ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਸੁਵਿਧਾ ਪ੍ਰਦਾਨ ਕਰਨਾ ਸਿਹਤ ਖੇਤਰ ’ਚ ਵੱਡਾ ਕ੍ਰਾਂਤੀਕਾਰੀ ਕਦਮ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਵਾਨੀਗੜ੍ਹ  (ਮਨਦੀਪ ਕੌਰ (ਮਨਦੀਪ ਕੌਰ ਮਾਝੀ) ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਦੇ ਐਮਰਜੈਂਸੀ ਵਾਰਡ ਵਿਖੇ ਨਵੀਂ ਅਤਿ ਆਧੁਨਿਕ ਡਾਇਲਸਿਸ ਮਸ਼ੀਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਾਇਲਸਿਸ ਕਰਵਾਉਣ ਲਈ ਆਉਂਦੇ ਮਰੀਜ਼ਾਂ ਨੂੰ ਇਸ ਅਤਿ ਆਧੁਨਿਕ ਮਸ਼ੀਨ ਦੇ ਸਥਾਪਤ ਹੋਣ ਨਾਲ ਵੱਡੀ ਰਾਹਤ ਮਿਲੇਗੀ ਅਤੇ ਡਾਇਲਸਿਸ ਦੀ ਵਾਰੀ ਸਬੰਧੀ ਪਹਿਲਾਂ ਬਣਦੀ ਉਡੀਕ ਸੂਚੀ ਦਾ ਮੁਕੰਮਲ ਤੌਰ ’ਤੇ ਖਾਤਮਾ ਹੋ ਜਾਵੇਗਾ ਕਿਉਂਕਿ ਇਥੇ ਹੁਣ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਹੋਰ ਵੀ ਬਿਹਤਰ ਡਾਇਲਸਿਸ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਅਦਾਕਾਰ ਕਰਮਜੀਤ ਅਨਮੋਲ ਅਤੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਮਸ਼ੀਨ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਸਪਤਾਲ ਵਿਖੇ ਸਥਾਪਤ ਕੀਤੀ ਗਈ ਇਹ 5ਵੀਂ ਡਾਇਲਸਿਸ ਮਸ਼ੀਨ ਹੈ ਜਿਸ ਨਾਲ ਹੁਣ ਦੋ ਸ਼ਿਫਟਾਂ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਰਾਤ 8 ਵਜੇ ਤੱਕ ਡਾਇਲਸਿਸ ਕੀਤਾ ਜਾ ਸਕੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਸਾਲ ਹੀ 26 ਜਨਵਰੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਖੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੀ ਸ਼ੁਰੂਆਤ ਕਰਕੇ ਇੱਕ ਕ੍ਰਾਂਤੀਕਾਰੀ ਕਦਮ ਚੁੱਕਿਆ ਗਿਆ ਹੈ ਜਿਸ ਨਾਲ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਰਾਹਤ ਤੋਂ ਬਾਅਦ ਸਿਵਲ ਹਸਪਤਾਲ ਸੰਗਰੂਰ ਵਿਖੇ ਓ.ਪੀ.ਡੀ ਸੇਵਾਵਾਂ ਹਾਸਲ ਕਰਨ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਪਿਛਲੇ ਸਾਲਾਂ ਨਾਲੋਂ ਵੱਡਾ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਕਰੀਬ 18 ਦਿਨਾਂ ਵਿੱਚ ਇਹ ਅੰਕੜਾ ਤੇਜ਼ੀ ਨਾਲ ਵਧਿਆ ਹੈ ਜਿਸ ਦੇ ਮੱਦੇਨਜ਼ਰ ਹੁਣ ਇਸ ਹਸਪਤਾਲ ਵਿਖੇ ਓ.