ਜ਼ਿਲ੍ਹਾ ਮੋਗਾ ਵਿੱਚ ਵਿਸ਼ੇਸ਼ ਕੈਂਪਾਂ ਦੌਰਾਨ 838 ਇੰਤਕਾਲਾਂ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ

ਮੋਗਾ::::::::::::::::: – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਅੱਜ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਉਹਨਾਂ ਦਾ ਨਿਪਟਾਰਾ ਕੀਤਾ ਗਿਆ। ਅੱਜ ਇਕ ਦਿਨ ਵਿੱਚ 838 ਮਾਮਲੇ ਨਿਪਟਾਏ ਗਏ।
ਉਹਨਾਂ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 5 ਜਨਵਰੀ ਤੱਕ ਜ਼ਿਲ੍ਹਾ ਮੋਗਾ ਵਿੱਚ 2284 ਮਾਮਲੇ ਬਕਾਇਆ ਸਨ, ਜਿੰਨਾਂ ਵਿੱਚੋਂ ਅੱਜ 838 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਾਕੀ ਰਹਿੰਦੇ ਮਾਮਲੇ ਵੀ ਜਲਦ ਤੋਂ ਜਲਦ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਅੱਜ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ 350 ਲੋਕਾਂ ਨੇ ਵੀ ਹਾਜ਼ਰੀ ਭਰੀ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਛੁੱਟੀ ਵਾਲੇ ਦਿਨ ਕੇਵਲ ਬਕਾਇਆ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੀ ਇਸ ਵਿਸ਼ੇਸ਼ ਮੁਹਿੰਮ ਨਾਲ ਉਨ੍ਹਾਂ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ, ਜਿਨ੍ਹਾਂ ਦੇ ਇੰਤਕਾਲ ਕਿਸੇ ਨਾ ਕਿਸੇ ਵਜ੍ਹਾ ਨਾਲ ਲੰਬਿਤ ਪਏ ਸਨ। ਉਹਨਾਂ ਨੇ ਅੱਗੇ ਦੱਸਿਆ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ‘ਤੇ ਭੇਜ ਸਕਦੇ ਹਨ।

Leave a Reply

Your email address will not be published.


*