‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਭਰ ‘ਚ ਆਰੰਭ ਹੋਣਗੇ ਲੜੀਵਾਰ ਕੈਂਪ: ਜਤਿੰਦਰ ਜੋਰਵਾਲ

ਸੰਗਰੂਰ::::::::::::::::::::::::: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 6 ਫਰਵਰੀ ਤੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲਤਾ ਦਾ ਜਾਮਾ ਪਹਿਨਾਉਣ ਲਈ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਰੋਜ਼ਾਨਾ 28 ਕੈਂਪ ਲਗਾਏ ਜਾਣਗੇ ਜਿਸ ਤਹਿਤ ਹਰ ਸਬ ਡਵੀਜ਼ਨ ਵਿੱਚ ਰੋਜ਼ਾਨਾ 4 ਕੈਂਪਾਂ ਦਾ ਆਯੋਜਨ ਕਰਦੇ ਹੋਏ ਹਰ ਪਿੰਡ ਅਤੇ ਸ਼ਹਿਰੀ ਵਾਰਡ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਰਕਾਰੀ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਵੀ ਮੌਕੇ ‘ਤੇ ਹੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨਜ਼ਦੀਕ ਹੀ ਸਰਵੋਤਮ ਪ੍ਰਸ਼ਾਸ਼ਨਿਕ ਸੇਵਾਵਾਂ ਅਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਿਰਧਾਰਿਤ ਕੀਤੇ ਟੀਚਿਆਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਆਪਣੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਲੋਕਾਂ ਦੇ ਬੈਠਣ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਿਨੈ ਪੱਤਰਾਂ ਦੇ ਇੰਦਰਾਜ਼, ਸਾਫ਼ ਸਫਾਈ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਸਬੰਧਤ ਡੀ.ਐਸ.ਪੀਜ਼ ਨਾਲ ਤਾਲਮੇਲ ਰੱਖਦੇ ਹੋਏ ਇਨ੍ਹਾਂ ਕੈਂਪਾਂ ਦੀ ਨਿਰੰਤਰ ਨਿਗਰਾਨੀ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕੈਂਪ ਲਗਾਉਣ ਵਾਲੇ ਅਧਿਕਾਰੀ ਤੇ ਕਰਮਚਾਰੀ ਲੋਕਾਂ ਦੀ ਸੁਵਿਧਾ ਲਈ ਸਬੰਧਤ ਪਿੰਡਾਂ, ਕਸਬਿਆਂ ਤੇ ਸ਼ਹਿਰੀ ਖੇਤਰਾਂ ਵਿੱਚ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੋਰ ਸਾਧਨਾਂ ਰਾਹੀਂ ਕੈਂਪਾਂ ਬਾਰੇ ਅਗੇਤੇ ਤੌਰ ‘ਤੇ ਜਾਗਰੂਕਤਾ ਨੂੰ ਯਕੀਨੀ ਬਣਾਉਣਗੇ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਕੈਂਪਾਂ ਦਾ ਲਾਭ ਹਾਸਲ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਸੇਵਾ ਕੇਂਦਰ ਦੇ ਕਰਮਚਾਰੀ ਵੀ ਤਾਇਨਾਤ ਰਹਿਣਗੇ ਅਤੇ ਮੌਕੇ ‘ਤੇ ਸੇਵਾ ਕੇਂਦਰ ਨਾਲ ਸਬੰਧਤ ਸੇਵਾਵਾਂ ਬਾਰੇ ਲੋਕਾਂ ਨੂੰ ਸੇਧ ਦੇਣੀ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਪੁਲਿਸ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਤੇ ਸੇਵਾਵਾਂ ਪ੍ਰਦਾਨ ਲਈ ਪੁਲਿਸ ਅਧਿਕਾਰੀ ਵੀ ਕੈਂਪਾਂ ਵਿੱਚ ਤਾਇਨਾਤ ਰਹਿਣਗੇ।

Leave a Reply

Your email address will not be published.


*