ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

ਬਠਿੰਡਾ ::::::::::::::::: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਦਸ ਟੀਮਾਂ (ਹਰੇਕ ਟੀਮ ਵਿੱਚ ਤਿੰਨ ਮੈਂਬਰ ਸ਼ਾਮਲ ਹਨ) ਦਾ ਗਠਨ ਕੀਤਾ ਗਿਆ ਹੈ। ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ।
ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਸ਼ੂ ਪਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਸਥਿਤੀ ‘ਤੇ 24 ਘੰਟੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਦਾ ਸਾਰਾ ਖਰਚ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਰਾਏਕੇ ਕਲਾਂ ਪਿੰਡ ਦੀ ਧਰਮਸ਼ਾਲਾ ਵਿੱਚ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ, ਬਠਿੰਡਾ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਸ.ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (ਐਫ.ਐਮ.ਡੀ) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ।
ਪਸ਼ੂਧਨ ਨੂੰ ਠੰਢ ਤੋਂ ਬਚਾਉਣ ਦੀ ਅਪੀਲ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਪਸ਼ੂਧਨ ਦੇ ਹੇਠਾਂ ਪਰਾਲੀ ਵਿਛਾਉਣ ਅਤੇ ਪਸ਼ੂਧਨ ਨੇੜੇ ਕਿਸੇ ਵੀ ਤਰ੍ਹਾਂ ਦੀ ਧੂੰਈਂ ਨਾ ਪਾਉਣ ਕਿਉਂਕਿ ਇਸ ਨਾਲ ਸਾਹ ਦੀ ਬਿਮਾਰੀ ਹੁੰਦੀ  ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਇਨਫੈਕਸ਼ਨ ਦੀ ਰੋਕਥਾਮ ਲਈ ਪਸ਼ੂਆਂ ਦੇ ਸ਼ੈਲਟਰਾਂ ਦੇ ਫਰਸ਼ ‘ਤੇ ਕੱਪੜੇ ਧੋਣ ਵਾਲੇ ਸੋਡੇ ਦਾ ਛਿੜਕਾਅ ਕਰਨ ਅਤੇ ਪਸ਼ੂਧਨ ਨੂੰ ਯੂਰੀਆ ਯੁਕਤ ਚਾਰਾ ਪਾਉਣ ਤੋਂ ਵੀ ਗੁਰੇਜ਼ ਕਰਨ। ਬਾਇਓਸਕਿਊਰਿਟੀ ਉਪਾਅ ਤਹਿਤ ਪਸ਼ੂਆਂ ਨੂੰ ਇੱਕ ਤੋਂ ਦੂਜੀ ਥਾਂ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਸਹਾਇਕ ਡਾਇਰੈਕਟਰ ਡਾ. ਨਿਰਮਲ ਸਿੰਘ ਬੀਕਾ, ਸਹਾਇਕ ਡਾਇਰੈਕਟਰ ਡਾ. ਲਖਵਿੰਦਰ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ ਜਤਿੰਦਰ ਭੱਲਾ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਅਤੇ ਡਾਕਟਰੀ ਟੀਮਾਂ ਆਦਿ ਹਾਜ਼ਰ ਸਨ।

Leave a Reply

Your email address will not be published.


*