ਨਵਾਂਸ਼ਹਿਰ:::::::::::::::::::::::::
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਹਦਾਇਤਾਂ ‘ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ 6 ਫਰਵਰੀ 2024 ਤੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਪਿੰਡਾਂ ਵਿੱਚ ਸੁਵਿਧਾ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸੁਵਿਧਾ ਕੈਂਪ ਲਗਾਏ ਜਾਣਗੇ ਅਤੇ ਕੈਂਪਾਂ ਵਿੱਚ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਵਿਧਾ ਕੈਂਪ ‘ਚ ਆਪਣੇ ਮਸਲੇ, ਸ਼ਿਕਾਇਤਾਂ ਜਾਂ ਕੋਈ ਹੋਰ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਮੌਕੇ ‘ਤੇ ਹੀ ਬਣਦੀ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।
Leave a Reply