ਲੌਂਗੋਵਾਲ,18 ਮਈ (ਪੱਤਰ ਪ੍ਰੇਰਕ ) – ਜ਼ਿਲਾ ਸੰਗਰੂਰ ਦੇ ਸਮੂਹ ਬਲਾਕਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਨੀਂ ਦਿਨੀਂ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਪੰਜਾਬ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਸਮੇਂ ਸਮੇਂ ’ਤੇ ਇਨਾਂ ਕੈਂਪਾਂ ਦੀ ਸਫ਼ਲਤਾ ਲਈ ਵਿਭਾਗੀ ਪੱਧਰ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਵਰਜੀਤ ਵਾਲੀਆ ਸਮੇਤ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਇਨਾਂ ਕੈਂਪਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਪਿੰਡ ਬਹਾਦਰਪੁਰ ਵਿਖੇ ਆਯੋਜਿਤ ਤਕਨੀਕੀ ਸਿਖਲਾਈ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਧਰਤੀ ਹੇਠਲੇ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਪਾਣੀ, ਬਿਜਲੀ ਤੇ ਮਜ਼ਦੂਰੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਲੋੜ ਹੈ।
ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜਾਗਰੂਕਤਾ ਪੈਫਲਿਟਾਂ ਦੀ ਵੰਡ ਵੀ ਕੀਤੀ ਗਈ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਜੋ ਪਾਣੀ ਦੀ ਬੱਚਤ ਦੇ ਨਾਲ ਨਾਲ ਖੇਤੀ ਖਰਚਿਆਂ ਨੂੰ ਵੀ ਘਟਾਇਆ ਜਾ ਸਕੇ।
Leave a Reply