੰਮ ਕੀਤਾ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਨਿਜਾਤ ਦਿਵਾਈ ਜਾ ਸਕੇ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.