ਕਪੂਰਥਲਾ ( P.P).: ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦਨੇਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਸਾਰੇ ਐਸ.ਡੀ.ਐਮਜ਼ ਅਤੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.ਐਸ.ਪੀ ਵਤਸਲਾ ਗੁਪਤਾ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸੁਚੱਜੇ ਢੰਗ ਨਾਲ ਸਮੁੱਚੀ ਚੋਣ ਪ੍ਰਕਿਰਿਆ ਅਮਲ ਵਿਚ ਲਿਆਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਰ ਪੱਖੋਂ ਪੁਖਤਾ ਇੰਤਜ਼ਾਮ ਹੋਣੇ ਚਾਹੀਦੇ ਹਨ ਤਾਂ ਜੋ ਨਿਰਪੱਖ, ਪਾਰਦਰਸ਼ੀ ਅਤੇ ਆਜ਼ਾਦਾਨਾ ਢੰਗ ਨਾਲ ਵੋਟਾਂ ਪੈ ਸਕਣ। ਡਿਪਟੀ ਕਮਿਸ਼ਨਰ ਨੇ ਅਮਨ ਕਾਨੂੰਨ ਦੀ ਵਿਵਸਥਾ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਲੋੜੀਂਦਾ ਤਾਲਮੇਲ ਕਰਕੇ ਸੰਵੇਦਨਸ਼ੀਲ ਇਲਾਕਿਆਂ ਅਤੇ ਪੋਲਿੰਗ ਸਟੇਸ਼ਨਾਂ ਵਾਲੀਆਂ ਥਾਵਾਂ ’ਤੇ ਢੁਕਵੇਂ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਚੋਣ ਅਮਲੇ ਦੀਆਂ ਡਿਊਟੀਆਂ ਲਾਉਣ ਲਈ ਪ੍ਰਾਪਤ ਡਾਟਾ ਮੁਤਾਬਿਕ ਸਮੇਂ ਸਿਰ ਰੈਂਡਮਾਇਜੇਸ਼ਨ ਦੀ ਪ੍ਰਕਿਰਿਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਸਹਾਇਤਾ ਲਈ 2 ਵਲੰਟੀਅਰ ਪ੍ਰਤੀ ਪੋਲਿੰਗ ਸਟੇਸ਼ਨ ਨਿਯੁਕਤ ਕੀਤੇ ਜਾਣ।
ਚੋਣ ਅਮਲੇ ਨੂੰ ਲੋੜੀਂਦੀ ਟ੍ਰੇਨਿੰਗ ਦਿੱਤੇ ਜਾਣ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿਚ ਮਾਸਟਰ ਟ੍ਰੇਨਰ ਲਾਉਣ ਦੇ ਨਾਲ-ਨਾਲ ਪੋਲਿੰਗ ਪ੍ਰਸੋਨਲ ਦੀ ਟ੍ਰੇਨਿੰਗ ਬੈਚ ਬਣਾ ਕੇ ਕਰਵਾਈ ਜਾਵੇ। ਸਵੀਪ ਸਰਗਰਮੀਆਂ ਬਾਰੇ ਡਿਪਟੀ ਕਮਿਸ਼ਨਰ ਨੇ ਨੋਡਲ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸਕੂਲਾਂ-ਕਾਲਜਾਂ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਕੈਂਪ/ਸੈਮੀਨਾਰ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ, ਜਿਹੜੇ ਵਿਅਕਤੀ ਅਜੇ ਵੋਟਰ ਵਜੋਂ ਦਰਜ ਨਹੀਂ ਹੋਏ, ਉਨ੍ਹਾਂ ਦੇ ਫਾਰਮ ਨੰ:6 ਭਰਵਾ ਕੇ ਸਬੰਧਿਤ ਬੀ.ਐਲ.ਓ ਜਾਂ ਚੋਣਕਾਰ ਰਜਿਸਟਰੇਸ਼ਨ ਅਫਸਰ (ਐਸ.ਡੀ.ਐਮ) ਦੇ ਦਫਤਰ ਵਿਖੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਿਆਂ ਵਿਚ ਰੋਜ਼ਾਨਾ ਘੱਟੋ-ਘੱਟ ਇੱਕ ਸਵੀਪ ਗਤੀਵਿਧੀ ਜ਼ਰੂਰ ਕਰਵਾਈ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਘੱਟ ਵੋਟ ਫੀਸਦੀ ਵਾਲੇ ਪੋਲਿੰਗ ਸਟੇਸ਼ਨਾਂ ’ਤੇ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਵੋਟ ਫੀਸਦੀ ਵਿਚ ਵਾਧਾ ਹੋ ਸਕੇ।
ਚੋਣ ਜਾਬਤੇ ਦੇ ਐਲਾਨ ਉਪਰੰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਨਾਉਣ ਦੀ ਹਦਾਇਤ ਕਰਦਿਆਂ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਅਤੇ ਸਾਰੇ ਐਸ.ਡੀ.ਐਮਜ਼ ਆਪੋ-ਆਪਣੇ ਖੇਤਰਾਂ ਵਿਚ ਚੋਣ ਜਾਬਤੇ ਦੀ ਪਾਲਣਾ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਰਵਿਸ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਮਾਲ ਅਫਸਰ ਵਲੋਂ ਸਬੰਧਿਤ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਤਾਲਮੇਲ ਕਰਕੇ ਪੋਸਟਲ ਬੈਲੇਟ ਪੇਪਰ/ਈ.ਟੀ.ਪੀ.ਬੀ.ਐਸ. ਸਬੰਧਿਤ ਆਰਮੀ ਯੂਨਿਟਸ ਨੂੰ ਭੇਜਣ ਦੇ ਪ੍ਰਬੰਧ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਚੋਣ ਜ਼ਾਬਤਾ ਲਾਗੂ ਹੋ ਜਾਣ ਉਪਰੰਤ 1950 ਹੈਲਪਲਾਈਨ ਸ਼ੁਰੂ ਕੀਤੀ ਜਾਵੇਗੀ ਅਤੇ ਇਸ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ।
Leave a Reply