November 22, 2026

Justice News

ਅਵਾਮ ਦੀ ਆਵਾਜ਼

ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਲੁਧਿਆਣਾ ਦੇ ਐਮਐਸਐਮਈ ਉਦਯੋਗਾਂ ਨੂੰ ਬਰਬਾਦੀ ਦੇ ਕੰਢੇ ਧੱਕ ਰਹੀਆਂ ਹਨ: ਦੀਵਾਨ

ਲੁਧਿਆਣਾ
  ( ਜਸਟਿਸ ਨਿਊਜ਼   )
ਕਦੇ ਪੰਜਾਬ ਦੀ ਉਦਯੋਗਿਕ ਰਾਜਧਾਨੀ ਅਤੇ ‘ਭਾਰਤ ਦਾ ਮੈਨਚੈਸਟਰ’ ਵਜੋਂ ਜਾਣਿਆ ਜਾਣ ਵਾਲਾ ਲੁਧਿਆਣਾ ਅੱਜ ਉਦਯੋਗਿਕ ਸੰਕਟ ਦੇ ਡੂੰਘੇ ਦੌਰ ਵਿੱਚੋਂ ਲੰਘ ਰਿਹਾ ਹੈ, ਜਿੱਥੇ ਖਸਤਾ ਹਾਲ ਬੁਨਿਆਦੀ ਢਾਂਚਾ, ਬਿਜਲੀ ਦੀ ਲਗਾਤਾਰ ਕਮੀ, ਉਤਪਾਦਨ ਲਾਗਤਾਂ ਵਿੱਚ ਭਾਰੀ ਵਾਧਾ, ਨਿਯਮਾਂ ਸਬੰਧੀ ਅੜਿੱਕੇ ਅਤੇ ਘਟਦੀ ਉਦਯੋਗਿਕ ਮੁਕਾਬਲੇਬਾਜ਼ੀ ਨੇ ਉਦਯੋਗਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਲੜੀ ਹੇਠ, ਉਦਯੋਗਿਕ ਇਲਾਕਿਆਂ ਵਿੱਚ ਟੁੱਟੀਆਂ ਸੜਕਾਂ, ਓਵਰਫਲੋ ਹੁੰਦੇ ਸੀਵਰੇਜ, ਕੂੜੇ ਦੇ ਮਾੜੇ ਪ੍ਰਬੰਧਾਂ ਤੋਂ ਲੈ ਕੇ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਲੰਬੇ ਬਿਜਲੀ ਕੱਟ, ਮਹਿੰਗੀਆਂ ਬਿਜਲੀ ਦਰਾਂ ਅਤੇ ਕੱਚੇ ਮਾਲ ਦੀਆਂ ਵਧਦੀਆਂ ਲਾਗਤਾਂ ਤੱਕ, ਸ਼ਹਿਰ ਦਾ ਉਦਯੋਗ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।
ਇੱਥੇ ਜਾਰੀ ਇੱਕ ਤਿੱਖੇ ਬਿਆਨ ਵਿੱਚ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਦੇ ਪੰਜਾਬ ਦੇ ਨਿਰਮਾਣ ਖੇਤਰ ਦਾ ਮਾਣ ਰਹੇ ਲੁਧਿਆਣਾ ਦੇ ਐਮਐਸਐਮਈ ਉਦਯੋਗ ਅੱਜ ਕਈ ਮੋਰਚਿਆਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਐਮਐਸਐਮਈ ਉਦਯੋਗ ਪਹਿਲਾਂ ਹੀ ਮੁਸ਼ਕਲਾਂ ਨਾਲ ਜੂਝ ਰਿਹਾ ਹੈ, ਉੱਪਰੋਂ ਲਗਭਗ 12 ਰੁਪਏ ਪ੍ਰਤੀ ਯੂਨਿਟ ਦੀਆਂ ਬੇਹੱਦ ਮਹਿੰਗੀਆਂ ਬਿਜਲੀ ਦਰਾਂ ਅਤੇ ਵਧਦੀਆਂ ਰੈਗੂਲੇਟਰੀ ਰੁਕਾਵਟਾਂ ਨੇ ਸੰਕਟ ਨੂੰ ਹੋਰ ਡੂੰਘਾ ਕਰ ਦਿੱਤਾ ਹੈ।
ਦੀਵਾਨ ਨੇ ਕਿਹਾ ਕਿ ਜਿੱਥੇ ਉਦਯੋਗਿਕ ਇਕਾਈਆਂ ਆਪਣੀ ਮੁਕਾਬਲੇਬਾਜ਼ੀ ਬਰਕਰਾਰ ਰੱਖਣ ਲਈ ਜੱਦੋ-ਜਹਿਦ ਕਰ ਰਹੀਆਂ ਹਨ, ਉੱਥੇ ਹੀ ਵੱਡੀ ਗਿਣਤੀ ਵਿੱਚ ਉਦਯੋਗਪਤੀ ਪੰਜਾਬ ਤੋਂ ਬਾਹਰ ਆਪਣੇ ਕਾਰੋਬਾਰ ਤਬਦੀਲ ਕਰਨ ਬਾਰੇ ਵਿਚਾਰ ਕਰ ਰਹੇ ਹਨ। ਇਸ ਕਾਰਨ ਸ਼ਹਿਰ ਦੇ ਉਦਯੋਗਿਕ ਆਧਾਰ ਦੇ ਹੌਲੀ-ਹੌਲੀ ਖੋਖਲਾ ਹੋਣ ਦਾ ਖ਼ਤਰਾ ਸਾਫ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਬੇਹੱਦ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਐਮਐਸਐਮਈ ਖੇਤਰ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿੱਥੇ ਸੜਕਾਂ ਟੁੱਟੀਆਂ ਪਈਆਂ ਹਨ, ਸੀਵਰੇਜ ਦਾ ਪਾਣੀ ਸੜਕਾਂ ’ਤੇ ਵਹਿ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੀ ਭਾਰੀ ਘਾਟ ਹੈ।
ਉਨ੍ਹਾਂ ਨੇ ਉਦਯੋਗਪਤੀਆਂ ਦੇ ਸਬਰ ਦਾ ਬੰਨ੍ਹ ਟੁੱਟਣ ਦੀ ਚਿਤਾਵਨੀ ਦਿੰਦਿਆਂ, ਕਿਹਾ ਕਿ ਕਈ ਫੈਕਟਰੀ ਮਾਲਕਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਜੇਕਰ ਬੁਨਿਆਦੀ ਨਾਗਰਿਕ ਸਹੂਲਤਾਂ ਅਤੇ ਢਾਂਚੇ ਨੂੰ ਤੁਰੰਤ ਅਪਗ੍ਰੇਡ ਨਾ ਕੀਤਾ ਗਿਆ, ਤਾਂ ਉਹ ਆਪਣਾ ਨਿਵੇਸ਼ ਅਤੇ ਨਿਰਮਾਣ ਇਕਾਈਆਂ ਉਦਯੋਗ ਪੱਖੀ ਹੋਰਨਾਂ ਸੂਬਿਆਂ ਵਿੱਚ ਤਬਦੀਲ ਕਰਨ ਲਈ ਮਜਬੂਰ ਹੋ ਸਕਦੇ ਹਨ। ਇਸੇ ਤਰ੍ਹਾਂ, ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਮਿਕਸਡ ਲੈਂਡ ਯੂਜ਼ ਨਾਲ ਜੁੜੇ ਮਸਲੇ ਲੰਬੇ ਸਮੇਂ ਤੋਂ ਹੱਲ ਨਹੀਂ ਹੋ ਰਹੇ। ਇਸ ਤੋਂ ਇਲਾਵਾ, ਗੁੰਝਲਦਾਰ ਨਿਯਮਾਂ ਅਤੇ ਸਰਕਾਰੀ ਦਫ਼ਤਰਾਂ ਦੀ ਲਾਲਫੀਤਾਸ਼ਾਹੀ ਕਾਰਨ ਛੋਟੇ ਅਤੇ ਲਘੂ ਉਦਯੋਗਾਂ ਦਾ ਵਿਕਾਸ ਰੁਕਿਆ ਹੋਇਆ ਹੈ, ਜਿਸ ਨਾਲ ਉਦਯੋਗਪਤੀਆਂ ਵਿੱਚ ਵਿਆਪਕ ਨਿਰਾਸ਼ਾ ਪਾਈ ਜਾ ਰਹੀ ਹੈ।
ਦੀਵਾਨ ਨੇ ਕਿਹਾ ਕਿ ਐਮਐਸਐਮਈ ਉਦਯੋਗ ਹਰ ਪਾਸਿਓਂ ਦਬਾਅ ਹੇਠ ਹੈ। ਜਿੱਥੇ ਲਾਗਤਾਂ ਲਗਾਤਾਰ ਵਧ ਰਹੀਆਂ ਹਨ, ਉੱਥੇ ਹੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਗਲਤ ਨੀਤੀਆਂ ਨੇ ਐਮਐਸਐਮਈ ਉਦਯੋਗਾਂ ਲਈ ਆਪਣੀ ਹੋਂਦ ਬਰਕਰਾਰ ਰੱਖਣਾ ਵੀ ਮੁਸ਼ਕਲ ਬਣਾ ਦਿੱਤਾ ਹੈ, ਜਦਕਿ ਇਹ ਉਦਯੋਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਨੇ ਲੁਧਿਆਣਾ ਦੇ ਐਮਐਸਐਮਈ ਖੇਤਰ ਨੂੰ ਬਰਬਾਦੀ ਦੇ ਕੰਢੇ ’ਤੇ ਪਹੁੰਚਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਨਿਰਮਾਣ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਅਤੇ ਰੁਜ਼ਗਾਰ ਦਾ ਵੱਡਾ ਸਰੋਤ ਹੋਣ ਦੇ ਬਾਵਜੂਦ ਐਮਐਸਐਮਈ ਖੇਤਰ ਅੱਜ ਬਾਜ਼ਾਰ ਦੇ ਉਤਰਾਅ-ਚੜ੍ਹਾਅ ਪ੍ਰਤੀ ਲਗਾਤਾਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਖੇਤਰ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.