August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਨੂੰ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

 ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖ਼ਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ’ਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ, ਬਾਅਦ ’ਚ ਉਸ ਦੀ ਬਦਲੀ ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਦੀ ਹੋ ਗਈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ’ਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.