ਪੀ.ਡੀ ਪਰਚੀ ਖਿੜਕੀਆਂ ਦੀ ਗਿਣਤੀ 1 ਤੋਂ ਵਧਾ ਕੇ 4 ਕਰ ਦਿੱਤੀ ਗਈ ਹੈ ਤਾਂ ਜੋ ਮਰੀਜ਼ਾਂ ਨੂੰ ਲੰਬੀਆਂ ਕਤਾਰਾਂ ਵਿੱਚ ਨਾ ਖੜ੍ਹਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਹਸਪਤਾਲ ਵਿਖੇ ਜਲਦੀ ਹੀ ਮਹਿਲਾ ਮਰੀਜ਼ਾਂ ਦੀ ਸਹੂਲਤ ਲਈ 2 ਨਵੀਂਆਂ ਪਰਚੀਆਂ ਖਿੜਕੀਆਂ ਵੀ ਖੋਲ੍ਹੀਆਂ ਜਾਣਗੀਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਵਲ ਹਸਪਤਾਲ ਸੰਗਰੂਰ ਵਿਖੇ ਸਥਾਪਤ ਸਟਰੋਕ ਯੂਨਿਟ ਵੀ ਅਧਰੰਗ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਜਿਥੇ ਮੁਫ਼ਤ ਅਤੇ ਮਿਆਰੀ ਇਲਾਜ ਸੁਵਿਧਾਵਾਂ ਸਦਕਾ ਇਹ ਯੂਨਿਟ ਰਾਜ ਦੇ ਹੋਰਨਾਂ ਅਜਿਹੇ 4 ਸਟਰੋਕ ਯੂਨਿਟਾਂ ਨਾਲੋਂ ਪਹਿਲੇ ਸਥਾਨ ’ਤੇ ਚੱਲ ਰਿਹਾ ਹੈ ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਖੁਦ ਵੀ ਸਮੇਂ ਸਮੇਂ ’ਤੇ ਹਸਪਤਾਲਾਂ ਦੀ ਕਾਰਗੁਜ਼ਾਰੀ ਅਤੇ ਹੋਰਨਾਂ ਜ਼ਰੂਰਤਾਂ ਦਾ ਜਾਇਜ਼ਾ ਲੈਂਦੇ ਰਹਿੰਦੇ ਹਨ ਤਾਂ ਜੋ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੱਡੇ ਕੀਰਤੀਮਾਨ ਸਥਾਪਤ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ 19 ਪ੍ਰਾਈਵੇਟ ਅਲਟਰਾਸਾਊਂਡ ਸੈਂਟਰਾਂ ਅਤੇ 20 ਐਕਸ-ਰੇਅ ਸੈਂਟਰਾਂ ਨੂੰ ਇਮਪੈਨਲਡ ਕੀਤਾ ਗਿਆ ਹੈ ਜਿਥੋਂ ਮਰੀਜ਼ ਸਰਕਾਰੀ ਰੇਟ ’ਤੇ ਇਹ ਸਹੂਲਤਾਂ ਲੈ ਸਕਣਗੇ ਇਸ ਮੌਕੇ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਲੋਕ ਸੇਵਾ ਦੀ ਇੱਕ ਵੱਡੀ ਮਿਸਾਲ ਹੈ ਜਿਸ ਨਾਲ ਲੋੜਵੰਦਾਂ ਨੂੰ ਲਾਭ ਮਿਲੇਗਾ। ਉਦਘਾਟਨ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਮੰਤਰੀ ਦੇ ਓ.ਐਸ.ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਚੇਅਰਮੈਨ ਇਨਫੋਟੈਕ ਗੁਨਿੰਦਰਜੀਤ ਸਿੰਘ ਜਵੰਦਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਆਗੂ ਗੁਲਜ਼ਾਰ ਸਿੰਘ ਬੋਬੀ, ਚਰਨਜੀਤ ਸਿੰਘ ਚੰਨੀ, ਸ਼ਕਤੀ ਸਿੰਘ ਆਦਿ ਵੀ ਹਾਜ਼ਰ ਸਨ।

Leave a Reply

Your email address will not be published.


*