ਮੋਗਾ ( Manpreet singh)
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਆਪ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹਾ ਮੋਗਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ।ਇੱਕ ਸਬ ਡਿਵੀਜ਼ਨ ਵਿੱਚ ਰੋਜ਼ਾਨਾ 4 ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ। ਅੱਜ ਹਲਕਾ ਮੋਗਾ ਦੇ ਪਿੰਡ ਝੰਡੇਵਾਲਾ, ਮੰਡੀਰਾਂਵਾਲਾ, ਬੁੱਕਣ ਵਾਲਾ, ਮੋਠਾਂਵਾਲੀ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ, ਮਹਿਦੇਵਕੇ, ਨਿਹਾਲ ਸਿੰਘ ਵਾਲਾ ਦੇ ਵਾਰਡ ਨੰਬਰ 5,6,7,8 ਹਲਕਾ ਬਾਘਾਪੁਰਾਣਾ ਦੇ ਪਿੰਡ ਬੁੱਧ ਸਿੰਘ ਵਾਲਾ, ਚੰਨੂਵਾਲਾ, ਵਾਰਡ ਨੰਬਰ 1 ਤੇ 2 ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਕਮਾਲਕੇ, ਕਾਵਾਂਵਾਲਾ, ਜੀਂਦੜਾ, ਠੂਠਗੜ੍ਹ, ਬਸਤੀ ਚਿਰਾਗ ਸ਼ਾਹ, ਢੋਲੇਵਾਲਾ ਵਿਖੇ ਇਹ ਕੈਂਪ ਆਯੋਜਿਤ ਕਰਵਾਏ ਗਏ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਦੇ 16 ਕੈਂਪਾਂ ਨੂੰ ਵੀ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। 2500 ਤੋਂ ਵਧੇਰੇ ਲੋਕਾਂ ਨੇ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਸਰਕਾਰੀ ਸਕੀਮਾਂ ਦਾ ਲਾਹਾ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸ਼ੇਸ਼ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਪਿੰਡ ਤੇ ਹਰੇਕ ਵਾਰਡ ਵਿੱਚ ਲਗਾਏ ਜਾਣਗੇ, ਜਿਹਨਾਂ ਦਾ ਅਗਾਊਂ ਸ਼ਡਿਊਲ ਲੋਕਾਂ ਤੱਕ ਪਹਿਲਾਂ ਤੋਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਂਝਾ ਕੀਤਾ ਜਾ ਰਿਹਾ ਹੈ।
Leave a Reply