ਮੋਗਾ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਦਾਣਾ ਮੰਡੀ ਮੋਗਾ ਵਿਖੇ ਹੋਈ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹੱਸਲ ਵਿੱਚ ਉਨ੍ਹਾਂ ਅੱਜ ਸ਼ਿਰਕਤ ਕੀਤੀ। ਇਸ ਸਮੇਂ ਉਨ੍ਹਾਂ ਨਾਲ ਡੀ.ਆਈ.ਜੀ. ਸ੍ਰ. ਮਨਦੀਪ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ, ਐਸ.ਡੀ.ਐਮ. ਸ੍ਰੀਮਤੀ ਚਾਰੂ ਮਿਤਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਸਮੇਂ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ। ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਗਿੱਧਾ ਅਤੇ ਭੰਗੜੇ ਨਾਲ ਸਬੰਧਤ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ। ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬਲਕਾਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।
ਡਿਪਟੀ ਕਮਿਸ਼ਨਰ ਵੱਲੋਂ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਤੋਂ ਬਾਅਦ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ ਅਤੇ ਰਿਹਰਸਲ ਵਿੱਚ ਨੋਟ ਕੀਤੀਆਂ ਛੋਟੀਆਂ ਮੋਟੀਆਂ ਗਲਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਵਾਰ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਵੀ ਪੇਸ਼ ਕੀਤਾ ਜਾਵੇਗਾ। ਪੂਰੇ ਜੋਸ਼ ਤੇ ਉਤਸ਼ਾਹ ਨਾਲ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਤੋਂ ਇਲਾਵਾ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ।
Leave a Reply