ਪੰਜਾਬੀ ਭਾਸ਼ਾ ਸੰਬੰਧੀ ਐਕਟ ਦੀ ਉਲੰਘਣਾ ਕਰਨ ’ਤੇ ਹੋਵੇਗਾ ਜੁਰਮਾਨਾ-ਜ਼ਿਲ੍ਹਾ ਭਾਸ਼ਾ ਅਫ਼ਸਰ

ਮਾਨਸਾ::::::::::::::
ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਹਿੱਤ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨਿੱਘਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ-2023 ਹੋਂਦ ਵਿਚ ਲਿਆਂਦਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਐਕਟ ਪੰਜਾਬ ਰਾਜ ਵਿੱਚ ਸਥਿਤ ਸਮੂਹ ਦੁਕਾਨਾਂ ਅਤੇ ਅਦਾਰਿਆਂ ’ਤੇ ਲਾਗੂ ਹੁੰਦਾ ਹੈ। ਇਸ ਐਕਟ ਅਨੁਸਾਰ ਸੰਬੰਧਤ ਦੁਕਾਨ ਜਾਂ ਅਦਾਰੇ ਦਾ ਨਾਮ ਸਭ ਤੋਂ ਉੱਪਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਿਆ ਜਾਣਾ ਯਕੀਨੀ ਬਣਾਉਣਾ ਹੈ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ। ਪੰਜਾਬੀ ਭਾਸ਼ਾ ਵਿੱਚ ਲਿਖੇ ਨਾਮ ਨੂੰ ਬਾਕੀ ਭਾਸ਼ਾਵਾਂ ਨਾਲੋਂ (ਜੇਕਰ ਹੋਣ) ਵੱਧ ਥਾਂ ਦੇ ਕੇ ਮੁੱਖ ਤੌਰ ’ਤੇ ਲਿਖਿਆ ਜਾਵੇ।
ਉਨ੍ਹਾਂ ਦੱਸਿਆ ਕਿ ਐਕਟ ਦੀ ਪਹਿਲੀ ਵਾਰ ਉਲੰਘਣਾ ਕਰਨ ’ਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹਰੇਕ ਉਲੰਘਣਾ ਲਈ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਸਮੂਹ ਕਾਰਜਸਾਧਕ ਅਫ਼ਸਰ ਸਮੂਹ ਨਗਰ ਕੌਂਸਲਾਂ, ਵਪਾਰ ਮੰਡਲ ਦੇ ਪ੍ਰਧਾਨਾਂ, ਬੈਂਕ ਦੇ ਮੈਨੇਜਰਾਂ, ਸਕੱਤਰ ਸਮੂਹ ਮਾਰਕੀਟ ਕਮੇਟੀਆਂ, ਪ੍ਰਾਈਵੇਟ ਸਕੂਲਾਂ ਅਤੇ ਨਗਰ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਮਾਤ ਭਾਸ਼ਾ ਦਾ ਬਣਦਾ ਸਤਿਕਾਰ ਕਾਇਮ ਰੱਖਣ ਵਿੱਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਬੰਧਤਾਂ ਨੂੰ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾ ਦਿੱਤਾ ਗਿਆ ਹੈ।

Leave a Reply

Your email address will not be published.


*