ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ



ਮੋਗਾ
ਨਵਾਂ ਸਾਲ-2024 ਦੀ ਸੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਡੀ.ਆਈ.ਜੀ. ਸ੍ਰ. ਇੰਦਰਬੀਰ ਸਿੰਘ, ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕਸ਼ੀਲ ਸੋਨੀ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਤੇ ਸ੍ਰੀਮਤੀ ਚਾਰੂ ਮਿਤਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਸ੍ਰ. ਪ੍ਰਭਦੀਪ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਹਾਜ਼ਰੀਆਂ ਭਰ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ/ਕ੍ਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ ‘ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ਼ ਕੀਤੀ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ, ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ ‘ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।
ਸ੍ਰ. ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਆਓ ਅਸੀਂ ਸਾਰੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪ੍ਰਾਮਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ-2024 ਕੁਦਰਤੀ ਆਫ਼ਤਾਂ ਤੋਂ ਬਗੈਰ ਸੁਖੀ ਸਾਂਦੀ ਬਤੀਤ ਹੋਵੇ। ਅਖੀਰ ਵਿੱਚ ਚਾਹ, ਪ੍ਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

Leave a Reply

Your email address will not be published.


*