ਜ਼ਿਲ੍ਹਾ ਪੱਧਰੀ ਸਵੀਪ ਲੇਖ ਅਤੇ ਕੁਇਜ਼ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ-ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ
( ਜਸਟਿਸ ਨਿਊਜ਼ )
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਸਫ਼ਲਤਾਪੂਰਵਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।
ਇਹ ਮੁਕਾਬਲੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ ਅਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ – ਕਮ- ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ ਦੀ ਰਹਿਨੁਮਾਈ ਹੇਠ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਕਰਵਾਏ ਗਏ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ। ਹਰੇਕ ਵਿਧਾਨ ਸਭਾ ਹਲਕੇ ਵਿੱਚੋਂ 10-10 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਲੇਖ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਅਤੇ ਲੋਕਤੰਤਰ ਨਾਲ ਸਬੰਧਤ ਵਿਸ਼ਿਆਂ ‘ਤੇ ਆਪਣੇ ਵਿਚਾਰ ਲਿਖਤੀ ਰੂਪ ਵਿੱਚ ਪੇਸ਼ ਕੀਤੇ, ਜਦਕਿ ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਚੋਣ ਪ੍ਰਣਾਲੀ, ਭਾਰਤੀ ਲੋਕਤੰਤਰ, ਵੋਟ ਦੇ ਅਧਿਕਾਰ ਅਤੇ ਆਮ ਗਿਆਨ ਨਾਲ ਸਬੰਧਤ ਸਵਾਲ ਪੁੱਛੇ ਗਏ।
ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਵਾਲਾਂ ਦੇ ਜਵਾਬ ਦਿੱਤੇ ਅਤੇ ਆਪਣੀ ਜਾਣਕਾਰੀ, ਸਮਝ ਅਤੇ ਤੁਰੰਤ ਜਵਾਬ ਦੇਣ ਦੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਲੇਖ ਮੁਕਾਬਲੇ ਵਿੱਚ ਵਿਦਿਆਰਥੀਆਂ ਦੀ ਲਿਖਣ ਕਲਾ, ਰਚਨਾਤਮਕ ਸੋਚ ਅਤੇ ਵਿਸ਼ੇ ਪ੍ਰਤੀ ਸਮਝ ਸਾਹਮਣੇ ਆਈ। ਦੋਵਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੌਕੇ ‘ਤੇ ਹੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਵੱਲੋਂ ਭੇਜੇ ਗਏ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।
ਲੇਖ ਮੁਕਾਬਲੇ ਵਿੱਚ ਪਹਿਲਾ ਸਥਾਨ ਅਰਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ, ਦੂਸਰਾ ਸਥਾਨ ਮਨਮੀਤ ਕੌਰ ਜੇ.ਐਨ.ਜੀ. ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ, ਤੀਸਰਾ ਸਥਾਨ ਸਤਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ, ਚੌਥਾ ਸਥਾਨ ਅਭਿਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ, ਪੰਜਵਾਂ ਸਥਾਨ ਮਨਦੀਪ ਕੌਰ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਨੇ ਅਤੇ ਕੁਇੱਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਹਰਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ, ਦੂਜਾ ਸਥਾਨ ਜਸ਼ਨਦੀਪ ਕੌਰ ਸਰਕਾਰੀ ਹਾਈ ਸਕੂਲ ਭੰਗਚੜੀ, ਤੀਜਾ ਸਥਾਨ ਪ੍ਰਭਜੋਤ ਕੌਰ ਦਸ਼ਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ, ਚੌਥਾ ਸਥਾਨ ਮਾਨਿਕ ਸੱਚਦੇਵਾ ਸਰਕਾਰੀ ਹਾਈ ਸਕੂਲ ਬਰਕੰਦੀ ਅਤੇ ਪੰਜਵਾਂ ਸਥਾਨ ਏਕਮਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਨੇ ਪ੍ਰਾਪਤ ਕੀਤਾ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਨੇ ਕਿਹਾ ਕਿ ਸਵੀਪ ਤਹਿਤ ਕਰਵਾਏ ਜਾ ਰਹੇ ਲੇਖ ਅਤੇ ਕੁਇਜ਼ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਤਰਕਸ਼ੀਲ ਸੋਚ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਵੀ ਪੈਦਾ ਕਰਦੇ ਹਨ।
ਗੌਰਤਲਬ ਹੈ ਕਿ ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਾਂਝੇ ਉਪਰਾਲੇ ਸਦਕਾ ਇਹ ਮੁਕਾਬਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਸਨ। ਇਸ ਮੌਕੇ ਮੈਡਮ ਨੇਹਾ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਬਾਦਲ, ਰਮਿੰਦਰ ਕੌਰ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਅਤੇ ਹਰਬੰਸ ਲਾਲ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਤੱਪਾ ਖੇੜਾ ਨੇ ਇਸ ਨਵੇਕਲੀ ਪਹਿਲ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਪਲੇਟਫਾਰਮ ਤੇ ਪਰਫੋਰਮ ਕਰਨ ਦਾ ਮੌਕਾ ਦੇਣਾ ਪ੍ਰਸ਼ੰਸਾਯੋਗ ਹੈ।
ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਸ੍ਰੀ ਰਾਜਕੁਮਾਰ, ਸ੍ਰੀ ਰੂੜ ਸਿੰਘ, ਸ੍ਰੀ ਲਖਵੀਰ ਸਿੰਘ, ਸ੍ਰੀ ਅਮਰਦੀਪ ਸਿੰਘ, ਸ੍ਰੀ ਸੰਜੀਵ ਭੱਟੀ, ਸ੍ਰੀ ਸਾਹਿਲ ਸਰਦਾਨਾ ਅਤੇ ਸ੍ਰੀ ਸੁਮਿਤ ਸਲੂਜਾ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀਆਂ ਸਵੀਪ ਟੀਮਾਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।
ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਚੋਣ ਤਹਿਸੀਲਦਾਰ ਸ੍ਰੀ ਵਿਭੂ ਜੈਨ ਵੱਲੋਂ ਕੀਤਾ ਗਿਆ।