ਕਿਲਾ ਰਾਏਪੁਰ (ਲੁਧਿਆਣਾ), (Harjinder/VijY bHAMRI/RAHUL) – ਪੇਂਡੂ ਓਲੰਪਿਕ ਦੇ ਨਾਂ ਨਾਲ ਵਿਸ਼ਵ ਪ੍ਰਸਿੱਧ, ਕਿਲਾ ਰਾਏਪੁਰ ਦੀਆਂ ਖੇਡਾਂ ਦੀ ਰਸਮੀ ਸ਼ੁਰੂਆਤ, ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਬੜੇ ਹੀ ਜੋਸ਼-ਖਰੋਸ਼ ਨਾਲ ਕੀਤੀ ਗਈ।
ਵਿਧਾਇਕ ਸੰਗੋਵਾਲ ਅਤੇ ਸਾਹਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਪਹਿਲਾਂ ਹੀ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਵਾਰ ਇਨ੍ਹਾਂ ਇਤਿਹਾਸਕ ਖੇਡਾਂ ਦਾ ਆਯੋਜਨ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਹੁਲਾਰਾ ਦੇਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਹ ਖੇਡਾਂ ਯਕੀਨੀ ਤੌਰ ‘ਤੇ ਪੰਜਾਬ ਦੇ ਹਰ ਕੋਨੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਸਕਾਰਾਤਮਕ ਨਤੀਜੇ ਲਿਆਉਣਗੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖੇਡਾਂ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨਗੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਸ਼ਾਨਦਾਰ ਸਮਾਗਮ ਨੂੰ ਦੇਖਣ ਲਈ ਸਟੇਡੀਅਮ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਓਲੰਪਿਕ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਹੋਰਾਂ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ।
ਬਾਅਦ ਵਿੱਚ ਉਨ੍ਹਾਂ ਸਟੇਡੀਅਮ ਵਿੱਚ ਪੰਜਾਬੀ ਵਿਰਸੇ ਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ ਅਤੇ ਕਿਹਾ ਕਿ ਇੱਥੇ ਅਮੀਰ ਪੰਜਾਬੀ ਸੱਭਿਆਚਾਰ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਉਨ੍ਹਾਂ ਸੈਲਫ ਹੈਲਪ ਗਰੁੱਪਾਂ ਦੇ ਸਟਾਲਾਂ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਸਟਾਲਾਂ ਤੋਂ ਕੁਝ ਉਤਪਾਦ ਖਰੀਦੇ।
ਉੱਘੇ ਪੰਜਾਬੀ ਗਾਇਕ ਦੇਬੀ ਮਖਸੂਸਪੁਰੀ ਭਲਕੇ 13 ਫਰਵਰੀ ਸ਼ਾਮ 5 ਵਜੇ ਜਦਕਿ ਅਮ੍ਰਿਤ ਮਾਨ 14 ਫਰਵਰੀ ਨੂੰ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨੋਰੰਜਨ ਕਰਨਗੇ।
Leave a Reply