September 7, 2026

Justice News

ਅਵਾਮ ਦੀ ਆਵਾਜ਼

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਅੰਮ੍ਰਿਤਸਰ        (ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ) ਪੰਜਾਬ ਵਿਜ਼ੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ਼ ਪੁਲਿਸ ਚੌਂਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਥਾਣਾ ਡਵੀਜ਼ਨ-ਬੀ, ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਏਐਸਆਈ ਰਾਜ ਕੁਮਾਰ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.