November 22, 2026

Justice News

ਅਵਾਮ ਦੀ ਆਵਾਜ਼

2027 ‘ਚ ਅਕਾਲੀ ਸਰਕਾਰ ਆਉਣ ‘ਤੇ ਟਕਸਾਲੀ ਆਗੂਆਂ ਦੀ ਬੋਲੇਗੀ ਤੂਤੀ, ਦਲ-ਬਦਲੂਆਂ ਦੀ ਪਾਰਟੀ ‘ਚ ਕੋਈ ਥਾਂ ਨਹੀਂ- ਰਾਜਾ ਲਦੇਹ

Oplus_131072

 

ਅੰਮ੍ਰਿਤਸਰ, 
(ਰਣਜੀਤ ਸਿੰਘ ਮਸੌਣ/ ਸੁਰਿੰਦਰ ਸੋਨੂੰ):
“2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਪੂਰੀ ਤਰ੍ਹਾਂ ਤੈਅ ਹੈ ਅਤੇ ਸੂਬੇ ਦੇ ਲੋਕ ਹੁਣ ਸਿਰਫ਼ ਅਗਲੇ 2 ਮਹੀਨਿਆਂ ਦੀ ਉਡੀਕ ਵਿੱਚ ਹਨ। ਸਰਕਾਰ ਬਣਦਿਆਂ ਸਾਰ ਹੀ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਤੂਤੀ ਬੋਲੇਗੀ, ਜਦਕਿ ਪਾਰਟੀ ਛੱਡ ਕੇ ਸੱਤਾ ਦੇ ਨਜ਼ਾਰੇ ਲੈਣ ਵਾਲੇ ਦਲ-ਬਦਲੂਆਂ ਦੀ ਅਕਾਲੀ ਦਲ ਵਿੱਚ ਕੋਈ ਜਗ੍ਹਾ ਨਹੀਂ ਹੋਵੇਗੀ।”
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸ. ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਅੱਜ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।
       ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਵੱਲੋਂ ਆਪਣੇ ਗ੍ਰਹਿ ਵਿਖੇ ਪਹੁੰਚੇ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਕਸ਼ਮੀਰ ਸਿੰਘ ਟੋਨੀ ਚਾਕਾਂਵਾਲੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਤੌਰ ‘ਤੇ ਮਾਣ-ਸਨਮਾਨ ਕੀਤਾ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ. ਰਾਜਾ ਲਦੇਹ ਨੇ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਸੂਬੇ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਤੇ ਪ੍ਰੇਸ਼ਾਨ ਹੈ।
         ਉਨ੍ਹਾਂ ਐਲਾਨ ਕੀਤਾ ਕਿ ਅਗਲੇ ਸਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਸਾਰ ਹੀ ਪਹਿਲ ਦੇ ਆਧਾਰ ‘ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਮੈਨੀਫੈਸਟੋ ਵਿੱਚ ਜੋ ਵੀ ਵਾਅਦੇ ਕਰੇਗਾ, ਉਨ੍ਹਾਂ ਨੂੰ ‘ਆਪ’ ਸਰਕਾਰ ਵਾਂਗ ਆਖ਼ਰੀ ਸਾਲ ਦੀ ਬਜਾਏ ਸਹੁੰ ਚੁੱਕਦਿਆਂ ਸਾਰ ਹੀ ਪਹਿਲੇ ਦਿਨ ਤੋਂ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ।
ਸ. ਰਾਜਾ ਲਦੇਹ ਨੇ ਸਖ਼ਤ ਲਹਿਜ਼ੇ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਜਿਹੜੇ ਵੀ ਅਕਾਲੀ ਆਗੂਆਂ ਅਤੇ ਵਰਕਰਾਂ ‘ਤੇ ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚੇ ਦਰਜ ਕੀਤੇ ਗਏ ਹਨ, ਸਰਕਾਰ ਆਉਣ ‘ਤੇ ਉਨ੍ਹਾਂ ਸਾਰਿਆਂ ਦਾ ਪੂਰਾ ਹਿਸਾਬ-ਕਿਤਾਬ ਕੀਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਦੇ ਔਖੇ ਸਮੇਂ ਵਿੱਚ ਚੱਟਾਨ ਵਾਂਗ ਡਟ ਕੇ ਸਾਥ ਦੇਣ ਵਾਲੇ ਟਕਸਾਲੀ ਯੋਧਿਆਂ ਨੂੰ ਸਰਕਾਰ ਵਿੱਚ ਬਣਦਾ ਪੂਰਾ ਮਾਣ-ਸਨਮਾਨ ਅਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *

Copyright © All rights reserved. | Newsphere by AF themes.